ਗੈਰੀ ਵੜਿੰਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਮੌਕੇ ਦਾ ਜਾਇਜ਼ਾ ਲਿਆ ਗਿਆ

ਕੋਟਕਪੂਰਾ, 17 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮਾਣਯੋਗ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਹਲਕੇ ਦੇ ਸਰਵਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਲਈ ਰੰਗਲਾ ਪੰਜਾਬ ਸਕੀਮ ਅਧੀਨ ਜਾਰੀ ਕੀਤੇ ਗਏ ਫੰਡਾਂ ਵਿੱਚੋਂ ਨਗਰ ਕੌਂਸਲ ਕੋਟਕਪੂਰਾ ਨੂੰ ਵੀ ਵੱਡੀ ਰਕਮ ਪ੍ਰਾਪਤ ਹੋਈ ਹੈ। ਇਨ੍ਹਾਂ ਫੰਡਾਂ ਨੂੰ ਲੋਕ ਭਲਾਈ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਵਰਤਣ ਦੇ ਉਦੇਸ਼ ਨਾਲ ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੈਰੀ ਵੜਿੰਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਮੌਕੇ ਦਾ ਜਾਇਜ਼ਾ ਲਿਆ ਗਿਆ।
ਇਸ ਦੌਰਾਨ ਵਾਰਡ ਨੰਬਰ 19, 20, 22, 17 ਅਤੇ 9 ਸਮੇਤ ਸ਼ਹਿਰ ਦੇ ਹੋਰ ਵੱਖ-ਵੱਖ ਹਿੱਸਿਆਂ ਵਿੱਚ ਵਿਕਾਸ ਕਾਰਜਾਂ ਲਈ ਸੰਭਾਵਿਤ ਸਥਾਨਾਂ ਦਾ ਨਿਰੀਖਣ ਕੀਤਾ ਗਿਆ। ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੇ ਅਸਟੀਮੇਟ ਬਿਹਤਰ, ਪਾਰਦਰਸ਼ੀ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ, ਤਾਂ ਜੋ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਫੰਡਾਂ ਦੀ ਪ੍ਰਭਾਵਸ਼ਾਲੀ ਅਤੇ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਇਆ ਜਾ ਸਕੇ। ਰੰਗਲਾ ਪੰਜਾਬ ਸਕੀਮ ਅਧੀਨ ਪ੍ਰਾਪਤ ਹੋਏ ਫੰਡਾਂ ਦਾ ਇੱਕ ਵੱਡਾ ਹਿੱਸਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਬਣਨ ਵਾਲੀਆਂ ਧਰਮਸ਼ਾਲਾਵਾਂ ਦੇ ਨਿਰਮਾਣ ਅਤੇ ਵਿਕਾਸ ਕਾਰਜਾਂ ਲਈ ਖਰਚ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਨੂੰ ਸਮਾਜਿਕ, ਧਾਰਮਿਕ ਅਤੇ ਸਾਂਝੀਆਂ ਗਤੀਵਿਧੀਆਂ ਲਈ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ।
ਇਸ ਤੋਂ ਇਲਾਵਾ ਨਗਰ ਕੌਂਸਲ ਦੀ ਮਲਕੀਅਤ ਹੇਠ ਪਈਆਂ ਖਾਲੀ ਜਗ੍ਹਾਵਾਂ ਨੂੰ ਲੋਕ ਭਲਾਈ ਦੇ ਮੱਦੇਨਜ਼ਰ ਵਿਕਸਤ ਕਰਨ ਦੀ ਯੋਜਨਾ ਵੀ ਤਿਆਰ ਕੀਤੀ ਗਈ ਹੈ। ਇਸ ਤਹਿਤ ਇਨ੍ਹਾਂ ਥਾਵਾਂ ‘ਤੇ ਪਾਰਕਾਂ ਦਾ ਨਿਰਮਾਣ ਅਤੇ ਸੁੰਦਰਿਕਰਨ ਕਰਵਾਇਆ ਜਾਵੇਗਾ। ਖ਼ਾਸ ਤੌਰ ‘ਤੇ ਵਾਰਡ ਨੰਬਰ 19 ਵਿੱਚ ਵਾਟਰ ਵਰਕਸ ਦੇ ਸਾਹਮਣੇ ਪਈ ਖਾਲੀ ਜਗ੍ਹਾ ਨੂੰ ਇੱਕ ਆਧੁਨਿਕ ਅਤੇ ਸੁੰਦਰ ਪਾਰਕ ਵਜੋਂ ਵਿਕਸਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਰੰਗਲਾ ਪੰਜਾਬ ਸਕੀਮ ਅਧੀਨ ਪ੍ਰਾਪਤ ਫੰਡਾਂ ਵਿੱਚੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਰ ਚਾਰ ਪਾਰਕਾਂ ਦੇ ਨਿਰਮਾਣ ਅਤੇ ਵਿਕਾਸ ਦੇ ਕੰਮ ਵੀ ਕਰਵਾਏ ਜਾਣਗੇ। ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਕੋਟਕਪੂਰਾ ਸ਼ਹਿਰ ਨੂੰ ਸੁੰਦਰ, ਸਾਫ਼-ਸੁਥਰਾ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਬਣਾਉਣ ਲਈ ਨਗਰ ਕੌਂਸਲ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ ਅਤੇ ਕੋਟਕਪੂਰਾ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ਤੱਕ ਲਿਜਾਇਆ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਮ.ਸੀ. ਮਨਦੀਪ ਸਿੰਘ ਮੋਂਗਾ, ਜਗਜੀਤ ਸਿੰਘ, ਗੁਰਸੇਵਕ ਸਿੰਘ, ਵਾਰਡ ਨੰਬਰ 19 ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਮਾਣਕ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਅਤੇ ਅਹੁਦੇਦਾਰ ਵੀ ਹਾਜ਼ਰ ਸਨ।

