ਸਰਕਾਰ ਤੋਂ ਡੀ.ਐਮ. ਗਗਨਦੀਪ ਰੰਧਵਾਂ ਦੇ ਖੁਦਕੁਸ਼ੀ ਮਾਮਲੇ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ
ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ
ਕੋਟਕਪੂਰਾ, 24 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸੰਯੁਕਤ ਕਿਸਾਨ ਮੋਰਚੇ ਦੇ ਉਲੇਕੇ ਹੋਏ ਪ੍ਰੋਗਰਾਮ ਦੀ ਲੜੀ ਦੇ ਤਹਿਤ ਅੱਜ ਭਗਤ ਸਿੰਘ ਪਾਰਕ ਫਰੀਦਕੋਟ ਵਿਖੇ ਸ਼ਹੀਦੇ ਆਜ਼ਮ ਭਗਤ ਸਿੰਘ ਅਤੇ ਸਾਥੀਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਮਰਾਜ ਵਿਰੋਧੀ ਦਿਵਸ ਦੇ ਤੌਰ ’ਤੇ ਮਨਾਇਆ ਗਿਆ ਅਤੇ ਆਜ਼ਾਦੀ ਖਾਤਰ ਕੁਰਬਾਨ ਹੋਏ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਾਈ ਕਨਹਈਆ ਚੌਕ ਤੱਕ ਲੋਕ ਵਿਰੋਧੀ ਨੀਤੀਆਂ ਖਿਲਾਫ ਮਾਰਚ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਿਲ ਆਗੂਆਂ ਵੱਲੋਂ ਸਾਮਰਾਜੀ ਮੁਲਕਾਂ ਵੱਲੋਂ ਇਰਾਨ ਉੱਤੇ ਕੀਤੇ ਹਮਲੇ ਦੀ ਸਖਤ ਨਿਖੇਧੀ ਕਰਦਿਆਂ ਸਾਮਰਾਜ ਵਿਰੋਧੀ ਹਮਲਿਆਂ ਖਿਲਾਫ ਇੱਕ ਜੁੱਟ ਹੋਣ ਦਾ ਸੱਦਾ ਦਿੱਤਾ ਗਿਆ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਬੋਲਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਸ੍ਰ ਭਗਤ ਸਿੰਘ ਰਾਜਗੁਰੂ ਸੁਖਦੇਵ ਨੂੰ ਸਾਡੀ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਲੋਕਾਂ ਦੀ ਲਾਮਬੰਦੀ ਤੇਜ਼ ਕਰਨੀ, ਬਰਾਬਰਤਾ ਦਾ ਸਮਾਜ ਸਿਰਜਣਾ, ਜਿਸ ਵਿੱਚ ਕੋਈ ਜਾਤ ਪਾਤ ਮਜ਼ਹਬ ਦਾ ਮਸਲਾ ਨਾ ਹੋਵੇ, ਲੋਕਾਂ ਦੀ ਤਰੱਕੀ ਵਾਸਤੇ ਵੱਡੀ ਇਕੱਤਰਤਾ ਕਰਨੀ ਅਤੇ ਸਾਮਰਾਜ ਦੇ ਹੱਲਿਆਂ ਦਾ ਮੂੰਹ ਤੋੜਵਾਂ ਜਵਾਬ ਦੇਣਾ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜੋ ਪਿਛਲੇ ਦਿਨੀਂ ਅਮਰੀਕਾ ਦੇ ਨਾਲ ਟਰੇਡ ਸਮਝੌਤਾ ਕਰਕੇ ਲੋਕਾਂ ਉਪਰ ਲੋਕ ਮਾਰੂ ਨੀਤੀਆਂ ਥੋਪੀਆਂ ਜਾ ਰਹੀਆਂ ਹਨ ਉਹਨਾਂ ਨੂੰ ਤੁਰਤ ਬੰਦ ਕਰਾਉਣਾ, ਬਿਜਲੀ ਸੋਧ ਬਿੱਲ 25 ਅਤੇ ਬੀਜ ਸੋਧ ਬਿੱਲ 25 ਰੱਦ ਕਰਾਉਣਾ, ਨਰੇਗਾ ਕਾਨੂੰਨ ਬਹਾਲ ਕਰਾਉਣਾ, ਚਾਰ ਲੇਬਰ ਕੋਡ ਰੱਦ ਕਰਾਉਣੇ ਆਦਿ ਮੰਗਾਂ ਨੂੰ ਲੈ ਕੇ ਲੋਕਾਂ ਨੂੰ ਲਾਮ ਬੰਦ ਕਰਨਾ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਿਲ ਕਿਸਾਨ, ਮੁਲਾਜ਼ਮ, ਮਜ਼ਦੂਰ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਕੌਮੀ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਡਕਾਉਂਦਾ ਧਨੇਰ, ਜਮਹੂਰੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ, ਕੁੱਲ ਹਿੰਦ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਪੰਜਾਬ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜ ਗਿੱਲ, ਨਰੇਗਾ ਯੂਨੀਅਨ, ਦਿਹਾਤੀ ਮਜ਼ਦੂਰ ਸਭਾ, ਪਸਸਫ 1406 ਫਰੀਦਕੋਟ, ਪਸਸਫ 1680 ਫਰੀਦਕੋਟ, ਪੀ.ਆਰ.ਟੀ.ਸੀ. ਯੂਨੀਅਨ ਆਜ਼ਾਦ, ਟੈਕਨੀਕਲ ਸਰਵਿਸਿਜ਼ ਯੂਨੀਅਨ, ਪੰਜਾਬ ਪੈਨਸ਼ਨਰ ਯੂਨੀਅਨ ਏਟਕ ਸ਼ਾਮਲ ਹੋਈਆਂ। ਅੰਤ ਵਿੱਚ ਤਰਨਤਾਰਨ ਵਿਖੇ ਬੀਤੇ ਦਿਨੀ ਵੇਅਰਹਾਊਸ ਦੇ ਡੀ.ਐਮ. ਗਗਨਦੀਪ ਸਿੰਘ ਰੰਧਾਵਾ ਵੱਲੋਂ ਕੀਤੀ ਗਈ ਖੁਦਕਸ਼ੀ ’ਤੇ ਦੁੱਖ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਗਈ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਸਮੇਂ ਵੱਡੀ ਗਿਣਤੀ ਵਿੱਚ ਕਿਸਾਨ, ਮੁਲਾਜ਼ਮ, ਮਜ਼ਦੂਰ ਆਦਿ ਵੀ ਸ਼ਾਮਲ ਸਨ।

