ਸਰੀ, 11 ਮਾਰਚ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼)
ਬ੍ਰਿਟਿਸ਼ ਕੋਲੰਬੀਆ ਦੀ ਸਰਕਾਰ ਵੱਲੋਂ ਸੂਬੇ ਦੇ ਧਾਰਮਿਕ ਅਸਥਾਨਾਂ ਦੀ ਮਰਿਆਦਾ ਅਤੇ ਸ਼ਾਂਤੀ ਨੂੰ ਬਹਾਲ ਰੱਖਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਵਿਧਾਨ ਸਭਾ ਵਿੱਚ ‘ਬਿੱਲ 13’ ਪੇਸ਼ ਕੀਤਾ ਗਿਆ ਹੈ। ਇਸ ਨਵੇਂ ਕਾਨੂੰਨ ਦੇ ਲਾਗੂ ਹੋਣ ਨਾਲ ਮੰਦਰਾਂ, ਗੁਰਦੁਆਰਿਆਂ, ਮਸੀਤਾਂ ਅਤੇ ਚਰਚ ਦੇ ਬਾਹਰ ਕਿਸੇ ਵੀ ਤਰ੍ਹਾਂ ਦੇ ਰੋਸ ਮੁਜ਼ਾਹਰੇ, ਹੰਗਾਮੇ ਜਾਂ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕਰਨ ਦੀ ਮੁਕੰਮਲ ਮਨਾਹੀ ਹੋਵੇਗੀ।
ਬੀਤੇ ਦਿਨੀਂ ਪ੍ਰੀਮੀਅਰ ਡੇਵਿਡ ਈਬੀ ਅਤੇ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਹੋਰਨਾਂ ਮੰਤਰੀਆਂ ਸਮੇਤ ਮੀਡੀਆ ਨਾਲ ਰੂ-ਬਰੂ ਹੁੰਦਿਆਂ ਇਸ ਬਿੱਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਆਗੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਸਰਕਾਰ ਨੇ ਸਪੱਸ਼ਟ ਕੀਤਾ ਕਿ ਲੋਕ ਧਾਰਮਿਕ ਸਥਾਨਾਂ ‘ਤੇ ਮਨ ਦੀ ਸ਼ਾਂਤੀ ਅਤੇ ਆਪਣੀ ਆਸਥਾ ਮੁਤਾਬਿਕ ਨਤਮਸਤਕ ਹੋਣ ਜਾਂਦੇ ਹਨ ਅਤੇ ਕਿਸੇ ਨੂੰ ਵੀ ਇਸ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਹ ਬਿੱਲ ਵੱਖ-ਵੱਖ ਧਾਰਮਿਕ ਸੰਸਥਾਵਾਂ ਵੱਲੋਂ ਸਰਕਾਰ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਸ਼ਿਕਾਇਤਾਂ ਅਤੇ ਚਿੰਤਾਵਾਂ ਤੋਂ ਬਾਅਦ ਤਿਆਰ ਕੀਤਾ ਗਿਆ ਹੈ। ਬਿੱਲ ਦੀ ਪਹਿਲੀ ਪੜਤ ਮੁਕੰਮਲ ਹੋ ਚੁੱਕੀ ਹੈ ਅਤੇ ਦੂਜੀ ਪੜਤ ਦੌਰਾਨ ਹੋਣ ਵਾਲੀ ਬਹਿਸ ਤੋਂ ਬਾਅਦ ਇਹ ਕਾਨੂੰਨੀ ਰੂਪ ਲੈ ਲਵੇਗਾ। ਇਹ ਕਾਨੂੰਨ ਸ਼ੁਰੂਆਤੀ ਤੌਰ ‘ਤੇ 2 ਸਾਲਾਂ ਲਈ ਲਾਗੂ ਹੋਵੇਗਾ ਅਤੇ ਹਾਲਾਤ ਨੂੰ ਦੇਖਦੇ ਹੋਏ ਇਸ ਦੀ ਮਿਆਦ ਅੱਗੇ ਵਧਾਈ ਜਾ ਸਕੇਗੀ।
ਅਟਾਰਨੀ ਜਨਰਲ ਨਿੱਕੀ ਸ਼ਰਮਾ ਵੱਲੋਂ ਪੇਸ਼ ਕੀਤੇ ਗਏ ਇਸ ਬਿੱਲ ਦਾ ਵਿਰੋਧੀ ਧਿਰ ਵੱਲੋਂ ਕੋਈ ਵਿਰੋਧ ਨਹੀਂ ਕੀਤਾ ਗਿਆ ਅਤੇ ਸਮੂਹ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਬੀ.ਸੀ. ਸਰਕਾਰ ਦੇ ਇਸ ਫੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ ਹੈ।
