ਫਰੀਦਕੋਟ, 9 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਫਰੀਦਕੋਟ ਵਿੱਚ ਕਾਨੂੰਨ ਦੀ ਪਾਰਦਰਸ਼ੀ ਅਤੇ ਨਿਰਪੱਖ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਰਸ਼ ਸੱਚਰ ਨੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਵਿਸਥਾਰਪੂਰਵਕ ਰਿਪ੍ਰਜ਼ੈਂਟੇਸ਼ਨ ਭੇਜ ਕੇ ਫਰੀਦਕੋਟ ਵਿੱਚ ਪੁਲਿਸ ਦੇ ਕੰਮਕਾਜ ਨਾਲ ਜੁੜੇ ਕੁਝ ਮਸਲਿਆਂ ਦੀ ਨਿਰਪੱਖ ਜਾਂਚ ਕਰਨ ਦੀ ਬੇਨਤੀ ਕੀਤੀ ਹੈ। ਅਰਸ਼ ਸੱਚਰ ਨੇ ਕਿਹਾ ਕਿ ਹਾਲ ਹੀ ਵਿੱਚ ਮੈਡੀਕਲ ਕਾਲਜ ਪੁਲਿਸ ਚੌਂਕੀ ਫਰੀਦਕੋਟ ਨਾਲ ਸਬੰਧਤ ਇੱਕ ਮਾਮਲਾ ਅਖਬਾਰਾਂ ਵਿੱਚ ਸਾਹਮਣੇ ਆਇਆ ਹੈ, ਜਿਸ ਕਾਰਨ ਲੋਕਾਂ ਵਿੱਚ ਕਈ ਸਵਾਲ ਅਤੇ ਚਰਚਾਵਾਂ ਪੈਦਾ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸਭ ਤੋਂ ਜ਼ਰੂਰੀ ਗੱਲ ਇਹ ਹੈ ਕਿ ਕਾਨੂੰਨ ਦੀ ਪਾਲਣਾ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੋਵੇ, ਤਾਂ ਜੋ ਲੋਕਾਂ ਦਾ ਪ੍ਰਸ਼ਾਸਨ ’ਤੇ ਭਰੋਸਾ ਬਣਿਆ ਰਹੇ। ਉਨ੍ਹਾਂ ਨੇ ਮੁੱਖ ਮੰਤਰੀ ਜੀ ਨੂੰ ਬੇਨਤੀ ਕੀਤੀ ਹੈ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਮੈਡੀਕਲ ਕਾਲਜ ਪੁਲਿਸ ਚੌਂਕੀ ਦੇ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਸੰਭਾਲ ਕੇ ਜਾਂਚੀ ਜਾਵੇ, ਤਾਂ ਜੋ ਉਸ ਦਿਨ ਹੋਈ ਪੂਰੀ ਘਟਨਾ ਦੀ ਸੱਚਾਈ ਸਾਹਮਣੇ ਆ ਸਕੇ। ਅਰਸ਼ ਸੱਚਰ ਨੇ ਇਹ ਵੀ ਮੰਗ ਕੀਤੀ ਹੈ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪਿਛਲੇ ਛੇ ਮਹੀਨਿਆਂ ਦੀ ਸੀਸੀਟੀਵੀ ਰਿਕਾਰਡਿੰਗ ਅਤੇ ਚੌਂਕੀ ਦੀ ਕਾਰਗੁਜ਼ਾਰੀ ਦੀ ਵੀ ਸਮੀਖਿਆ ਕੀਤੀ ਜਾਵੇ, ਤਾਂ ਜੋ ਇਹ ਵੀ ਵੇਖਿਆ ਜਾ ਸਕੇ ਕਿ ਕਿਹੜੇ ਵਿਅਕਤੀ ਆਮ ਤੌਰ ’ਤੇ ਚੌਂਕੀ ਵਿੱਚ ਆਉਂਦੇ ਹਨ ਅਤੇ ਕੀ ਕੋਈ ਬਾਹਰੀ ਦਖ਼ਲਅੰਦਾਜ਼ੀ ਤਾਂ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾਂ ਜ਼ੀਰੋ ਟੋਲਰੈਂਸ ਪਾਲਿਸੀ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇ ਸਿਧਾਂਤਾਂ ’ਤੇ ਕੰਮ ਕਰਦੀ ਆ ਰਹੀ ਹੈ। ਇਸ ਲਈ ਜਿੱਥੇ ਵੀ ਲੋਕਾਂ ਵਿੱਚ ਕੋਈ ਸ਼ੰਕਾ ਪੈਦਾ ਹੁੰਦੀ ਹੈ, ਉਥੇ ਸੱਚਾਈ ਸਾਹਮਣੇ ਆਉਣਾ ਬਹੁਤ ਜ਼ਰੂਰੀ ਹੈ। ਅਰਸ਼ ਸੱਚਰ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸੇ ਵਿਅਕਤੀ ਨੂੰ ਨਿਸ਼ਾਨਾ ਬਣਾਉਣਾ ਨਹੀਂ, ਸਗੋਂ ਇਹ ਯਕੀਨੀ ਬਣਾਉਣਾ ਹੈ ਕਿ ਕਾਨੂੰਨ ਸਭ ਲਈ ਇੱਕੋ ਜਿਹਾ ਹੋਵੇ ਅਤੇ ਪ੍ਰਸ਼ਾਸਨ ਦੀ ਕਾਰਵਾਈ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਹੋਵੇ। ਉਨ੍ਹਾਂ ਨੇ ਕਿਹਾ ਕਿ ਫਰੀਦਕੋਟ ਦੇ ਲੋਕਾਂ ਦੇ ਹੱਕਾਂ, ਨਿਆਂ ਅਤੇ ਪਾਰਦਰਸ਼ੀ ਪ੍ਰਸ਼ਾਸਨ ਲਈ ਉਹ ਹਮੇਸ਼ਾਂ ਆਪਣੀ ਆਵਾਜ਼ ਉਠਾਉਂਦੇ ਰਹਿਣਗੇ ਅਤੇ ਇਸ ਮਾਮਲੇ ਵਿੱਚ ਵੀ ਸਰਕਾਰ ਨਾਲ ਪੂਰਾ ਸਹਿਯੋਗ ਦੇਣਗੇ।

