*ਨੌਜਵਾਨ ਪੀੜ੍ਹੀ ਨੂੰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨਾਲ ਜੋੜ ਰਹੀ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲ*
ਲੁਧਿਆਣਾ, 23 ਜੁਲਾਈ: (ਵਰਲਡ ਪੰਜਾਬੀ ਟਾਈਮਜ਼)
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਰਪਿਤ ਪੰਜਾਬ ਸਰਕਾਰ ਵੱਲੋਂ ਬਲਾਕ ਮਾਛੀਵਾੜਾ ਸਾਹਿਬ ਦੇ ਪਿੰਡ ਰਾਣਵਾਂ, ਪਿੰਡ ਭੱਟੀਆ ਅਤੇ ਬਲਾਕ ਜਗਰਾਉਂ ਦੇ ਪਿੰਡ ਅੱਬੂਪੁਰਾ ਵਿੱਚ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਗਈ।
ਇਸ ਮੌਕੇ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ, ਆਪਸੀ ਭਾਈਚਾਰੇ, ਮਨੁੱਖਤਾ ਅਤੇ ਸਮਾਜਿਕ ਸਦਭਾਵਨਾ ਬਾਰੇ ਦਿੱਤੇ ਸੰਦੇਸ਼ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਗਿਆ ।
ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਲੁਧਿਆਣਾ ਜ਼ਿਲੇ ਵਿੱਚ 2 ਵੈਨਾਂ ਰਾਹੀ ਰੋਜਾਨਾਂ ਪਿੰਡਾਂ ਵਿੱਚ ਇਹ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸ ਮੌਕੇ ਪਿੰਡਾਂ ਦੇ ਸਰਪੰਚਾਂ, ਪੰਚਾਇਤ ਨੁਮਾਇੰਦਿਆਂ, ਨੌਜਵਾਨਾਂ, ਮਹਿਲਾਵਾਂ, ਬਜ਼ੁਰਗਾਂ ਅਤੇ ਪਿੰਡ ਵਾਸੀਆਂ ਵਲੋਂ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਡਾਕੂਮੈਂਟਰੀ ਦੇਖੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਦੀ ਸ਼ਲਾਘਾ ਕਰਦਿਆਂ ਪਿੰਡਾਂ ਦੇ ਵਸਨੀਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਕਦਮੀਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਮਨੁੱਖੀ ਭਲਾਈ ਲਈ ਦਿੱਤੇ ਉਨ੍ਹਾਂ ਦੇ ਪ੍ਰੇਰਣਾਦਾਇਕ ਸੰਦੇਸ਼ਾਂ ਨੂੰ ਜਾਣਨ ਅਤੇ ਸਮਝਣ ਦਾ ਮੌਕਾ ਮਿਲ ਰਿਹਾ ਹੈ।
ਪਿੰਡ ਵਾਸੀਆਂ ਨੇ ਡਾਕੂਮੈਂਟਰੀ ਨੂੰ ਪ੍ਰੇਰਣਾਦਾਇਕ ਅਤੇ ਸਮਾਜ ਲਈ ਮਾਰਗਦਰਸ਼ਕ ਦੱਸਿਆ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਵੀ ਸ੍ਰੀ ਗੁਰੂ ਰਵਿਦਾਸ ਜੀ ਦੇ ਵਿਚਾਰ ਸਮਾਜਿਕ ਏਕਤਾ, ਭਾਈਚਾਰੇ, ਬਰਾਬਰੀ ਅਤੇ ਆਪਸੀ ਸਤਿਕਾਰ ਦੇ ਰਾਹ ’ਤੇ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਸਮਾਜਿਕ ਸਦਭਾਵਨਾ ਅਤੇ ਬਰਾਬਰੀ ਨੂੰ ਹੋਰ ਮਜ਼ਬੂਤ ਕਰਨ ਲਈ ਅਜਿਹੀਆਂ ਜਨ-ਜਾਗਰੂਕਤਾ ਮੁਹਿੰਮਾਂ ਨੂੰ ਲਗਾਤਾਰ ਜਾਰੀ ਰੱਖਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ।
ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਤਾਰ ਜਾਰੀ ਰਹੇਗੀ, ਤਾਂ ਜੋ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਬਰਾਬਰੀ, ਮਨੁੱਖਤਾ ਤੇ ਸਰਬੱਤ ਦੇ ਭਲੇ ਦਾ ਸੰਦੇਸ਼ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾ ਸਕੇ।

