ਫਰੀਦਕੋਟ, 5 ਅਕਤੂਬਰ (ਵਰਲਡ ਪੰਜਾਬੀ ਟਾਈਮਜ਼)
ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਬਜਾਇ ਖੇਤ ਵਿੱਚ ਵਾਹ ਕੇ ਜਾਂ ਚੁਕਾ ਕੇ ਜ਼ਮੀਨ ਦੀ ਸਿਹਤ ਸੁਧਾਰਨ ਦੇ ਨਾਲ-ਨਾਲ ਹਵਾ ਦਾ ਪ੍ਰਦੂਸ਼ਣ ਘਟਾਇਆ ਜਾ ਸਕਦਾ ਹੈ। ਝੋਨੇ ਦੀ ਪਰਾਲੀ ਬੋਝ ਨਹੀਂ, ਸਗੋਂ ਮਿੱਟੀ ਦੀ ਸਿਹਤ ਸੁਧਾਰਨ ਲਈ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ, ਜਿਸ ਨੂੰ ਅੱਗ ਲਗਾ ਕੇ ਸਾੜਣ ਦੀ ਬਿਜਾਏ ਖੇਤਾਂ ਵਿੱਚ ਸੰਭਾਲ ਕੇ ਕਣਕ ਜਾਂ ਹੋਰ ਫਸਲਾਂ ਦੀ ਬਿਜਾਈ ਕਰਨੀ ਚਾਹੀਦੀ ਹੈ। ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਫਸਲਾਂ ਦੀ ਬਿਜਾਈ ਕਰਨ ਨਾਲ ਪੈਦਾਵਾਰ ’ਚ ਵਾਧਾ ਹੁੰਦਾ ਹੈ। ਮਿੱਟੀ ਦੀ ਸਿਹਤ ’ਚ ਸੁਧਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇੱਕ ਏਕੜ ਰਕਬੇ ’ਚੋਂ ਤਕਰੀਬਨ ਤਿੰਨ ਟਨ ਪਰਾਲੀ ਪੈਦਾ ਹੁੰਦੀ ਹੈ। ਤਿੰਨ ਟਨ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ 1000 ਕਿਲੋ ਜੈਵਿਕ ਕਾਰਬਨ, 13 ਕਿਲੋ ਨਾਈਟਰੋਜਨ, 6 ਕਿਲੋ ਫਾਸਫੋਰਸ, 63 ਕਿਲੋ ਪੋਟਾਸ਼, 3.5 ਕਿਲੋ ਸਲਫਰ ਅਤੇ ਮਿੱਟੀ ਵਿਚਲੇ ਲਘੂ ਜੀਵਾਂ ਦਾ ਬਹੁਤ ਨੁਕਸਾਨ ਹੁੰਦਾ ਹੈ, ਜਿਸ ਦੀ ਬਾਜ਼ਾਰੀ ਕੀਮਤ ਤਕਰੀਬਨ 6000/- ਰੁਪਏ ਬਣਦੀ ਹੈ। ਜੇਕਰ ਪਰਾਲੀ ਨੂੰ ਖੇਤਾਂ ਵਿੱਚ ਸੰਭਾਲ ਕੇ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਇਸ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ। ਜਿਲ੍ਹਾ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਜਿੱਥੇ ਖੇਤਾਂ ਦੀ ਮਿੱਟੀ ਦੀ ਸਿਹਤ ’ਤੇ ਬੁਰਾ ਪ੍ਰਭਾਵ ਪੈਂਦਾ ਹੈ, ਉੱਥੇ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ।