ਫ਼ਰੀਦਕੋਟ, 8 ਜੁਲਾਈ (ਵਰਲਡ ਪੰਜਾਬੀ ਟਾਈਮਜ਼)
ਭਾਰਤ ਦੇ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.-2026) ਦੀ ਪ੍ਰਕਿਰਿਆ ਜਾਰੀ ਹੈ। ਇਸੇ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ, ਆਈ.ਏ.ਐਸ. ਵੱਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਮਾਨਤਾ ਪ੍ਰਾਪਤ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਪੋਲਿੰਗ ਬੂਥ ‘ਤੇ 1200 ਤੋਂ ਵੱਧ ਵੋਟਰ ਨਾ ਹੋਣ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਦੇ ਸਾਰੇ ਪੋਲਿੰਗ ਬੂਥਾਂ ‘ਤੇ ਇਸ ਹਦਾਇਤ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਗਈ ਹੈ ਅਤੇ ਹਰ ਪੋਲਿੰਗ ਸਟੇਸ਼ਨ ‘ਤੇ ਘੱਟੋਂ ਘੱਟ ਲੋੜੀਂਦੀਆਂ ਸਹੂਲਤਾਂ ਵੀ ਯਕੀਨੀ ਬਣਾਈਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਲੋੜ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਵਿੱਚ ਨਵੇਂ ਪੋਲਿੰਗ ਸਟੇਸ਼ਨ ਸਥਾਪਤ ਕਰਨ ਦੀ ਤਜਵੀਜ਼ ਤਿਆਰ ਕੀਤੀ ਗਈ ਹੈ। ਇਸ ਅਨੁਸਾਰ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 511 ਤੋਂ ਵਧਾ ਕੇ 553 ਕਰਨ ਦਾ ਪ੍ਰਸਤਾਵ ਮੁੱਖ ਚੋਣ ਅਫ਼ਸਰ ਪੰਜਾਬ ਰਾਹੀਂ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਨੂੰ ਪ੍ਰਵਾਨਗੀ ਲਈ ਭੇਜਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 87-ਫ਼ਰੀਦਕੋਟ ਵਿੱਚ 22 ਪੇਂਡੂ ਅਤੇ 3 ਸ਼ਹਿਰੀ, 88-ਕੋਟਕਪੂਰਾ ਵਿੱਚ 6 ਪੇਂਡੂ ਅਤੇ 6 ਸ਼ਹਿਰੀ, ਜਦਕਿ 89-ਜੈਤੋਂ ਵਿੱਚ 4 ਪੇਂਡੂ ਅਤੇ 1 ਸ਼ਹਿਰੀ ਸਮੇਤ ਜ਼ਿਲ੍ਹੇ ਵਿੱਚ ਕੁੱਲ 42 ਨਵੇਂ ਪੋਲਿੰਗ ਬੂਥ ਸਥਾਪਤ ਕਰਨ ਦੀ ਤਜਵੀਜ਼ ਹੈ।
ਮੀਟਿੰਗ ਵਿੱਚ ਜ਼ਿਲ੍ਹਾ ਚੋਣ ਤਹਿਸੀਲਦਾਰ ਸ੍ਰੀਮਤੀ ਪੂਨਮ ਸਿੱਧੂ, ਆਮ ਆਦਮੀ ਪਾਰਟੀ ਤੋਂ ਸ੍ਰੀ ਰਾਜਦੀਪ ਸਿੰਘ ਅਤੇ ਸ੍ਰੀ ਜਗਜੀਤ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸ੍ਰੀ ਪਰਗਟ ਸਿੰਘ, ਸ੍ਰੀ ਲਖਵਿੰਦਰ ਸਿੰਘ, ਸ੍ਰੀ ਮਨਜਿੰਦਰ ਸਿੰਘ ਸਿਮਰੇਵਾਲਾ ਅਤੇ ਸ੍ਰੀ ਸ਼ਗਨਦੀਪ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਸ੍ਰੀ ਮੇਜਰ ਸਿੰਘ ਅਤੇ ਸ੍ਰੀ ਸੁਰਿੰਦਰ ਸਿੰਘ, ਕਮਿਊਨਿਸਟ ਪਾਰਟੀ ਆਫ਼ ਇੰਡੀਆ (ਐੱਮ) ਤੋਂ ਸ੍ਰੀ ਠਾਕਰ ਸਿੰਘ ਹਾਜ਼ਰ ਸਨ।

