ਕੋਟਕਪੂਰਾ, 2 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸੰਯੁਕਤ ਦਿਵਿਆਂਗ ਮੋਰਚਾ ਵੱਲੋਂ ਨੇੜਲੇ ਪਿੰਡ ਹਰੀਨੌ ਵਿਖੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਅਹਿਮ ਮੀਟਿੰਗ ਕਰਕੇ ਦਿਵਿਆਂਗ ਵਰਗ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਮੀਟਿੰਗ ਦੌਰਾਨ ਰਾਜਨੀਤਕ ਸਥਿੱਤੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਜਗਤਾਰ ਸਿੰਘ ਕਲੇਰ ਅਤੇ ਅੰਗਰੇਜ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ 13 ਲੱਖ ਦਿਵਿਆਂਗ ਵੱਸਦੇ ਹਨ ਪਰ ਇਸ ਵੱਡੇ ਵਰਗ ਨੂੰ ਅਜੇ ਤੱਕ ਯੋਗ ਹੱਕ, ਸਹੂਲਤਾਂ ਅਤੇ ਪ੍ਰਤੀਨਿਧਤਾ ਨਹੀਂ ਮਿਲੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਦਿਵਿਆਂਗ ਮੁੱਦੇ ਅਹਿਮ ਚਰਚਾ ਦਾ ਕੇਂਦਰ ਬਣਨੇ ਚਾਹੀਦੇ ਹਨ। ਦਿਵਿਆਂਗ ਆਗੂਆਂ ਨੇ ਸਪੱਸ਼ਟ ਕੀਤਾ ਕਿ ਇਸ ਸਮੇਂ ਕਿਸੇ ਵੀ ਰਾਜਨੀਤਿਕ ਪਾਰਟੀ ਨੂੰ ਸਮਰਥਨ ਦੇਣ ਦਾ ਕੋਈ ਐਲਾਨ ਨਹੀਂ ਕੀਤਾ ਗਿਆ। ਜੇਕਰ ਅਕਾਲੀ ਦਲ 2027 ਦੀਆਂ ਚੋਣਾਂ ਤੋਂ ਪਹਿਲਾਂ ਦਿਵਿਆਂਗਾਂ ਦੀਆਂ ਮੰਗਾਂ ਨੂੰ ਸ਼ਾਮਲ ਕਰਦਿਆਂ ਆਪਣਾ ਚੋਣ ਮੈਨੀਫੈਸਟੋ ਜਾਰੀ ਕਰਦੀ ਹੈ ਤਾਂ ਹੀ ਸਮਰਥਨ ਬਾਰੇ ਫੈਸਲਾ ਲਿਆ ਜਾਵੇਗਾ। ਮੀਟਿੰਗ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਉਕਤ ਮੰਗਾਂ ਧਿਆਨ ਨਾਲ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਪਹਿਲ ਦੇ ਆਧਾਰ ’ਤੇ ਸਾਰੀਆਂ ਜਾਇਜ਼ ਮੰਗਾਂ ਨੂੰ ਜਮੀਨੀ ਪੱਧਰ ’ਤੇ ਲਾਗੂ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਦਿਵਿਆਂਗ ਵਰਗ ਆਪਣੇ ਹੱਕਾਂ ਅਤੇ ਸਨਮਾਨ ਲਈ ਇਕੱਠੇ ਹੋ ਕੇ ਸੰਘਰਸ਼ ਜਾਰੀ ਰੱਖੇਗਾ ਅਤੇ ਜੋ ਵੀ ਪਾਰਟੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਿਖਤੀ ਰੂਪ ਵਿੱਚ ਮੰਨੇਗੀ, ਉਸੇ ਨੂੰ 2027 ਵਿੱਚ ਸਮਰਥਨ ਦਿੱਤਾ ਜਾਵੇਗਾ।
