ਪੀ.ਐਮ.ਸ਼੍ਰੀ ਹਾਈ ਸਕੂਲ ਵਿਖੇ ਬੱਚਿਆਂ ਨੂੰ ਸੜਕ ਸੁਰੱਖਿਆ ਨਿਯਮਾਂ ਸਬੰਧੀ ਕੀਤਾ ਗਿਆ ਜਾਗਰੂਕ
ਕੋਟਕਪੂਰਾ, 25 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸੜਕ ਹਾਦਸਿਆਂ ਨੂੰ ਘਟਾਉਣ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਫਰੀਦਕੋਟ ਟਰਾਂਸਪੋਰਟ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਸੜਕ ਸੁਰੱਖਿਆ ਮਹੀਨੇ ਦੋਰਾਨ ਵਾਹਨਾਂ ਨੂੰ ਰਿਫਲੈਕਟਰ ਲਾਉਣ ਅਤੇ ਲੋਕਾਂ ਨੂੰ ਆਵਾਜਾਈ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ। ਇਹ ਜਾਣਕਾਰੀ ਮੋਟਰ ਵਹੀਕਲ ਇੰਸਪੈਕਟਰ ਪ੍ਰੀਤਇੰਦਰ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸੜਕਾਂ ’ਤੇ ਦੁਰਘਟਨਾਵਾਂ ਤੋਂ ਬਚਾਅ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਜਿਵੇ ਕਿ ਦੋ ਪਹੀਆਂ ਵਾਹਨ ਚਲਾਉਣ ਲਈ ਹੈਲਮਟ ਅਤੇ ਚਾਰ ਪਹੀਆਂ ਲਈ ਸੀਟ ਬੈਲਟ ਲਾਈ ਜਾਵੇ। ਇਨ੍ਹਾਂ ਨਿਯਮਾਂ ਦੀ ਪਾਲਣਾ ਕਰਕੇ ਗੰਭੀਰ ਹਾਦਸਿਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਥੋੜੀ ਜਿਹੀ ਲਾਪਰਵਾਹੀ ਵੱਡੀ ਦੁਰਘਟਨਾ ਦਾ ਕਾਰਨ ਬਣ ਸਕਦੀ ਹੈ। ਇਸ ਲਈ ਸਾਨੂੰ ਟਰੈਫਿਕ ਨਿਯਮਾਂ ਦੀ ਪੂਰੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਡਰਾਈਵਰਾਂ ਨੂੰ ਕਿਹਾ ਕਿ ਸਮੇਂ-ਸਮੇਂ ’ਤੇ ਆਪਣੀ ਸਿਹਤ ਜਾਂਚ ਜਰੂਰ ਕਰਵਾਈ ਜਾਵੇ। ਇਸ ਤੋਂ ਇਲਾਵਾ ਪੀ.ਐਮ.ਸ਼੍ਰੀ ਹਾਈ ਸਕੂਲ ਸੁਰਗਾਪੁਰੀ, ਕੋਟਕਪੂਰਾ ਵਿਖੇ ਵੀ ਬੱਚਿਆਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੇਫ ਸਕੂਲ ਵਾਹਨ ਪਾਲਿਸੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਹਦਾਇਤ ਵੀ ਕੀਤੀ। ਇਸ ਮੌਕੇ ਟਰੈਫਿਕ ਐਜੂਕੇਸ਼ਨ ਸੈਲ ਤੋਂ ਏ.ਐਸ.ਆਈ. ਬਲਕਾਰ ਸਿੰਘ, ਏ.ਐਸ.ਆਈ. ਮਨਦੀਪ ਸਿੰਘ, ਸਾਹਿਲ ਬੱਗਾ, ਜਸਵਿੰਦਰ ਸਿੰਘ ਚਾਵਲਾ, ਸਕੂਲ ਮੁਖੀ ਮਨੀਸ਼ ਛਾਬੜਾ ਅਤੇ ਸਟਾਫ ਹਾਜ਼ਰ ਸਨ।

