ਕੋਟਕਪੂਰਾ, 4 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਹਲਕਾ ਫ਼ਰੀਦਕੋਟ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਐੱਸ.ਐੱਸ.ਪੀ. ਫ਼ਰੀਦਕੋਟ ਗੁਰਬੰਸ ਸਿੰਘ ਬੈਂਸ ਨਾਲ ਮੁੱਖ ਦਫ਼ਤਰ ਐੱਸ.ਐੱਸ.ਪੀ. ਵਿਖੇ ਹੋਈ। ਇਹ ਮੀਟਿੰਗ ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਅਤੇ ਨਸ਼ਾ ਮੁਕਤੀ ਮੋਰਚਾ ਮਾਲਵਾ ਸੈਂਟਰ ਦੇ ਇੰਚਾਰਜ ਸ. ਗਗਨਦੀਪ ਸਿੰਘ ਧਾਲੀਵਾਲ ਦੀ ਅਗਵਾਈ ਅਤੇ ਜ਼ਿਲ੍ਹਾ ਕੋਆਰਡੀਨੇਟਰ ਪ੍ਰੋ. ਗੁਰਸੇਵਕ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਮੀਟਿੰਗ ਦੌਰਾਨ ਨਸ਼ਾ ਤਸਕਰੀ ਨੂੰ ਜੜ੍ਹੋਂ ਖਤਮ ਕਰਨ ਲਈ ਅਗਲੀ ਰਣਨੀਤੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ ਨੇ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਨੂੰ ਭਰੋਸਾ ਦਿਵਾਇਆ ਕਿ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਜ਼ਿਲ੍ਹਾ ਪੁਲਿਸ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਗਗਨਦੀਪ ਸਿੰਘ ਧਾਲੀਵਾਲ ਅਤੇ ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ ਵੱਲੋਂ ਨਸ਼ਾ ਮੁਕਤੀ ਮੋਰਚਾ ਹਲਕਾ ਫ਼ਰੀਦਕੋਟ ਦੇ ਅਹੁਦੇਦਾਰਾਂ ਨੂੰ ਪਛਾਣ ਪੱਤਰ (ਆਈ.ਡੀ. ਕਾਰਡ) ਸੌਂਪੇ ਗਏ। ਉਨ੍ਹਾਂ ਕਿਹਾ ਕਿ ਇਹ ਪਹਿਚਾਣ ਪੱਤਰ ਅਹੁਦੇਦਾਰਾਂ ਨੂੰ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਅਤੇ ਪ੍ਰਸ਼ਾਸਨ ਨਾਲ ਤਾਲਮੇਲ ਬਣਾ ਕੇ ਕੰਮ ਕਰਨ ਵਿੱਚ ਸਹਾਇਕ ਸਾਬਤ ਹੋਣਗੇ।

