*ਆਂਗਣਵਾੜੀ ਵਰਕਰ ਸਮਾਜ ਦੇ ਭਵਿੱਖ ਦੀ ਮਜ਼ਬੂਤ ਨੀਂਹ: ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ*
*ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਯੋਗਤਾ ਅਧਾਰਿਤ ਭਰਤੀਆਂ ਜਾਰੀ: ਹਰਦੀਪ ਸਿੰਘ ਮੁੰਡੀਆਂ*
ਲੁਧਿਆਣਾ, 23 ਜੁਲਾਈ:(ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ-ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਅੱਜ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਆਪਣੇ ਦਫ਼ਤਰ ਮੁੰਡੀਆਂ ਵਿਖੇ ਹਲਕਾ ਸਾਹਨੇਵਾਲ ਦੀਆਂ 24 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਸਾਰੀਆਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ ਸਮਾਜ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ, ਕਿਉਂਕਿ ਉਹ ਗਰਭਵਤੀ ਮਹਿਲਾਵਾਂ, ਦੁੱਧ ਪਿਆਉਣ ਵਾਲੀਆਂ ਮਾਵਾਂ ਅਤੇ ਛੋਟੇ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਨਾਲ ਜੁੜੀਆਂ ਸੇਵਾਵਾਂ ਲੋਕਾਂ ਤੱਕ ਪਹੁੰਚਾਉਂਦੀਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਰਦਰਸ਼ੀ ਅਤੇ ਯੋਗਤਾ ਅਧਾਰਿਤ ਭਰਤੀ ਪ੍ਰਕਿਰਿਆ ਨੂੰ ਯਕੀਨੀ ਬਣਾ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਰੁਜ਼ਗਾਰ ਦੇ ਮੌਕੇ ਮਿਲ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣਾ ਅਤੇ ਲੋਕਾਂ ਤੱਕ ਸਰਕਾਰੀ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ।
ਸ੍ਰੀ ਮੁੰਡੀਆਂ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਕਿਹਾ ਕਿ ਉਹ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸਮਰਪਣ ਨਾਲ ਆਪਣੀਆਂ ਸੇਵਾਵਾਂ ਨਿਭਾਉਣ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰ ਬੱਚਿਆਂ ਦੇ ਸਰਵਪੱਖੀ ਵਿਕਾਸ, ਪੋਸ਼ਣ ਅਤੇ ਪ੍ਰੀ-ਸਕੂਲ ਸਿੱਖਿਆ ਦੀ ਮਜ਼ਬੂਤ ਨੀਂਹ ਹਨ। ਇਸ ਲਈ ਉਨ੍ਹਾਂ ਦੀ ਸੇਵਾ ਸਮਾਜ ਦੇ ਭਵਿੱਖ ਨੂੰ ਸਵਾਰਨ ਵਿੱਚ ਅਹਿਮ ਯੋਗਦਾਨ ਪਾਉਂਦੀ ਹੈ।
ਉਨ੍ਹਾਂ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਕੜੀ ਹਨ ਅਤੇ ਉਨ੍ਹਾਂ ਦੀ ਨਿਸ਼ਠਾ ਨਾਲ ਕੀਤੀ ਸੇਵਾ ਮਾਤਾਵਾਂ ਅਤੇ ਬੱਚਿਆਂ ਦੀ ਸਿਹਤ ਅਤੇ ਭਵਿੱਖ ਨੂੰ ਹੋਰ ਬਿਹਤਰ ਬਣਾਉਣ ਵਿੱਚ ਸਹਾਈ ਸਾਬਤ ਹੋਵੇਗੀ।
ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਆਪਣੀਆਂ ਡਿਊਟੀਆਂ ਨੂੰ ਪੂਰੀ ਜ਼ਿੰਮੇਵਾਰੀ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੀਆਂ ਅਤੇ ਲੋਕਾਂ ਦੀ ਭਲਾਈ ਲਈ ਹਮੇਸ਼ਾ ਸਮਰਪਿਤ ਰਹਿਣਗੀਆਂ।
