ਲੋਕ-ਭਲਾਈ ਤੇ ਸਰਵਪੱਖੀ ਵਿਕਾਸ ਸਰਕਾਰ ਦੀ ਪਹਿਲੀ ਤਰਜੀਹ : ਸੰਜੀਵ ਅਰੋੜਾ

ਸ਼ਹੀਦਾਂ ਦੇ ਪਰਿਵਾਰਾਂ ਅਤੇ ਵਿਸ਼ੇਸ਼ ਪ੍ਰਾਪਤੀਆਂ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
ਕੋਟਕਪੂਰਾ, 27 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
77ਵੇਂ ਗਣਤੰਤਰ ਦਿਵਸ ਸੰਬਧੀ ਜ਼ਿਲ੍ਹਾ ਪੱਧਰੀ ਸਮਾਗਮ ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ ਪੂਰੇ ਰਾਸ਼ਟਰੀ ਜੋਸ਼ ਅਤੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਅਮੋਲਕ ਸਿੰਘ ਵਿਧਾਇਕ ਜੈਤੋ, ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਦੇਸ਼ ਦੀਆਂ ਤਿੰਨੋਂ ਸੈਨਾਵਾਂ, ਅਰਧਸੈਨਿਕ ਬਲਾਂ ਅਤੇ ਸੁਰੱਖਿਆ ਦਸਤਿਆਂ ਦੇ ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਬਦੌਲਤ ਹੀ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਸੁਰੱਖਿਅਤ ਹੈ। ਉਨ੍ਹਾਂ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਅਤੇ ਆਜ਼ਾਦੀ ਸੰਗਰਾਮ ਦੇ ਸਮੂਹ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਕੁਰਬਾਨੀਆਂ ਦੀ ਧਰਤੀ ਹੈ ਅਤੇ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬੀਆਂ ਦਾ ਯੋਗਦਾਨ ਅਮੁੱਲ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਸੰਵਿਧਾਨਕ ਮੁੱਲਾਂ ਅਨੁਸਾਰ ਲੋਕ-ਭਲਾਈ ਨੂੰ ਪ੍ਰਾਥਮਿਕਤਾ ਦੇ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਲੋਕ-ਭਲਾਈ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਔਰਤਾਂ ਲਈ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ, 300 ਯੂਨਿਟ ਮੁਫ਼ਤ ਬਿਜਲੀ ਅਤੇ ਨੌਜਵਾਨਾਂ ਲਈ ਵੱਡੇ ਪੱਧਰ ’ਤੇ ਰੋਜ਼ਗਾਰ ਦੇ ਮੌਕੇ ਉਪਲਬਧ ਕਰਵਾਏ ਜਾ ਰਹੇ ਹਨ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਰਾਜ ਵਿੱਚ ਚੱਲ ਰਹੇ ਵਿਕਾਸ ਕਾਰਜਾਂ, ਯੁੱਧ ਨਸ਼ਿਆਂ ਵਿਰੁੱਧ, ਮੁਫਤ ਬਿਜਲੀ ਸਕੀਮ, ਐਟੀ ਗੈਂਗਸਟਰ ਫੋਰਸ, ਕਿਸਾਨਾਂ ਲਈ ਮੁਫਤ ਬਿਜਲੀ, ਸਰਕਾਰੀ ਸਕੂਲਾਂ ਦੇ ਵਿਕਾਸ, ਟੀਚਰਾਂ ਨੂੰ ਸਿਖਲਾਈ ਆਦਿ ਸਮੇਤ ਵੱਖ ਵੱਖ ਵਿਸ਼ਿਆ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਬੀ.ਐਸ.ਐਫ., ਪੰਜਾਬ ਪੁਲੀਸ, ਮਹਿਲਾ ਵਿੰਗ, ਐਨ.ਸੀ.ਸੀ. ਦੀਆਂ ਟੁੱਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ, ਸੱਭਿਆਚਾਰਕ ਪ੍ਰੋਗਰਾਮ, ਦੇਸ਼-ਭਗਤੀ ਨਾਲ ਸਬੰਧਤ ਪ੍ਰਸਤੁਤੀਆਂ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਗਏ। ਨਾਲ ਹੀ ਵੱਖ-ਵੱਖ ਵਿਭਾਗਾਂ ਵੱਲੋਂ ਲੋਕ-ਭਲਾਈ ਅਤੇ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਮਨਮੋਹਕ ਝਾਕੀਆਂ ਵੀ ਕੱਢੀਆਂ ਗਈਆਂ। ਇਸ ਮੌਕੇ ਪੀ.ਐਸ.ਪੀ.ਸੀ.ਐਲ. ਦੀ ਝਾਕੀ ਨੇ ਪਹਿਲਾ ਸਥਾਨ, ਦਸ਼ਮੇਸ਼ ਪਬਲਿਕ ਸਕੂਲ ਫਰੀਦਕੋਟ ਦੇ ਬੈਂਡ ਨੇ ਪਹਿਲਾਂ ਸਥਾਨ ਅਤੇ ਬੀ.ਐਸ.ਐਫ ਨੇ ਪਰੇਡ ਵਿੱਚੋਂ ਪਹਿਲਾਂ ਸਥਾਨ ਹਾਸਲ ਕੀਤਾ। ਸਮਾਗਮ ਦੌਰਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਪ੍ਰਾਪਤੀਆਂ ਹਾਸਲ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਦੀ ਉੱਤਮ ਸੇਵਾਵਾਂ ਲਈ ਸਨਮਾਨ ਨਾਲ ਨਿਵਾਜਿਆ ਗਿਆ। ਇਸ ਮੌਕੇ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ ਗਈ। ਪਰੇਡ ਦੀ ਅਗਵਾਈ ਡੀ.ਐਸ.ਪੀ. ਅਵਤਾਰ ਸਿੰਘ ਰਾਜਪਾਲ ਵੱਲੋਂ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐਸ.ਐਸ.ਪੀ. ਡਾ. ਪ੍ਰੱਗਿਆ ਜੈਨ ਵੱਲੋਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਬਾਬਾ ਫਰੀਦ ਯੂਨੀਵਰਸਿਟੀ ਦੇ ਗੈਸਟ ਹਾਊਸ ਫਰੀਦਕੋਟ ਵਿਖੇ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੱਲੋਂ ਜੀ ਆਇਆ ਕਿਹਾ ਗਿਆ ਅਤੇ ਪੁਲਿਸ ਦੀ ਟੁੱਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਸ਼ੈਸਨ ਜੱਜ ਸ੍ਰੀ ਸੰਜੀਵ ਜੋਸ਼ੀ, ਵੀ.ਸੀ ਡਾ. ਰਾਜੀਵ ਸੂਦ, ਸ੍ਰੀਮਤੀ ਨਿਲਾਂਬਰੀ ਜਗਦਲੇ ਆਈ.ਜੀ, ਮੈਡਮ ਬੇਅੰਤ ਕੌਰ ਸੇਖੋਂ, ਸੂਚਨਾ ਕਮਿਸ਼ਨਰ ਸ੍ਰੀ ਸੰਦੀਪ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਹਰਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿ). ਸ੍ਰੀ ਸੰਜੀਵ ਮਲਹੋਤਰਾ, ਐਸ.ਡੀ.ਐਮ ਫ਼ਰੀਦਕੋਟ ਮੇਜਰ ਵਰੁਣ ਕੁਮਾਰ, ਸਹਾਇਕ ਕਮਿਸ਼ਨਰ (ਜ) ਗੁਰਕਿਰਨਦੀਪ ਸਿੰਘ, ਸਿਵਲ ਸਰਜਨ ਡਾ ਚੰਦਰ ਸ਼ੇਖਰ ਕੱਕੜ, ਡੀ.ਆਰ.ਓ. ਮੈਡਮ ਲਵਪ੍ਰੀਤ ਕੌਰ, ਜਨਾਬ ਮੁਹੰਮਦ ਸਦੀਕ ਸਾਬਕਾ ਸਾਂਸਦ ਮੈਂਬਰ, ਸ੍ਰੀ ਓਪਿੰਦਰ ਸ਼ਰਮਾ ਸਾਬਕਾ ਮੰਤਰੀ, ਗੁਰਤੇਜ ਸਿੰਘ ਖੋਸਾ ਚੈਅਰਮੇਨ ਜ਼ਿਲ੍ਹਾ ਯੋਜਨਾ ਬੋਰਡ ਅਤੇ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਚੇਅਰਮੈਨ ਇੰਪਰੂਵਮੈਂਟ ਟਰੱਸਟ ਗਨਦੀਪ ਸਿੰਘ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ, ਰਮਨਦੀਪ ਮੁਮਾਰਾ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ, ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੈਡਮ ਨੀਲਮ ਰਾਣੀ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜਨਾ ਕੌਂਸਲ, ਸ੍ਰੀ ਜਸਬੀਰ ਜੱਸੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ, ਫੋਜ, ਬੀ.ਐਸ.ਐਫ ਦੇ ਅਧਿਕਾਰੀ ਅਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।
