ਕੋਟਕਪੂਰਾ, 1 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਦੀਆਂ ਮੁਲਾਜਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਖਿਲਾਫ ਪੰਜਾਬ ਮੁਲਾਜਮ ਤੇ ਪੈਨਸ਼ਨਰਜ ਸਾਂਝਾ ਫਰੰਟ ਵਲੋਂ 2 ਅਕਤੂਬਰ ਨੂੰ ਸਵੇਰੇ ਠੀਕ 11:00 ਵਜੇ ਅੰਬਾਲਾ ਸ਼ਹਿਰ (ਹਰਿਆਣਾ) ਦੇ ਰੇਲਵੇ ਸਟੇਸ਼ਨ ਕੋਲ ਰੈਲੀ ਕੀਤੀ ਜਾ ਰਹੀ ਹੈ। ਰੈਲੀ ਤੋਂ ਬਾਅਦ ਅੰਬਾਲਾ ਸ਼ਹਿਰ ’ਚ ਝੰਡਾ ਮਾਰਚ ਕਰਕੇ ਕਾਰਪੋਰੇਟ ਘਰਾਣਿਆਂ ਦੀਆਂ ਕਠਪੁਤਲੀਆਂ ਰਾਜਨੀਤਿਕ ਪਾਰਟੀਆਂ ਅਤੇ ਆਮ ਆਦਮੀ ਪਾਰਟੀ ਵਲੋਂ ਹਰਿਆਣਾ ’ਚ ਜਾ ਕੇ ਮਾਰੇ ਜਾ ਰਹੇ ਝੂਠਾਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਪੰਜਾਬ ਪੈਨਸ਼ਨਰਜ ਯੂਨੀਅਨ (ਸਬੰਧਤ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਜ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ) ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ, ਸੂਬਾਈ ਸਰਪ੍ਰਸਤ ਚਰਨ ਸਿੰਘ ਸਰਾਭਾ, ਕਾਰਜਕਾਰੀ ਚੇਅਰਮੈਨ ਅਵਤਾਰ ਸਿੰਘ ਗਗੜਾ, ਸੂਬਾ ਸਲਾਹਕਾਰ ਗੁਰਮੇਲ ਸਿੰਘ ਮੈਲਡੇ, ਸੀਨੀਅਰ ਮੀਤ ਪ੍ਰਧਾਨ ਗੁਰਜੀਤ ਸਿੰਘ ਘੋੜੇਵਾਹ, ਜਗਤਾਰ ਸਿੰਘ ਭੁੰਗਰਨੀ, ਜਨਰਲ ਸਕੱਤਰ ਪ੍ਰੇਮ ਚਾਵਲਾ, ਐਡੀਸਨਲ ਜਨਰਲ ਸਕੱਤਰ ਸੱਤਿਆਪਾਲ ਗੁਪਤਾ, ਮੁੱਖ ਜਥੇਬੰਦਕ ਸਕੱਤਰ ਅਵਤਾਰ ਸਿੰਘ ਤਾਰੀ ਪ੍ਰੈਸ ਸਕੱਤਰ ਭੁਪਿੰਦਰ ਸਿੰਘ ਸੇਖੋਂ ਅਤੇ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਪਿ੍ਰਤਪਾਲ ਸਿੰਘ ਪੰਡੋਰੀ ਅਤੇ ਨਸੀਬ ਸਿੰਘ ਜੜੋਤ ਆਦਿ ਨੇ ਦੱਸਿਆ ਕਿ ਰੈਲੀ ਤੇ ਰੋਸ ਮਾਰਚ ਦੌਰਾਨ ਹਰਿਆਣਾ ਦੇ ਸਮੂਹ ਵੋਟਰਾਂ, ਮੁਲਾਜਮਾਂ ਤੇ ਪੈਨਸ਼ਨਰਾਂ ਨੂੰ ਜਾਗਰੂਕ ਕੀਤਾ ਜਾਵੇਗਾ ਕਿ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀਆਂ ਅਤੇ ਝੂਠਾਂ ਦੀਆਂ ਪੰਡਾਂ ਨੂੰ ਵਿਧਾਨ ਸਭਾ ਚੋਣਾਂ ’ਚ ਸਬਕ ਸਿਖਾਇਆ ਜਾਵੇ। ਆਗੂਆਂ ਨੇ ਕਿਹਾ ਕਿ ਮੁਲਾਜਮਾਂ ਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ 1ਜਨਵਰੀ 2004 ਤੋਂ ਬਾਅਦ ਭਰਤੀ ਸਰਕਾਰੀ ਮੁਲਾਜਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਪੈਨਸ਼ਨਾਂ ਦੀ ਸੁਧਾਈ ਦਾ 2.59 ਦੇ ਗੁਣਾਂਕ ਨੂੰ ਲਾਗੂ ਕੀਤਾ ਜਾਵੇ, ਹਰ ਤਰਾਂ ਦੇ ਕੱਚੇ, ਠੇਕਾ ਅਤੇ ਆਊਟ ਸੋਰਸ ਮੁਲਾਜਮਾਂ ਅਤੇ ਸਕੀਮ ਵਰਕਰਾਂ ਨੂੰ ਪੱਕਾ ਕਰਨ, 1 ਜਨਵਰੀ 2016 ਤੋਂ 30 ਜੂਨ 2021 ਤੱਕ ਤਨਖਾਹ ਅਤੇ ਪੈਨਸ਼ਨ ਰਵੀਜ਼ਨ ਦਾ ਬਣਦਾ ਸਾਰਾ ਬਕਾਇਆ ਤੁਰੰਤ ਦੇਣ, ਮਹਿੰਗਾਈ ਭੱਤੇ ਦੀਆਂ ਬਕਾਇਆ ਪਈਆਂ 12 ਫੀਸਦੀ ਤਿੰਨ ਕਿਸਤਾਂ ਤੁਰੰਤ ਦਿੱਤੀਆਂ ਜਾਣ ਆਦਿ ਮੰਗਾਂ ਪ੍ਰਵਾਨ ਕਰਕੇ ਲਾਗੂ ਕੀਤੀਆਂ ਜਾਣ।