ਪੰਜਾਬ ਦੇ ਸਾਰੇ ਵਸਨੀਕ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੋਣਗੇ ਕਵਰ
ਕੋਟਕਪੂਰਾ 8 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜਿਲ੍ਹੇ ਦੇ ਸਾਰੇ ਵਸਨੀਕਾਂ ਨੂੰ ਇਸ ਸਕੀਮ ਦਾ ਲਾਭ ਦੇਣ ਦੇ ਮੰਤਵ ਨਾਲ ਪਿੰਡ/ਵਾਰਡ ਪੱਧਰ ਤੇ ਕੈਂਪ ਲਗਾ ਕੇ ਲੋਕਾਂ ਦੇ ਸਿਹਤ ਕਾਰਡ ਬਣਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਧੂੜਕੋਟ ਵਿੱਚ ਗੁਰਮੀਤ ਸਿੰਘ ਦੇ ਗ੍ਰਹਿ ਵਿਖੇ ਸਿਹਤ ਬੀਮਾ ਯੋਜਨਾ ਤਹਿਤ ਬਣਾਏ ਜਾ ਰਹੇ ਕਾਰਡਾਂ ਦੇ ਕੰਮ ਦਾ ਜਾਇਜਾ ਲੈਣ ਮੌਕੇ ਕੀਤਾ। ਸਪੀਕਰ ਸ.ਸੰਧਵਾਂ ਨੇ ਦੱਸਿਆ ਕਿ ਇਸ ਸਮੇਂ ਤੱਕ ਲਗਭਗ 45 ਲੱਖ ਲਾਭਪਾਤਰੀ ਪਰਿਵਾਰ ਪਹਿਲਾਂ ਹੀ ਇਸ ਯੋਜਨਾ ਹੇਠ ਕਵਰ ਕੀਤੇ ਜਾ ਚੁੱਕੇ ਹਨ। ਜੋ ਪਰਿਵਾਰ ਹਾਲੇ ਤੱਕ ਕਵਰ ਨਹੀਂ ਹਨ, ਉਹ ਸੀ.ਐਸ.ਸੀ ਅਤੇ ਸੇਵਾ ਕੇਂਦਰਾਂ ਰਾਹੀਂ ਐਨਰੋਲਮੈਂਟ ਪ੍ਰਕਿਰਿਆ ਦੁਆਰਾ ਇਸ ਯੋਜਨਾ ਵਿੱਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਪਰਿਵਾਰ ਆਧਾਰ ਕਾਰਡ ਅਤੇ ਵੋਟਰ ਕਾਰਡ ਦੇ ਆਧਾਰ ’ਤੇ ਐਨਰੋਲ ਹੋ ਸਕਦੇ ਹਨ। ਇਸ ਦੇ ਨਾਲ ਪਰਿਵਾਰ ਦੇ ਮੁਖੀ ਵੱਲੋਂ ਸਵੈ-ਘੋਸ਼ਣਾ ਪੱਤਰ ਵੀ ਲਾਜ਼ਮੀ ਹੈ, ਜਿਸ ਵਿੱਚ ਪਰਿਵਾਰ ਦੇ ਸਾਰੇ ਮੈਂਬਰਾਂ ਦੀ ਜਾਣਕਾਰੀ ਦਰਜ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਲੋਕ ਹਿਤੈਸ਼ੀ ਯੋਜਨਾ ਹੈ, ਜਿਸ ਵਿੱਚ ਪੰਜਾਬ ਦੇ ਵਸਨੀਕ ਹਰੇਕ ਪਰਿਵਾਰ ਦੇ ਹਰੇਕ ਜੀਅ ਦਾ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਸਰਕਾਰੀ ਅਤੇ ਇਨਪੈਂਨਲਡ ਹਸਪਤਾਲਾਂ ਵਿੱਚ ਬਿਲਕੁਲ ਮੁਫਤ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਹਾ ਲੈਣ। ਇਸ ਮੌਕੇ ਸੁਖਜੀਤ ਸਿੰਘ ਢਿਲਵਾਂ ਪੰਜਾਬ ਬੀ.ਸੀ. ਵਿੰਗ ਦੇ ਪ੍ਰਧਾਨ, ਸੁਖਵੰਤ ਪੱਕਾ, ਗੁਰਮੀਤ ਸਿੰਘ ਅਸਾਂ ਤੇ ਤੇਰਾ ਧੂੜਕੋਟ, ਮਨਪ੍ਰੀਤ ਸਿੰਘ ਧਾਲੀਵਾਲ, ਗੁਰਸੇਵਕ ਸਿੰਘ, ਮਨਦੀਪ ਮੋਂਗਾ ਅਤੇ ਪਿੰਡ ਵਾਸੀ ਹਾਜ਼ਰ ਸਨ।

