ਕੋਟਕਪੂਰਾ, 20 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਜ਼ਿਲ੍ਹਾ ਸੈਨਿਕ ਬੋਰਡ ਫਰੀਦਕੋਟ ਦੀ ਤਿਮਾਹੀ ਮੀਟਿੰਗ ਅਸ਼ੋਕ ਚੱਕਰ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਕਰਦਿਆਂ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਸੇਵਾ ਮੁਕਤ), ਸਕੱਤਰ, ਜ਼ਿਲ੍ਹਾ ਸੈਨਿਕ ਬੋਰਡ ਫਰੀਦਕੋਟ ਵੱਲੋਂ ਸਮੂਹ ਹਾਜ਼ਰੀਨ ਦਾ ਸਵਾਗਤ ਅਤੇ ਧੰਨਵਾਦ ਕੀਤਾ ਗਿਆ। ਉਨ੍ਹਾਂ ਮੀਟਿੰਗ ਦੌਰਾਨ ਪਿਛਲੇ ਅਤੇ ਚਾਲੂ ਵਿੱਤੀ ਸਾਲ ਦੌਰਾਨ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵੰਡੀਆਂ ਗਈਆਂ ਗਰਾਂਟਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਹੀ ਪਿਛਲੀ ਮੀਟਿੰਗ ਦੌਰਾਨ ਉਠਾਏ ਗਏ ਮੁੱਦਿਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਨੂੰ ਮਾਮਲਿਆਂ ਦੇ ਸਮਾਂਬੱਧ ਨਿਪਟਾਰੇ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ। ਗਰੁੱਪ ਕੈਪਟਨ ਢਿੱਲੋਂ ਨੇ ਪਿਛਲੇ ਵਿੱਤੀ ਸਾਲ ਦੌਰਾਨ ਝੰਡਾ ਫੰਡ ਲਈ ਯੋਗਦਾਨ ਪਾਉਣ ਵਾਲੇ ਸਮੂਹ ਦਾਨੀਆਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਵੱਧ ਚੜ੍ਹ ਕੇ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ। ਮੀਟਿੰਗ ਦੌਰਾਨ ਸਾਬਕਾ ਸੈਨਿਕਾਂ ਦੀਆਂ ਵਾਜਬ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਉਠਾਏ ਗਏ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਬੰਧਤ ਵਿਭਾਗਾਂ ਨੂੰ ਸਾਬਕਾ ਸੈਨਿਕਾਂ ਨਾਲ ਜੁੜੇ ਮਾਮਲਿਆਂ ਦਾ ਹਮਦਰਦੀ ਅਤੇ ਤਰਜੀਹ ਦੇ ਆਧਾਰ ’ਤੇ ਨਿਪਟਾਰਾ ਯਕੀਨੀ ਬਣਾਉਣ ਲਈ ਕਿਹਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮਾਂ ਲਈ ਆਉਣ ਵਾਲੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਵਿਸ਼ੇਸ਼ ਤੌਰ ’ਤੇ ਸੀਨੀਅਰ ਨਾਗਰਿਕਾਂ ਨੂੰ ਬਣਦਾ ਮਾਣ-ਸਨਮਾਨ ਦੇਣ ਅਤੇ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਨ ਦੀ ਅਪੀਲ ਵੀ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਸੈਨਿਕ ਬੋਰਡ ਫਰੀਦਕੋਟ ਦੇ ਗੈਰ-ਸਰਕਾਰੀ ਮੈਂਬਰ ਕੈਪਟਨ ਧਰਮ ਸਿੰਘ, ਸਾਬਕਾ ਹਵਾਲਦਾਰ ਗੁਰਚਰਨ ਸਿੰਘ ਕੈਂਥ, ਸ੍ਰੀ ਸੁਖਚੈਨ ਸਿੰਘ ਬਰਾੜ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਨੁਮਾਇੰਦੇ ਹਾਜ਼ਰ ਸਨ।

