ਪੰਜਾਬ ਸਰਕਾਰ ਨੂੰ ਵੀ ਕੰਧ ‘ਤੇ ਲਿਖਿਆ ਪੜ੍ਹਨਾ ਚਾਹੀਦਾ ਹੈ : ਆਗੂ
ਕੋਟਕਪੂਰਾ, 7 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੱਛਮੀ ਬੰਗਾਲ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਵੱਲ ਬਕਾਇਆ ਪਿਆ ਡੀ.ਏ. ਲੈਣ ਲਈ ਮਾਨਯੋਗ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਸੀ। ਹਾਈਕੋਰਟ ਵੱਲੋਂ ਮੁਲਾਜ਼ਮਾਂ ਨੂੰ ਦੇਣ ਵਾਲੇ ਡੀ ਏ ਸਬੰਧੀ ਹੱਕ ਵਿੱਚ ਦਿੱਤੇ ਗਏ ਫੈਸਲੇ ਦੇ ਖਿਲਾਫ ਪੱਛਮੀ ਬੰਗਾਲ ਸਰਕਾਰ ਵੱਲੋਂ ਮਾਨਯੋਗ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ ਦਾਇਰ ਕੀਤੀ ਗਈ ਸੀ। ਬੀਤੇ ਕੱਲ੍ਹ ਮਿਤੀ 5 ਫਰਵਰੀ 2026 ਨੂੰ ਮਾਨਯੋਗ ਸੁਪਰੀਮ ਕੋਰਟ ਵੱਲੋਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਸੂਬੇ ਦੇ ਲਗਭਗ 20 ਲੱਖ ਸਰਕਾਰੀ ਕਰਮਚਾਰੀਆਂ ਦੇ ਹੱਕ ਵਿੱਚ ਇਤਿਹਾਸਿਕ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਮਹਿੰਗਾਈ ਭੱਤਾ (ਡੀ.ਏ.) ਕੋਈ ਤੋਹਫਾ ਨਹੀਂ ਹੈ। ਮਾਨਯੋਗ ਅਦਾਲਤ ਨੇ ਕਿਹਾ ਹੈ ਕਿ ਮਹਿੰਗਾਈ ਭੱਤਾ ਕਰਮਚਾਰੀਆਂ ਨੂੰ ਇਸ ਕਰਕੇ ਦਿੱਤਾ ਜਾਂਦਾ ਹੈ ਕਿ ਤਾਂਕਿ ਵਧੀ ਹੋਈ ਮਹਿੰਗਾਈ ਦੇ ਪ੍ਰਭਾਵ ਨੂੰ ਸਹਿ ਸਕਣ। ਮਾਨਯੋਗ ਸਰਵ ਉੱਚ ਅਦਾਲਤ ਨੇ ਕਿਹਾ ਕਿ ਮਹਿੰਗਾਈ ਭੱਤਾ ਕਰਮਚਾਰੀਆਂ ਦਾ ਇੱਕ ਕਾਨੂੰਨੀ ਅਧਿਕਾਰ ਹੈ। ਮਾਨਯੋਗ ਸਰਵ ਉੱਚ ਅਦਾਲਤ ਵੱਲੋਂ ਮੁਲਾਜ਼ਮਾਂ ਦੇ ਸਾਲ 2008 ਤੋਂ ਸਾਲ 2019 ਤੱਕ ਦੇ ਬਣਦੇ ਮਹਿੰਗਾਈ ਭੱਤੇ ਦਾ ਘੱਟੋ ਘੱਟ 25 ਫੀਸਦੀ ਮਿਤੀ 6 ਮਾਰਚ 2026 ਤੱਕ ਅਦਾ ਕਰਨ ਦੇ ਆਦੇਸ਼ ਦਿੱਤੇ ਗਏ ਹਨ ਜਦਕਿ ਬਾਕੀ ਰਹਿੰਦੇ 75 ਫੀਸਦੀ ਬਕਾਏ ਦੀ ਅਦਾਇਗੀ ਦਾ ਸ਼ਡਿਊਲ ਤੈਅ ਕਰਨ ਲਈ ਮਾਨਯੋਗ ਸੁਪਰੀਮ ਕੋਰਟ ਦੇ ਸਾਬਕਾ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਹੇਠ ਇੱਕ 4 ਮੈਂਬਰੀ ਕਮੇਟੀ ਦਾ ਗਠਨ ਕਰਨ ਦਾ ਹੁਕਮ ਸੁਣਾਇਆ ਗਿਆ ਹੈ।ਜ਼ਿਕਰਯੋਗ ਹੈ ਕਿ ਇਹ ਕਾਨੂੰਨੀ ਲੜਾਈ 2022 ਤੋਂ ਚੱਲ ਰਹੀ ਸੀ ਜਿਸ ਵਿੱਚ ਸੂਬਾ ਸਰਕਾਰ ਨੇ ਫੰਡਾਂ ਦੀ ਕਮੀ ਦਾ ਹਵਾਲਾ ਦੇਕੇ ਕਈ ਵਾਰ ਸੁਣਵਾਈ ਮੁਲਤਵੀ ਕਰਵਾਈ ਸੀ। ਅਦਾਲਤ ਦੇ ਇਸ ਫੈਸਲੇ ਨੇ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮਾਨਯੋਗ ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਦੇ ਸੂਬਾਈ ਆਗੂ ਦਰਸ਼ਨ ਸਿੰਘ ਲੁਬਾਣਾ, ਚਰਨ ਸਿੰਘ ਸਰਾਭਾ, ਰਣਜੀਤ ਸਿੰਘ ਰਾਣਵਾਂ, ਸੁਰਿੰਦਰ ਕੁਮਾਰ ਪੁਆਰੀ, ਗੁਰਮੇਲ ਸਿੰਘ ਮੈਲਡੇ, ਬਲਕਾਰ ਵਲਟੋਹਾ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਟਹਿਲ ਸਿੰਘ ਸਰਾਭਾ, ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੇ ਸੂਬਾਈ ਆਗੂ ਗੁਰਦੀਪ ਸਿੰਘ ਮੋਤੀ,ਅਵਤਾਰ ਸਿੰਘ ਗਗੜਾ , ਜਗਦੀਸ਼ ਸਿੰਘ ਚਾਹਲ , ਜਗਤਾਰ ਸਿੰਘ ਭੁੰਗਰਨੀ, ਅਵਤਾਰ ਸਿੰਘ ਤਾਰੀ ਅਤੇ ਪ੍ਰੇਮ ਚਾਵਲਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਣਦਾ 16 ਫੀਸਦੀ ਮਹਿੰਗਾਈ ਭੱਤਾ ਤੁਰੰਤ ਜਾਰੀ ਕੀਤਾ ਜਾਵੇ ਅਤੇ ਪਿਛਲੀਆਂ ਰਹਿੰਦੀਆਂ ਸਾਰੀਆਂ ਕਿਸ਼ਤਾਂ ਦਾ ਰਹਿੰਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ ਤਾਂਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਾਨਯੋਗ ਅਦਾਲਤਾਂ ਦਾ ਦਰਵਾਜ਼ਾ ਖੜਕਾਉਣ ਲਈ ਮਜਬੂਰ ਨਾ ਹੋਣਾ ਪਵੇ। ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਕੰਧ ‘ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ।

