ਪੰਜਾਬ ਪੈਨਸ਼ਨਰਜ਼ ਯੂਨੀਅਨ ਜਿਲਾ ਫਰੀਦਕੋਟ ਨੇ ਕੀਤੀ ਮਹੀਨਾਵਾਰ ਮੀਟਿੰਗ
21 ਅਕਤੂਬਰ ਨੂੰ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਦੇ ਮੋਗਾ ਵਿਖੇ ਮਨਾਏ ਜਾ ਰਹੇ ਬਰਸੀ ਸਮਾਗਮ ਵਿੱਚ ਸ਼ਮੂਲੀਅਤ ਕਰਨਗੇ ਪੈਨਸ਼ਨਰ
ਫਰੀਦਕੋਟ ,14 ਅਕਤੂਬਰ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਪੈਨਸ਼ਨਰਜ਼ ਯੂਨੀਅਨ (ਸਬੰਧਤ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ ਚੰਡੀਗੜ੍ਹ) ਜ਼ਿਲ੍ਹਾ ਇਕਾਈ ਫਰੀਦਕੋਟ ਦੀ ਮਹੀਨਾਵਾਰ ਮੀਟਿੰਗ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਨੇੜੇ ਪੁਰਾਣਾ ਕਿਲਾ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਸ਼ੁਰੂ ਵਿੱਚ ਪਿਛਲੇ ਸਮੇਂ ਦੌਰਾਨ ਵਿਛੋੜਾ ਦੇ ਗਈਆਂ ਵੱਖ ਵੱਖ ਸ਼ਖਸ਼ੀਅਤਾਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ, ਪੈਨਸ਼ਨਰ ਆਗੂ ਅਸ਼ੋਕ ਕੌਸ਼ਲ, ਜ਼ਿਲ੍ਹਾ ਫਰੀਦਕੋਟ ਦੇ ਜਨਰਲ ਸਕੱਤਰ ਇਕਬਾਲ ਸਿੰਘ ਮੰਘੇੜਾ, ਵਿੱਤ ਸਕੱਤਰ ਸੋਮ ਨਾਥ ਅਰੋੜਾ, ਤਰਸੇਮ ਨਰੂਲਾ, ਅਮਰਜੀਤ ਕੌਰ ਛਾਬੜਾ, ਮੁਖਤਿਆਰ ਸਿੰਘ ਮੱਤਾ, ਪ੍ਰਿੰਸੀਪਲ ਬਲਵੀਰ ਸਿੰਘ ਬਰਾੜ ਤੇ ਮਦਨ ਲਾਲ ਸ਼ਰਮਾ ਨੇ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਪਿਛਲੇ ਢਾਈ ਸਾਲਾਂ ਦੇ ਰਾਜ ਭਾਗ ਦੌਰਾਨ ਅਪਣਾਈਆ ਗਈਆਂ ਨੀਤੀਆਂ ਕਾਰਨ, ਝੂਠੀ ਇਸ਼ਤਿਹਾਰਬਾਜ਼ੀ ਦੇ ਨਾਂ ‘ਤੇ ਹਰ ਰੋਜ਼ ਕਰੋੜਾਂ ਰੁਪਏ ਖਰਚ ਕਰਨ ਕਾਰਨ ਅਤੇ ਹੋਰਨਾਂ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਕੀਤੇ ਜਾ ਰਹੇ ਨਜਾਇਜ਼ ਖਰਚਿਆਂ ਕਾਰਨ ਪੰਜਾਬ ਸਿਰ ਦਿਨੋ ਦਿਨ ਲਏ ਜਾ ਰਹੇ ਹਜ਼ਾਰਾਂ ਕਰੋੜਾਂ ਰੁਪਏ ਦੇ ਕਰਜੇ ਦੀ ਪੰਡ ਭਾਰੀ ਹੋ ਰਹੀ ਹੈ ਅਤੇ ਖਜ਼ਾਨੇ ਦੀ ਹਾਲਤ ਦਿਨੋ ਦਿਨ ਨਿੱਘਰਦੀ ਜਾ ਰਹੀ ਹੈ। ਇਸ ਕਾਰਨ ਮੁਲਾਜ਼ਮਾ ਅਤੇ ਪੈਨਸ਼ਨਰਾਂ ਦੀਆਂ ਮਹਿੰਗਾਈ ਭੱਤੇ ਦੀਆਂ ਬਕਾਇਆ ਪਈਆਂ 12 ਫੀਸਦੀ ਤਿੰਨ ਕਿਸ਼ਤਾਂ ਨਹੀਂ ਦਿੱਤੀਆਂ ਜਾ ਰਹੀਆਂ, ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸਾਢੇ ਪੰਜ ਸਾਲਾਂ ਦਾ ਬਣਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਨਹੀਂ ਕੀਤਾ ਜਾ ਰਿਹਾ, ਪੁਰਾਣੀ ਪੈਨਸ਼ਨ ਸਕੀਮ ਅਸਲ ਰੂਪ ਵਿੱਚ ਬਹਾਲ ਨਹੀਂ ਕੀਤੀ ਜਾ ਰਹੀ ਸਮੂਹ ਕੱਚੇ, ਠੇਕਾ ਆਧਾਰਤ ਅਤੇ ਆਊਟ ਸੋਰਸ ਮੁਲਾਜ਼ਮਾਂ ਅਤੇ ਪਿਕਟਸ ਅਧੀਨ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ, ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਕੀਤੇ ਜਾ ਰਹੇ ਫੈਸਲੇ ਲਾਗੂ ਨਹੀਂ ਕੀਤੇ ਜਾ ਰਹੇ। ਪੰਜਾਬ ਸਰਕਾਰ ਵੱਲੋਂ ਇਸ ਮਸਲੇ ਦਾ ਸਹੀ ਹੱਲ ਕਰਨ ਦੀ ਬਜਾਏ ਅਫਸਰ ਸ਼ਾਹੀ ਦੀਆਂ ਵੱਡੇ ਪੱਧਰ ਤੇ ਬਦਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਿੱਲੀ ਤੋਂ ਇਨਕਮ ਟੈਕਸ ਵਿਭਾਗ ਦੇ ਸੇਵਾ ਮੁਕਤ ਅਧਿਕਾਰੀ ਅਰਬਿੰਦ ਮੋਦੀ ਵਰਗਿਆਂ ਨੂੰ ਵਿੱਤ ਵਿਭਾਗ ਦੇ ਮੁੱਖ ਸਲਾਹਕਾਰ ਬਣਾਕੇ ਅਤੇ ਕੈਬਨਿਟ ਮੰਤਰੀ ਵਾਲੀਆਂ ਸਹੂਲਤਾਂ ਦੇਕੇ ਲੋਕਾਂ ਦੇ ਗਲਾਂ ਤੇ ਹੋਰ ਕੈਂਚੀਆਂ ਚਲਾਉਣ ਦੇ ਰਾਹ ਲੱਭੇ ਜਾ ਰਹੇ ਹਨ। ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਪੰਜਾਬ ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂਆਂ ਨਾਲ ਤੁਰੰਤ ਮੀਟਿੰਗ ਕਰਕੇ ਸਾਰੇ ਮਸਲੇ ਹੱਲ ਕੀਤੇ ਜਾਣ, ਤਿਉਹਾਰੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਵੱਖ ਵੱਖ ਵਰਗਾਂ ਨੂੰ ਵਿੱਤੀ ਲਾਭ ਦੇਣ ਵਾਲੀਆਂ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ। ਆਗੂਆਂ ਨੇ ਪੰਜਾਬ ਸਰਕਾਰ ਨੂੰ ਇਹ ਚਿਤਾਵਨੀ ਵੀ ਦਿੱਤੀ ਕਿ ਜੇਕਰ ਇਹ ਮਸਲੇ ਤੁਰੰਤ ਹੱਲ ਨਾ ਕੀਤੇ ਗਏ ਤਾਂ ਪੰਜਾਬ ਵਿੱਚ ਵਿਧਾਨ ਸਭਾ ਦੀਆਂ ਆਉਣ ਵਾਲੀਆਂ ਚਾਰ ਜਿਮਨੀ ਚੋਣਾਂ ਦੌਰਾਨ ਮੁਲਾਜ਼ਮਾ ਅਤੇ ਪੈਨਸ਼ਨਰਾਂ ਦੇ ਤਿੱਖੇ ਵਿਰੋਧ ਲਈ ਤਿਆਰ ਰਹਿਣਾ ਚਾਹੀਦਾ ਹੈ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਫਰੀਦਕੋਟ ਜ਼ਿਲ੍ਹੇ ਦੇ ਪੈਨਸ਼ਨਰ 21 ਅਕਤੂਬਰ ਨੂੰ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਦੇ ਬੱਸ ਸਟੈਂਡ ਮੋਗਾ ਵਿਖੇ ਮਨਾਏ ਜਾ ਰਹੇ 36ਵੇਂ ਬਰਸੀ ਸਮਾਗਮ ਵਿੱਚ ਪੈਨਸ਼ਨਰ ਸ਼ਮੂਲੀਅਤ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਗੁਰਚਰਨ ਸਿੰਘ ਮਾਨ, ਨਛੱਤਰ ਸਿੰਘ ਭਾਣਾ, ਰਮੇਸ਼ ਢੈਪਈ, ਜਸਵਿੰਦਰ ਸਿੰਘ ਬਰਾੜ ਪੇਂਡੂ ਵਿਕਾਸ ਅਧਿਕਾਰੀ, ਗੇਜ ਰਾਮ ਭੌਰਾ, ਗੁਲਵੰਤ ਸਿੰਘ ਔਲਖ, ਰਮੇਸ਼ਵਰ ਸਿੰਘ ਸੁਪਰਡੈਂਟ, ਹਰਦੇਵ ਸਿੰਘ ਗਿੱਲ, ਜਸਪਾਲ ਸਿੰਘ, ਮਲਕੀਤ ਸਿੰਘ ਢਿੱਲਵਾਂ ਕਲਾਂ, ਮੇਜਰ ਸਿੰਘ, ਹਰਦੀਪ ਸਿੰਘ ਫਿੱਡੂ ਭਲਵਾਨ, ਗੁਰਦੀਪ ਭੋਲਾ, ਅਸ਼ੋਕ ਚਾਵਲਾ ਤੇ ਸੁਰਿੰਦਰ ਕੁਮਾਰ ਮੁੰਜਾਲ ਸੁਪਰਡੈਂਟ, ਸੁਖਵਿੰਦਰ ਸਿੰਘ ਵਾੜਾਦਰਾਕਾ, ਨਛੱਤਰ ਸਿੰਘ ਮੱਤਾ, ਮੰਦਰ ਸਿੰਘ ਤੇ ਜੋਗਿੰਦਰ ਸਿੰਘ ਛਾਬੜਾ ਆਦਿ ਵੀ ਸ਼ਾਮਲ ਸਨ।

