ਸਰਕਾਰ ਘੇਸਲ ਛੱਡ ਕੇ ਮੁਲਾਜ਼ਮਾਂ ਦੀਆਂ ਮੰਗਾਂ ਤੁਰਤ ਮੰਨੇ : ਡੀ.ਟੀ.ਐਫ਼.
ਫਰੀਦਕੋਟ, 3 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਡੀ.ਟੀ.ਐਫ. ਫਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਦੀ ਅਗਵਾਈ ਵਿੱਚ ਫਰੀਦਕੋਟ ਵਿਖੇ ਜ਼ਿਲਾ ਕਮੇਟੀ ਮੈਂਬਰਾਂ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਅਤੇ ਗਗਨ ਪਾਹਵਾ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫਰੰਟ ਪੰਜਾਬ ਅਤੇ ਸਾਂਝਾ ਮੁਲਾਜਮ ਮੰਚ ਦੇ ਸੱਦੇ ’ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਅੱਗੇ 5 ਜੁਲਾਈ ਨੂੰ ਦਿੱਤੇ ਜਾਣ ਵਾਲੇ ਧਰਨੇ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ, ਫਰੀਦਕੋਟ ਭਰਵੀਂ ਸ਼ਮੂਲੀਅਤ ਕਰੇਗਾ। ਉਹਨਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋ ਪੈਂਡਿੰਗ ਮੰਗਾਂ ਜਿਵੇਂ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ, 18 ਫੀਸਦੀ ਪੈਂਡਿੰਗ ਡੀ ਏ ਤੁਰੰਤ ਜ਼ਾਰੀ ਕਰਨ, 2020 ਤੋ ਬਾਅਦ ਦੇ ਮੁਲਾਜ਼ਮਾਂ ਉੱਪਰ ਲਾਏ ਨਵੇਂ ਪੇ ਸਕੇਲ ਵਾਪਿਸ ਲੈਣੇ, ਪੇਂਡੂ ਭੱਤਾ, ਬਾਰਡਰ ਭੱਤਾ ਸਮੇਤ 37 ਤਰਾਂ ਦੇ ਭੱਤੇ ਬਹਾਲ ਕਰਨ, 3-7-11-15 ਦੀ ਏ ਸੀ ਪੀ ਸਕੀਮ ਬਹਾਲ ਕਰਨ ਵਰਗੀਆਂ ਮੰਗਾਂ ਪੂਰੀਆਂ ਕਰਨ ਤੋ ਸਰਕਾਰ ਅਨਾਕਾਨੀ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਕੰਪਿਊਟਰ ਅਧਿਆਪਕ, ਮੈਰੀਟੋਰੀਅਸ ਅਧਿਆਪਕ, ਕੱਚੇ ਅਧਿਆਪਕ ਅਤੇ ਐੱਨ.ਐੱਸ.ਕਿਉ.ਐਫ਼. ਅਧਿਆਪਕ ਪੂਰੇ ਸਕੇਲਾਂ ਵਿੱਚ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ, ਪ੍ਰੋਬੇਸ਼ਨ ਪੀਰਡ ਦੌਰਾਨ ਬੇਸਿਕ ਪੇ ਦੇਣ ਵਾਲਾ ਮੁਲਾਜ਼ਮ ਮਾਰੂ 15-1-15 ਦਾ ਲੈਟਰ ਵਾਪਿਸ ਲੈਣ, 200 ਰੁਪਏ ਕੱਟਿਆ ਜਾਂਦਾ ਵਿਕਾਸ ਫੰਡ ਵਾਪਿਸ ਲੈਣਾ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਮੁਲਾਜ਼ਮ ਇੱਕ ਮੰਚ ’ਤੇ ਇਕੱਠੇ ਹੋ ਗਏ ਹਨ। ਆਗੂਆਂ ਨੇ ਕਿਹਾ ਕਿ ਅਧਿਆਪਕਾਂ ਉੱਪਰ ਗ਼ੈਰ ਵਿਦਿਅਕ ਕੰਮਾਂ ਦਾ ਬੋਝ ਪਾ ਕੇ ਉਹਨਾਂ ਨੂੰ ਉਹਨਾਂ ਦੇ ਬੁਨਿਆਦੀ ਕੰਮ ਸਿੱਖਿਆ ਤੋ ਦੂਰ ਕੀਤਾ ਜਾ ਰਿਹਾ ਹੈ ਜਿਸ ਨਾਲ ਅਧਿਆਪਕਾਂ ਵਿੱਚ ਗੁੱਸੇ ਦੀ ਲਹਿਰ ਹੈ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਹਰਜਸਦੀਪ ਸਿੰਘ ਅਤੇ ਵਿੱਤ ਸਕੱਤਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਹੁਣ ਸਰਕਾਰ ਖਿਲਾਫ ਆਰ ਪਾਰ ਦੀ ਲੜਾਈ ਲੜੀ ਜਾਵੇਗੀ ਜਿਸ ਤਹਿਤ 5 ਜੁਲਾਈ ਦੇ ਸੰਧਵਾਂ ਦੇ ਧਰਨੇ ਤੋੰ ਇਲਾਵਾ 11 ਜੁਲਾਈ ਨੂੰ ਕੈਬਨਿਟ ਮੰਤਰੀਆਂ ਦੇ ਘਰਾਂ ਦੇ ਬਾਹਰ ਵੀ ਧਰਨੇ ਦਿੱਤੇ ਜਾਣਗੇ ਅਤੇ 17 ਜੁਲਾਈ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਮਹਾਂ ਰੈਲੀ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਡੀਟੀਓ ਵੱਲੋਂ ਇਹਨਾਂ ਸਾਰੇ ਪ੍ਰੋਗਰਾਮਾਂ ਵਿੱਚ ਵੱਧ ਚੜ ਕੇ ਹਿੱਸਾ ਲਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਇਸ਼ਤਿਹਾਰਾਂ ਰਾਹੀਂ ਪੰਜਾਬ ਦੇ ਖਜਾਨੇ ਦਾ ਉਜਾੜਾ ਕੀਤਾ ਜਾ ਰਿਹਾ ਹੈ ਪਰ ਪੰਜਾਬ ਦੇ ਮੁਲਾਜ਼ਮ ਆਪਣੇ ਹੱਕਾਂ ਲਈ ਨਿੱਤ ਦਿਨ ਸੜਕਾਂ ਤੇ ਉਤਰ ਰਹੇ ਹਨ ।ਆਗੂਆਂ ਨੇ ਕਿਹਾ ਕਿ ਚੋਣਾਂ ਵਿੱਚ ਕੁਝ ਮਹੀਨੇ ਹੀ ਬਾਕੀ ਹਨ ਅਤੇ ਮੁਲਾਜ਼ਮਾਂ ਨਾਲ ਸਰਕਾਰ ਵੱਲੋਂ ਕੀਤੀ ਵਾਅਦਾ ਖਿਲਾਫੀ ਦਾ ਨਤੀਜਾ ਵਿਧਾਨ ਸਭਾ ਚੋਣਾਂ ਵਿੱਚ ਵੇਖਣ ਨੂੰ ਮਿਲੇਗਾ। ਇਸ ਮੌਕੇ ਜਿਲ੍ਹਾ ਕਮੇਟੀ ਮੈਂਬਰ ਕੁਲਦੀਪ ਸਿੰਘ ਘਣੀਆਂ, ਸਵਰਨਪਾਲ ਸਿੰਘ, ਗੁਰਸੇਵਕ ਸਿੰਘ, ਜਸਪ੍ਰੀਤ ਸਿੰਘ ਸੰਧੂ, ਮਦਨ ਲਾਲ ਅਤੇ ਲਵਕਰਨ ਸਿੰਘ ਹਾਜ਼ਰ ਸਨ।

