ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ- ਵਿਧਾਇਕ ਸੇਖੋਂ
ਫ਼ਰੀਦਕੋਟ, 24 ਜੁਲਾਈ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿੱਚ ਨਗਰ ਕੌਂਸਲ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਫ਼ਰੀਦਕੋਟ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਕੇਸ਼ਵ ਗੋਇਲ, ਐਸ.ਡੀ.ਐਮ. ਫਰੀਦਕੋਟ ਸ੍ਰੀ ਪੁਨੀਤ ਸ਼ਰਮਾ, ਪ੍ਰਧਾਨ ਅਸ਼ੋਕ ਸਾਰਵਾਣ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਹੋਰ ਸਬੰਧਤ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਹੜਤਾਲ ਕਾਰਨ ਪੈਦਾ ਹੋਈ ਸਥਿਤੀ, ਸ਼ਹਿਰ ਦੀ ਸਫ਼ਾਈ ਵਿਵਸਥਾ ਅਤੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ।
ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦੇ ਨਾਲ ਹੀ ਲੋਕਾਂ ਦੀ ਸਿਹਤ ਅਤੇ ਸਫ਼ਾਈ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਪ੍ਰਭਾਵ ਨਾਲ ਸ਼ਹਿਰ ਵਿੱਚ ਇਕੱਠੇ ਹੋਏ ਕੂੜੇ ਦੇ ਨਿਪਟਾਰੇ ਲਈ ਵਿਸ਼ੇਸ਼ ਪ੍ਰਬੰਧ ਕਰਨ ਦਾ ਫ਼ੈਸਲਾ ਲਿਆ ਗਿਆ।
ਉਨ੍ਹਾਂ ਕਿਹਾ ਕਿ ਕੂੜੇ ਨੂੰ ਜਲਦ ਤੋਂ ਜਲਦ ਇਕੱਠਾ ਕਰਕੇ ਉਸ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੂੜੇ ਵਾਲੀਆਂ ਥਾਵਾਂ ‘ਤੇ ਕੀਟਾਣੂਨਾਸ਼ਕ ਦਵਾਈਆਂ ਦਾ ਛਿੜਕਾਅ ਕੀਤਾ ਜਾਵੇਗਾ ਅਤੇ ਕੂੜੇ ਨੂੰ ਪਲਾਸਟਿਕ ਸ਼ੀਟਾਂ ਨਾਲ ਢੱਕਿਆ ਜਾਵੇਗਾ ਤਾਂ ਜੋ ਮੱਖੀਆਂ, ਪਸ਼ੂ-ਪੰਛੀਆਂ ਅਤੇ ਹੋਰ ਕਾਰਨਾਂ ਕਰਕੇ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਨਾ ਫੈਲੇ।
ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਲੋਕਾਂ ਦੀ ਸਹੂਲਤ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਰਮਚਾਰੀਆਂ ਨਾਲ ਗੱਲਬਾਤ ਜਾਰੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਪਸੀ ਸਹਿਯੋਗ ਨਾਲ ਹੜਤਾਲ ਦਾ ਜਲਦ ਹੀ ਸੁਖਾਵਾਂ ਹੱਲ ਨਿਕਲੇਗਾ ਅਤੇ ਸੇਵਾਵਾਂ ਮੁੜ ਆਮ ਵਾਂਗ ਸ਼ੁਰੂ ਹੋ ਜਾਣਗੀਆਂ।

