ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ : ਆਈ.ਜੀ.
ਕੋਟਕਪੂਰਾ, 25 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
26 ਜਨਵਰੀ ਨੂੰ ਗਣਤੰਤਰਤਾ ਦਿਵਸ ਮੌਕੇ ਨਹਿਰੂ ਸਟੇਡੀਅਮ, ਫਰੀਦਕੋਟ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੁਰੱਖਿਆ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸ਼੍ਰੀਮਤੀ ਨਿਲਾਂਬਰੀ ਜਗਦਲੇ ਆਈ.ਜੀ ਫਰੀਦਕੋਟ ਰੇਂਜ ਵੱਲੋਂ ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੇ ਨਾਲ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਦੌਰਾਨ ਆਈ.ਜੀ ਫਰੀਦਕੋਟ ਰੇਂਜ ਵੱਲੋਂ ਐਸ.ਐਸ.ਪੀ. ਫਰੀਦਕੋਟ ਸਮੇਤ ਜ਼ਿਲ੍ਹੇ ਦੇ ਸਮੂਹ ਸੀਨੀਅਰ ਪੁਲਿਸ ਅਧਿਕਾਰੀਆਂ, ਮੁੱਖ ਅਫਸਰ ਥਾਣਾ ਅਤੇ ਯੂਨਿਟ ਇੰਚਾਰਜਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਕੀਤੇ ਜਾ ਰਹੇ ਖਾਸ ਸੁਰੱਖਿਆ ਅਭਿਆਨਾਂ ਦੀ ਤਿਆਰੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਮੌਕੇ ਸੁਰੱਖਿਆ ਪ੍ਰਬੰਧਾਂ, ਰੂਟ ਪਲਾਨ, ਟਰੈਫਿਕ ਵਿਵਸਥਾ ਅਤੇ ਹੋਰ ਜਰੂਰੀ ਇੰਤਜ਼ਾਮਾਂ ਬਾਰੇ ਅਧਿਕਾਰੀਆਂ ਨਾਲ ਵਿਸਥਾਰ ਤਹਿਤ ਚਰਚਾ ਕੀਤੀ ਗਈ। ਆਈ.ਜੀ ਫਰੀਦਕੋਟ ਰੇਂਜ ਸ਼੍ਰੀਮਤੀ ਨਿਲਾਂਬਰੀ ਜਗਦਲੇ ਵੱਲੋਂ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਗਿਆ ਕਿ ਸਮਾਗਮ ਵਾਲੇ ਦਿਨ ਹਰ ਪੱਖੋਂ ਪੂਰੀ ਮੁਸਤੈਦੀ ਨਾਲ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਸਮਾਗਮ ਅਮਨ-ਅਮਾਨ ਨਾਲ ਸੰਪੰਨ ਹੋ ਸਕੇ। ਇਸ ਉਪਰੰਤ ਆਈ.ਜੀ ਫਰੀਦਕੋਟ ਰੇਂਜ ਅਤੇ ਐਸ.ਐਸ.ਪੀ ਫਰੀਦਕੋਟ ਵੱਲੋਂ ਨਹਿਰੂ ਸਟੇਡੀਅਮ, ਫਰੀਦਕੋਟ ਦਾ ਮੌਕੇ ’ਤੇ ਦੌਰਾ ਕਰਕੇ ਲਾਅ ਐਂਡ ਆਰਡਰ ਅਤੇ ਜਨਤਕ ਸੁਰੱਖਿਆ ਨੂੰ ਕਾਇਮ ਰੱਖਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈ.ਜੀ ਫਰੀਦਕੋਟ ਰੇਂਜ ਸ਼੍ਰੀਮਤੀ ਨਿਲਾਂਬਰੀ ਜਗਦਲੇ ਨੇ ਦੱਸਿਆ ਕਿ ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਦੇ ਸਾਰੇ ਪਹਿਲੂਆਂ ਦੀ ਗੰਭੀਰਤਾ ਨਾਲ ਸਮੀਖਿਆ ਕੀਤੀ ਗਈ ਹੈ। ਉਹਨਾ ਸਪੱਸ਼ਟ ਕੀਤਾ ਕਿ ਸਮਾਗਮ ਦੌਰਾਨ ਕਾਨੂੰਨ-ਵਿਵਸਥਾ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਫਰੀਦਕੋਟ ਪੁਲਿਸ ਦੀ ਟੀਮਾ ਵੱਲੋਂ ਸਮਾਗਮ ਸਥਲ ਅਤੇ ਆਸ-ਪਾਸ ਦੇ ਖੇਤਰਾਂ ’ਚ ਸੀ.ਸੀ.ਟੀ.ਵੀ ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ, ਜਦਕਿ ਪੁਲਿਸ ਟੀਮਾਂ ਵੱਲੋਂ ਸ਼ੱਕੀ ਗਤੀਵਿਧੀਆ ਉੱਪਰ ਨਿਗਰਾਨੀ ਰੱਖਣ ਲਈ ਲਈ ਲਗਾਤਾਰ ਸਿਫਟਿੰਗ ਨਾਕਾਬੰਦੀ ਅਤੇ ਫਲੈਗ ਮਾਰਚ ਵੀ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਕਿਸਮ ਦੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ 112 ਹੈਲਪਲਾਈਨ ’ਤੇ ਸੂਚਿਤ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।
