ਕੋਟਕਪੂਰਾ, 28 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਾਬਾ ਫ਼ਰੀਦ ਸੰਸਥਾਵਾਂ ਫਰੀਦਕੋਟ ਵੱਲੋਂ ਸਮਾਜਿਕ ਅਤੇ ਸਿੱਖਿਆਤਮਕ ਜ਼ਿੰਮੇਵਾਰੀ ਨਿਭਾਉਂਦਿਆਂ ਭਾਈ ਦਾਨ ਸਿੰਘ ਧਾਰਮਿਕ, ਵਿੱਦਿਅਕ ਅਤੇ ਚੈਰੀਟੇਬਲ ਟਰਸੱਟ ਦੁਆਰਾ ਸੰਚਾਲਿਤ ਗੁਰੂ ਨਾਨਕ ਅਕੈਡਮੀ ਦੀ ਨਵੀਂ ਬਣ ਰਹੀ ਇਮਾਰਤ ਦੀ ਉਸਾਰੀ ਲਈ 5 ਲੱਖ ਰੁਪਏ ਦੀ ਨਗਦ ਰਾਸ਼ੀ ਦੇ ਕੇ ਸਹਿਯੋਗ ਪ੍ਰਦਾਨ ਕੀਤਾ ਗਿਆ। ਇਹ ਟਰਸੱਟ ਪਿਛਲੇ ਛੇ ਸਾਲਾਂ ਤੋਂ ਪਿੰਡ ਜਲਾਲੇਆਣਾ, ਜ਼ਿਲ੍ਹਾ ਫਰੀਦਕੋਟ ਵਿਖੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਬੱਚਿਆਂ ਨੂੰ ਮੁਫ਼ਤ ਅਤੇ ਗੁਣਵੱਤਾ ਭਰੀ ਸਿੱਖਿਆ ਪ੍ਰਦਾਨ ਕਰ ਰਿਹਾ ਹੈ। ਗੁਰੂ ਨਾਨਕ ਅਕੈਡਮੀ ਸੀ.ਬੀ.ਐੱਸ.ਈ. ਪੈਟਰਨ ਅਧਾਰਿਤ ਅੰਗਰੇਜ਼ੀ ਮਾਧਿਅਮ ਸਕੂਲ ਹੈ, ਜੋ ਪਿੰਡ ਦੇ ਬੱਚਿਆਂ ਨੂੰ ਉੱਚ ਦਰਜੇ ਦੀ ਸਿੱਖਿਆ ਦੇਣ ਲਈ ਸਮਰਪਿਤ ਹੈ। ਇਸ ਮੌਕੇ ਬਾਬਾ ਫ਼ਰੀਦ ਸੰਸਥਾਵਾਂ ਵੱਲੋਂ ਸ. ਗੁਰਜਾਪ ਸਿੰਘ ਸੇਖੋਂ, ਸ. ਸੁਰਿੰਦਰ ਸਿੰਘ ਰੋਮਾਣਾ, ਸ. ਕੁਲਜੀਤ ਸਿੰਘ ਮੌਂਗੀਆ ਅਤੇ ਸ. ਨਰਿੰਦਰਪਾਲ ਸਿੰਘ ਬਰਾੜ ਨੇ ਟਰਸਟ ਦੇ ਪ੍ਰਬੰਧਕਾਂ ਨੂੰ 5 ਲੱਖ ਰੁਪਏ ਦੀ ਰਾਸ਼ੀ ਸੌਂਪਦੇ ਹੋਏ ਸਿੱਖਿਆ ਦੇ ਖੇਤਰ ਵਿੱਚ ਹੋ ਰਹੇ ਉੱਦਮਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਗੁਣਵੱਤਾ ਭਰੀ ਸਿੱਖਿਆ ਬਹੁਤ ਜ਼ਰੂਰੀ ਹੈ ਅਤੇ ਬਾਬਾ ਫ਼ਰੀਦ ਸੰਸਥਾਵਾਂ ਹਮੇਸ਼ਾਂ ਹੀ ਸਿੱਖਿਆ ਅਤੇ ਸਮਾਜ ਸੇਵਾ ਲਈ ਵਚਨਬੱਧ ਰਹਿਣਗੀਆਂ। ਟਰਸਟ ਪ੍ਰਬੰਧਕਾਂ ਨੇ ਇਸ ਉਪਰਾਲੇ ਲਈ ਬਾਬਾ ਫ਼ਰੀਦ ਸੰਸਥਾਵਾਂ ਦਾ ਦਿਲੋਂ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਇਹ ਸਹਿਯੋਗ ਸਕੂਲ ਦੀ ਨਵੀਂ ਇਮਾਰਤ ਦੀ ਉਸਾਰੀ ਅਤੇ ਵਿਦਿਆਰਥੀਆਂ ਦੇ ਭਵਿੱਖ ਨਿਰਮਾਣ ਵਿੱਚ ਮੀਲ ਪੱਥਰ ਸਾਬਤ ਹੋਵੇਗਾ।

