ਨਿਆਂ ਲੈਣ ਲਈ ਜਮਹੂਰੀ ਢੰਗ ਨਾਲ ਰੋਸ ਪ੍ਰਦਰਸ਼ਨ ਕਰਨਾ ਨਾਗਰਿਕਾਂ ਦਾ ਸੰਵਿਧਾਨਕ ਹੱਕ :ਤਰਕਸ਼ੀਲ਼ ਸੁਸਾਇਟੀ
ਬਰਨਾਲਾ 7 ਫਰਵਰੀ (ਸੁਮੀਤ ਅੰਮ੍ਰਿਤਸਰ/ਵਰਲਡ ਪੰਜਾਬੀ ਟਾਈਮਜ਼)
ਤਰਕਸ਼ੀਲ਼ ਸੁਸਾਇਟੀ ਪੰਜਾਬ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾਈ ਪ੍ਰਧਾਨ ਜੋਗਿੰਦਰ ਉਗਰਾਹਾਂ ਅਤੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਦੇ ਘਰਾਂ ਉਤੇ ਪੰਜਾਬ ਪੁਲੀਸ ਵੱਲੋਂ ਛਾਪੇਮਾਰੀ,ਕਿਸਾਨ ਕਾਫ਼ਲਿਆਂ ਉੱਤੇ ਬੇਤਹਾਸ਼ਾ ਲਾਠੀਚਾਰਜ ਅਤੇ ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਨ੍ਹਾਂ ਗੈਰ ਕਾਨੂੰਨੀ ਤਾਨਾਸ਼ਾਹੀ ਹਥਕੰਡਿਆਂ ਨੂੰ ਤੁਰੰਤ ਬੰਦ ਕਰਨ ਅਤੇ ਗ੍ਰਿਫਤਾਰ ਕਿਸਾਨ- ਮਜ਼ਦੂਰ ਆਗੂਆਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾਅ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ।
ਸੁਸਾਇਟੀ ਦੇ ਸੂਬਾਈ ਆਗੂਆਂ ਮਾਸਟਰ ਰਾਜਿੰਦਰ ਭਦੌੜ, ਹੇਮ ਰਾਜ ਸਟੈਨੋਂ,ਰਾਮ ਸਵਰਨ ਲੱਖੇਵਾਲੀ ਸੁਖਵਿੰਦਰ ਬਾਗਪੁਰ ਅਤੇ ਸੁਮੀਤ ਅੰਮ੍ਰਿਤਸਰ ਨੇ ਤਰਕਸ਼ੀਲ਼ ਭਵਨ ਬਰਨਾਲਾ ਤੋਂ ਇੱਕ ਪ੍ਰੈੱਸ ਬਿਆਨ ਰਾਹੀਂ ਪੰਜਾਬ ਸਰਕਾਰ ਅਤੇ ਪੁਲੀਸ ਦੇ ਤਾਨਾਸ਼ਾਹੀ ਵਤੀਰੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਸਾਮਰਾਜ ਪੱਖੀ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ, ਅਣਮਿੱਥੇ ਸਮੇਂ ਦੀ ਜੇਲ ਨਜ਼ਰਬੰਦੀ,ਕਾਲੇ ਕਾਨੂੰਨਾਂ ਅਤੇ ਹਕੂਮਤੀ ਜ਼ਬਰ ਦੇ ਵਿਰੁੱਧ ਜਮਹੂਰੀ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨਾ ਜਨਤਕ ਜਥੇਬੰਦੀਆਂ ਅਤੇ ਆਮ ਨਾਗਰਿਕਾਂ ਦਾ ਸੰਵਿਧਾਨਿਕ ਹੱਕ ਹੈ ਜਿਸਨੂੰ ਕਿਸੇ ਵੀ ਹਕੂਮਤੀ ਜ਼ਬਰ ਨਾਲ ਦਬਾਇਆ ਨਹੀਂ ਜਾਣਾ ਚਾਹੀਦਾ।
ਤਰਕਸ਼ੀਲ਼ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਦਰਸ਼ ਸਕੂਲ ਚਾਉਕੇ ਦੀ ਭ੍ਰਿਸ਼ਟ ਮੈਨੇਜਮੈਂਟ ਦੇ ਖਿਲਾਫ ਕੋਈ ਕਾਨੂੰਨੀ ਕਾਰਵਾਈ ਕਰਨ ਦੀ ਥਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਦੋ ਆਗੂਆਂ ਸ਼ਗਨਪ੍ਰੀਤ ਸਿੰਘ ਜਿਉਂਦ ਅਤੇ ਬਲਦੇਵ ਸਿੰਘ ਚਾਉਕੇ ਨੂੰ ਪਿਛਲੇ ਦਸ ਮਹੀਨਿਆਂ ਤੋਂ ਝੂਠੇ ਕੇਸਾਂ ਹੇਠ ਜੇਲ੍ਹ ਵਿੱਚ ਡੱਕਿਆ ਹੋਇਆ ਹੈ ਅਤੇ ਉਨ੍ਹਾਂ ਦੇ ਕੇਸਾਂ ਦੀ ਨਾ ਤਾਂ ਕੋਈ ਸੁਣਵਾਈ ਕੀਤੀ ਜਾ ਰਹੀ ਹੈ ਅਤੇ ਨਾ ਹੀ ਉਨ੍ਹਾਂ ਨੂੰ ਜ਼ਮਾਨਤ ਉਤੇ ਰਿਹਾਅ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਬੇਇਨਸਾਫ਼ੀ ਦੇ ਵਿਰੋਧ ਵਿੱਚ 6 ਫਰਵਰੀ ਨੂੰ ਬਠਿੰਡਾ ਵਿੱਚ ਲਾਏ ਜਾ ਰਹੇ ਪੱਕੇ ਧਰਨੇ ਨੂੰ ਰੋਕਣ ਲਈ ਜਿਸ ਤਰਾਂ ਪੰਜਾਬ ਪੁਲੀਸ ਵੱਲੋਂ ਸਾਰੇ ਕਾਨੂੰਨ ਛਿੱਕੇ ਟੰਗ ਕੇ ਛਾਪੇਮਾਰੀ,ਲਾਠੀਚਾਰਜ ਅਤੇ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ ਉਸਨੂੰ ਪੰਜਾਬ ਦੇ ਸੰਘਰਸ਼ਸ਼ੀਲ ਲੋਕ ਅਤੇ ਸਮੂਹ ਜਨਤਕ ਅਤੇ ਜਮਹੂਰੀ ਜਥੇਬੰਦੀਆਂ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕਰਨਗੀਆਂ ਅਤੇ ਇਸਦਾ ਡਟਵਾਂ ਵਿਰੋਧ ਕੀਤਾ ਜਾਵੇਗਾ।

