*ਤੀਰਥ ਯਾਤਰਾ ਲਈ ਵੱਖ-ਵੱਖ ਸਥਾਨਾਂ ਤੋਂ ਬੱਸਾਂ ਰਵਾਨਾ*
ਬਠਿੰਡਾ , 1 ਫਰਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼ )
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਆਮ ਲੋਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਪਰਸ ਰਾਮ ਨਗਰ ਤੋਂ ਬੱਸ ਨੂੰ ਝੰਡੀ ਦੇ ਕੇ ਰਵਾਨਾ ਕਰਦਿਆਂ ਕੀਤਾ।
ਇਸ ਦੌਰਾਨ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪਵਿੱਤਰ ਸਥਾਨਾਂ ਦੀ ਯਾਤਰਾ ਦੇ ਚਾਹਵਾਨ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਯੋਜਨਾ ਤਹਿਤ ਜਿੱਥੇ ਆਮ ਲੋਕਾਂ ਨੂੰ ਮਹਾਨ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਮੁਹੱਈਆ ਹੋ ਰਹੀ ਹੈ, ਉੱਥੇ ਹੀ ਲੋਕਾਂ ਨੂੰ ਆਪਸੀ ਭਾਈਚਾਰੇ, ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਵੀ ਮਿਲ ਰਿਹਾ ਹੈ।
ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਤੋਂ ਇਲਾਵਾ ਹਲਕਾ ਮੌੜ ਦੇ ਪਿੰਡ ਜੈਦ ਤੋਂ ਚੇਅਰਮੈਨ ਮਾਰਕਿਟ ਕਮੇਟੀ ਬਲਜਿੰਦਰ ਸਿੰਘ ਨੇ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਬੱਸ ਨੂੰ ਰਵਾਨਾ ਕੀਤਾ।
ਇਸੇ ਤਰ੍ਹਾਂ ਅੱਜ ਹਲਕਾ ਬਠਿੰਡਾ (ਦਿਹਾਤੀ) ਦੇ ਪਿੰਡ ਦਿਉਣ, ਹਲਕਾ ਤਲਵੰਡੀ ਸਾਬੋ ਦੇ ਪਿੰਡ ਬੰਗੀ ਦੀਪਾ ਸਿੰਘ, ਹਲਕਾ ਭੁੱਚੋ ਮੰਡੀ ਦੇ ਪਿੰਡ ਮਹਿਮਾ ਸਵਾਈ ਅਤੇ ਹਲਕਾ ਰਾਮਪੁਰਾ ਫੂਲ ਦੇ ਪਿੰਡ ਕੋਠੇ ਸੁਰਜੀਤ ਸਿੰਘ ਤੋਂ ਵੀ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬੱਸਾਂ ਨੂੰ ਰਵਾਨਾ ਕੀਤਾ ਗਿਆ।
—

