*ਹਰਿਆਣੇ ‘ਚ ਲਗਾਤਾਰ ਤੀਜੀ ਵਾਰ ਵਿਧਾਨ ਸਭਾ ਚੋਣਾਂ ਜਿੱਤ ਕੇ ਭਾਜਪਾ ਨੇ ਇਤਿਹਾਸ ਸਿਰਜਿਆ : ਰਾਜਨ ਨਾਰੰਗ*
*ਜੰਮੂ ਕਸ਼ਮੀਰ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੇ ਵੱਡੀ ਗਿਣਤੀ ਵਿਚ ਵਿਧਾਇਕ*
ਕੋਟਕਪੂਰਾ, 9 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦੇ ਗੁਆਂਢੀ ਰਾਜ ਹਰਿਆਣੇ ਦੀਆਂ ਵਿਧਾਨ ਸਭਾ ਚੋਣਾਂ ‘ਚ ਭਾਜਪਾ ਨੇ ਲਗਾਤਾਰ ਤੀਜੀ ਵਾਰ ਪੂਰਨ ਬਹੁਮਤ ਹਾਸਲ ਕਰ ਕੇ ਨਵਾਂ ਇਤਿਹਾਸ ਸਿਰਜਿਆ ਹੈ ਅਤੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਤੇ ਸਿਧਾਂਤਾਂ ‘ਤੇ ਮੋਹਰ ਲਗਾਈ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫਰੀਦਕੋਟ ਮੀਤ ਪ੍ਰਧਾਨ ਰਾਜਨ ਨਾਰੰਗ ਨੇ ਹਰਿਆਣੇ ‘ਚ ਮਿਲੀ ਜਿੱਤ ਦੀ ਖੁਸ਼ੀ ਭਾਜਪਾ ਵਰਕਰਾਂ ਨਾਲ ਸਾਂਝੀ ਕਰਦਿਆਂ ਕਿਹਾ ਕਿ ਵਿਸ਼ਵ ਦੀ ਸਭ ਤੋਂ ਵੱਡੀ ਰਾਜਨੀਤਕ ਪਾਰਟੀ ਮਾਣ ਹਾਸਲ ਕਰਨ ਵਾਲੀ ਭਾਜਪਾ ਲੋਕਾਂ ਦੀ ਕਸਵੱਟੀ ‘ਤੇ ਪੂਰਾ ਉੱਤਰੀ ਹੈ ਅਤੇ ਦੇਸ਼ ਦੇ ਲੋਕਾਂ ਦਾ ਵਿਸ਼ਵਾਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਪੂਰੀ ਤਰ੍ਹਾਂ ਨਾਲ ਬੱਝ ਗਿਆ ਹੈ ਕਿ ਉਨ੍ਹਾਂ ਦੀ ਅਗਵਾਈ ‘ਚ ਦੇਸ ਵਿਕਾਸ ਦੀਆਂ ਬੁਲੰਦੀਆਂ ਛੂਹ ਰਿਹਾ ਹੈ। ਰਾਜਨ ਨਾਰੰਗ ਨੇ ਕਿਹਾ ਕਿ ਭਾਜਪਾ ‘ਚ ਹੀ ਸੰਭਵ ਹੈ ਕਿ ਤਾਏ, ਭਤੀਜਾਵਾਦ ਲਈ ਕੋਈ ਜਗ੍ਹਾ ਨਹੀਂ, ਬਲਕਿ ਭਾਜਪਾ ਦਾ ਵਰਕਰ ਆਪਣੀ ਮਿਹਨਤ ਦੇ ਬਲਬੂਤੇ ਉੱਚ ਅਹੁਦਿਆਂ ਤੱਕ ਪਹੁੰਚ ਸਕਦਾ ਹੈ, ਇਸੇ ਕਰਕੇ ਭਾਜਪਾ ਦੀ ਕੇਂਦਰ ਅਤੇ ਕਈ ਰਾਜਾਂ ਵਿੱਚ ਸਰਕਾਰਾਂ ਹਨ। ਉਹਨਾਂ ਕਿਹਾ ਕਿ ਹਰਿਆਣਾ ਤੋਂ ਇਲਾਵਾ ਜੰਮੂ ਕਸ਼ਮੀਰ ਵਿੱਚ ਵੀ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦਾ ਜਿੱਥੇ ਵੋਟ ਅਧਾਰ ਹੋਰ ਵਧਿਆ ਹੋ, ਉਥੇ ਹੀ ਵੱਡੀ ਗਿਣਤੀ ਵਿਚ ਭਾਜਪਾ ਦੇ ਵਿਧਾਇਕ ਬਣੇ ਹਨ। ਉਹਨਾਂ ਕਿਹਾ ਕਿ ਹਰਿਆਣਾ ਦੀ ਜਿੱਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਦਾ ਹੁਣ ਹਰਿਆਣਾ ਵਿੱਚੋਂ ਵੀ ਪੂਰੀ ਤਰਾਂ ਸਫਾਇਆ ਹੋ ਚੁੱਕਾ ਹੈ। ਰਾਜਨ ਨਾਰੰਗ ਨੇ ਹਰਿਆਣਾ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਦੀ ਜਿੱਤ ਵਿੱਚ ਹਰਿਆਣਾ ਦੇ ਆਮ ਲੋਕਾਂ ਦੀ ਅਹਿਮ ਭੂਮਿਕਾ ਰਹੀ ਹੈ, ਜਿੰਨਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਭਾਜਪਾ ਹਰਿਆਣਾ ਅੰਦਰ ਲਗਾਤਾਰ ਵਿਕਾਸ ਦੀਆਂ ਵੱਡੀਆਂ ਲੀਹਾਂ ਨੂੰ ਛੂਹ ਰਿਹਾ ਹੈ।