ਡਿਪਟੀ ਕਮਿਸ਼ਨਰ ਤੋਂ 24 ਅਗਸਤ ਦੀ ਅਗਲੀ ਸੁਣਵਾਈ ਲਈ ਰਿਪੋਰਟ ਤਲਬ
ਫ਼ਰੀਦਕੋਟ, 15 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇਕ ਲਵਾਰਸ ਮਰੀਜ਼ ਦੀ ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਹਸਪਤਾਲ ਤੋਂ ਬਾਹਰ ਲਿਜਾ ਕੇ ਸ਼ਮਸ਼ਾਨਘਾਟ ਨੇੜੇ ਛੱਡਣ ਦੇ ਮਾਮਲੇ ਦਾ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਨੇ ਖ਼ੁਦ ਨੋਟਿਸ ਲਿਆ ਹੈ। ਕਮਿਸ਼ਨ ਨੇ ਮਾਮਲੇ ਨੂੰ ਗੰਭੀਰ ਮੰਨਦਿਆਂ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਨੂੰ ਨੋਟਿਸ ਜਾਰੀ ਕਰਕੇ ਵਿਸਥਾਰਤ ਰਿਪੋਰਟ ਤਲਬ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਹਸਪਤਾਲ ਵਿੱਚ ਇਲਾਜ ਅਧੀਨ ਇਕ ਅਣਪਛਾਤੇ ਮਰੀਜ਼ ਦੀ ਮੌਤ ਤੋਂ ਬਾਅਦ ਡਿਊਟੀ ’ਤੇ ਤਾਇਨਾਤ ਮੁਲਾਜ਼ਮ ਉਸਦੀ ਲਾਸ਼ ਨੂੰ ਵੀਲ੍ਹ ਚੇਅਰ ’ਤੇ ਹਸਪਤਾਲ ਤੋਂ ਬਾਹਰ ਲੈ ਗਏ ਅਤੇ ਸ਼ਮਸ਼ਾਨਘਾਟ ਨੇੜੇ ਛੱਡ ਦਿੱਤਾ। ਮਾਮਲਾ ਸਾਹਮਣੇ ਆਉਣ ਅਤੇ ਲੋਕਾਂ ਵਿੱਚ ਰੋਸ ਵਧਣ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਹਰਕਤ ਵਿੱਚ ਆਇਆ ਅਤੇ ਲਾਸ਼ ਨੂੰ ਵਾਪਸ ਲਿਆ ਕੇ ਮੁਰਦਾਘਰ ਵਿੱਚ ਰਖਵਾਇਆ ਗਿਆ। ਇਸ ਮਾਮਲੇ ਵਿੱਚ ਸਬੰਧਤ ਡਾਕਟਰ ਅਤੇ ਡਿਊਟੀ ’ਤੇ ਤਾਇਨਾਤ ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ। ਬੁੱਧਵਾਰ ਨੂੰ ਕਮਿਸ਼ਨ ਦੀ ਪੂਰਨ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ। ਬੈਂਚ ਵਿੱਚ ਚੇਅਰਪਰਸਨ ਜਸਟਿਸ ਸੰਤ ਪ੍ਰਕਾਸ਼, ਮੈਂਬਰ ਜਸਟਿਸ ਗੁਰਬੀਰ ਸਿੰਘ ਅਤੇ ਪਦਮਸ਼੍ਰੀ ਨਾਲ ਸਨਮਾਨਿਤ ਮੈਂਬਰ ਜਤਿੰਦਰ ਸਿੰਘ ਸ਼ੰਟੀ ਸ਼ਾਮਲ ਸਨ। ਕਮਿਸ਼ਨ ਨੇ ਘਟਨਾ ਨੂੰ ਮਨੁੱਖੀ ਮਾਣ-ਮਰਿਆਦਾ ਨਾਲ ਜੁੜਿਆ ਗੰਭੀਰ ਮਾਮਲਾ ਮੰਨਦਿਆਂ ਸਿਵਲ ਸਰਜਨ ਅਤੇ ਡਿਪਟੀ ਕਮਿਸ਼ਨਰ ਤੋਂ ਵਿਸਥਾਰਤ ਪਾਲਣਾ ਰਿਪੋਰਟ ਮੰਗੀ ਹੈ। ਕਮਿਸ਼ਨ ਦੇ ਹੁਕਮਾਂ ਅਤੇ ਪ੍ਰਕਾਸ਼ਿਤ ਖ਼ਬਰਾਂ ਦੀਆਂ ਕਾਪੀਆਂ ਪੰਜਾਬ ਦੇ ਸਿਹਤ ਸਕੱਤਰ ਨੂੰ ਵੀ ਜਾਣਕਾਰੀ ਲਈ ਭੇਜੀਆਂ ਜਾ ਰਹੀਆਂ ਹਨ। ਮਾਮਲੇ ਦੀ ਅਗਲੀ ਸੁਣਵਾਈ 24 ਅਗਸਤ 2026 ਨੂੰ ਹੋਵੇਗੀ। ਉਦੋਂ ਤੱਕ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਪਣੀ ਰਿਪੋਰਟ ਕਮਿਸ਼ਨ ਅੱਗੇ ਪੇਸ਼ ਕਰਨੀ ਹੋਵੇਗੀ।
