ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ
ਸ਼ਾਮ 4 ਵਜੇ ਤੱਕ ਜ਼ਿਲ੍ਹੇ ਭਰ ’ਚ 77.76 ਫੀਸਦੀ ਹੋਈ ਪੋਲਿੰਗ
ਚੋਣਾਂ ਨੂੰ ਸਫਲਤਾ ਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਵਾਸੀਆਂ ਦਾ ਕੀਤਾ ਧੰਨਵਾਦ ਤੇ ਚੋਣ ਅਮਲੇ ਨੂੰ ਦਿੱਤੀ ਵਧਾਈ
ਬਠਿੰਡਾ, 17 ਅਕਤੂਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਜ਼ਿਲ੍ਹਾ ਚੋਣ ਅਫਸਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਅਧੀਨ ਪੈਂਦੇ 9 ਬਲਾਕ (ਬਠਿੰਡਾ, ਗੋਨਿਆਣਾ, ਰਾਮਪੁਰਾ, ਨਥਾਣਾ, ਭਗਤਾ, ਸੰਗਤ, ਫੂਲ, ਮੌੜ ਅਤੇ ਤਲਵੰਡੀ ਸਾਬੋ ’ਚ ਕੁੱਲ 318 ਪਿੰਡਾਂ ’ਚੋ 281 ਪਿੰਡਾਂ ਵਿੱਚ ਪੰਚਾਇਤੀ ਚੋਣਾਂ ਅਮਨ-ਅਮਾਨ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ’ਚ ਸ਼ਾਮ 4 ਵਜੇ ਤੱਕ 77.76 ਫੀਸਦੀ ਪੋਲਿੰਗ ਹੋਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 37 ਗ੍ਰਾਮ ਪੰਚਾਇਤਾਂ ਵਿੱਚ ਪਹਿਲਾਂ ਹੀ ਸਰਬਸੰਮਤੀ ਨਾਲ ਪੰਚ-ਸਰਪੰਚ ਚੁਣੇ ਗਏ ਸਨ।
ਇਸ ਤੋਂ ਪਹਿਲਾਂ ਜ਼ਿਲ੍ਹਾ ਚੋਣ ਅਫਸਰ ਨੇ ਜ਼ਿਲ੍ਹੇ ਦੇ ਪਿੰਡ ਗਿੱਲ ਪੱਤੀ, ਜੰਡਾਂਵਾਲਾ, ਹਰਰਾਏਪੁਰ, ਨੇਹੀਆਂਵਾਲਾ, ਲੱਖੀ ਜੰਗਲ, ਭਿਸੀਆਣਾ, ਵਿਰਕ ਕਲਾ, ਵਿਰਕ ਖੁਰਦ ਅਤੇ ਬੱਲੂਆਣਾ ਆਦਿ ਪਿੰਡਾਂ ਦੇ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਚੋਣ ਅਮਲੇ ਨੂੰ ਹਦਾਇਤ ਕਰਦਿਆਂ ਕਿਹਾ ਕਿ ਵੋਟਿੰਗ ਅਤੇ ਕਾਊਂਟਿੰਗ ਦੌਰਾਨ ਪੂਰੀ ਪਾਰਦਰਸ਼ਤਾ ਲਿਆਂਦੀ ਜਾਵੇ ਤੇ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਦੱਸਣਾ ਬਣਦਾ ਹੈ ਕਿ ਇੱਕਾ ਦੁੱਕਾ ਘਟਨਾਵਾਂ ਨੂੰ ਛੱਡ ਜ਼ਿਲੇ ਭਰ ਅੰਦਰ ਚੋਣਾਂ ਦਾ ਕੰਮ ਪੁਰ ਅਮਨ ਅਮਾਨ ਅਤੇ ਸ਼ਾਂਤੀ ਨਾਲ ਨੇਪਰੇ ਚੜ੍ਹਿਆ।
ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ ਨੇ ਵੱਖ-ਵੱਖ ਪੋਲਿੰਗ ਬੂਥਾਂ ’ਤੇ ਵੋਟਿੰਗ ਦੌਰਾਨ ਕਤਾਰਾਂ ’ਚ ਲੱਗੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ ਭੈਅ ਤੋਂ ਕਰਨ ਲਈ ਪ੍ਰੇਰਿਤ ਵੀ ਕੀਤਾ।
ਜ਼ਿਲ੍ਹਾ ਚੋਣ ਅਫਸਰ ਸ਼ੌਕਤ ਅਹਿਮਦ ਪਰੇ ਨੇ ਗ੍ਰਾਮ ਪੰਚਾਇਤੀ ਚੋਣਾਂ-2024 ਨੂੰ ਸ਼ਾਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜਿਥੇ ਸਮੁੱਚੇ ਚੋਣ ਅਮਲੇ ਦੀ ਸ਼ਲਾਘਾ ਕਰਦਿਆਂ ਵਧਾਈ ਦਿੱਤੀ, ਉਥੇ ਹੀ ਉਨ੍ਹਾਂ ਜ਼ਿਲ੍ਹਾ ਵਾਸੀਆਂ ਦਾ ਚੋਣਾਂ ਦੇ ਕਾਰਜ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਵਿੱਚ ਸਹਿਯੋਗ ਦੇਣ ’ਤੇ ਧੰਨਵਾਦ ਕੀਤਾ।
