ਕੋਟਕਪੂਰਾ, 25 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਮੁਹੱਈਆ ਕਰਵਾ ਕੇ ਸਿੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਹਲਕਾ ਕੋਟਕਪੂਰਾ ਦੇ ਵੱਖ ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਪਿੰਡ ਵਾਂਦਰ ਜਟਾਣਾ ਵਿਖੇ 80 ਬੈਗ ਅਤੇ ਪਿੰਡ ਹਰੀ ਨੌਂ ਵਿਖੇ 120 ਬੈਗ ਸਕੂਲ ਦੇ ਵਿਦਿਆਰਥੀਆਂ ਨੂੰ ਵੰਡੇ ਗਏ। ਇਸ ਮੌਕੇ ਸਪੀਕਰ ਸੰਧਵਾਂ ਨੇ ਬੱਚਿਆਂ ਨੂੰ ਸਕੂਲ ਬੈਗ ਦੇਣ ਦੇ ਨਾਲ-ਨਾਲ ਮਨ ਲਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਸਮਾਜ ਦੀ ਤਰੱਕੀ ਦਾ ਆਧਾਰ ਹੈ। ਉਨ੍ਹਾਂ ਕਿਹਾ ਕਿ ਮੌਜੂਦ ਸਰਕਾਰ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਕਲਾਸ ਰੂਮ ਵਿਦਿਆਰਥੀਆਂ ਨੂੰ ਡਿਜ਼ੀਟਲ ਅਤੇ ਇੰਟਰਐਕਟਿਵ ਢੰਗ ਨਾਲ ਪੜ੍ਹਾਈ ਕਰਨ ਵਿੱਚ ਮਦਦਗਾਰ ਸਾਬਤ ਹੋ ਰਹੇ ਹਨ। ਉਨ੍ਹਾਂ ਨੇ ਬੱਚਿਆਂ ਨੂੰ ਪੜ੍ਹਾਈ ਵੱਲ ਧਿਆਨ ਦੇਣ ਅਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਸਮਾਜ ਦੀ ਤਰੱਕੀ ਦੀ ਕੁੰਜੀ ਹੈ ਅਤੇ ਸਰਕਾਰ ਹਮੇਸ਼ਾ ਵਿਦਿਆਰਥੀਆਂ ਦੀ ਮਦਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਹੁਣ ਸਰਕਾਰੀ ਸਕੂਲ ਆਧੁਨਿਕ ਸਹੂਲਤਾਂ ਨਾਲ ਲੈਸ ਹਨ, ਜਿਸ ਵਿੱਚ ਹਾਈ-ਸਪੀਡ ਵਾਈ-ਫਾਈ ਕਨੈਕਸ਼ਨ, ਪੀਣ ਵਾਲਾ ਸਾਫ਼ ਪਾਣੀ, ਲੜਕੇ ਅਤੇ ਲੜਕੀਆਂ ਲਈ ਵੱਖਰੇ ਪਖਾਨੇ, ਚਾਰਦੀਵਾਰੀ, ਸਮਾਰਟ ਕਲਾਸਰੂਮ, ਏਕੀਕ੍ਰਿਤ ਵਿਗਿਆਨ ਲੈਬਾਂ, ਇੰਟਰੈਕਟਿਵ ਪੈਨਲ, ਖੇਡ ਦੇ ਮੈਦਾਨ ਅਤੇ ਆਧੁਨਿਕ ਫਰਨੀਚਰ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹੁਣ ਸਰਕਾਰੀ ਸਕੂਲ ਵਿਦਿਅਕ ਗੁਣਵੱਤਾ ਦੇ ਮਾਮਲੇ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਪਛਾੜ ਰਹੇ ਹਨ। ਇਸ ਮੌਕੇ ਵਾਂਦਰ ਜਟਾਣਾ ਸਕੂਲ ਦੇ ਪ੍ਰਿੰਸੀਪਲ ਕਰਮਜੀਤ ਸਿੰਘ, ਲਛਮਣ ਸਿੰਘ ਸਰਪੰਚ, ਸਰਪੰਚ ਕੌਰ ਸਿੰਘ, ਮੈਂਬਰ ਗੁਰਮੇਲ ਸਿੰਘ ਬੂਟਾ, ਸਕੂਲ ਸਟਾਫ ਜਸਵਿੰਦਰ ਸਿੰਘ, ਭਾਰਤ ਭੂਸ਼ਣ, ਪਰਵਿੰਦਰ ਸਿੰਘ, ਲਖਵਿੰਦਰ ਸਿੰਘ, ਵਿਜੇ ਦੇਵਗਨ, ਹਰਵਿੰਦਰ ਸਿੰਘ, ਹਰਜਸਦੀਪ ਸਿੰਘ, ਮਨਜਿੰਦਰ ਸਿੰਘ, ਗਗਨਦੀਪ ਸਿੰਘ, ਰਜਨੀਸ਼ ਗੋਸਾਈ ਅਤੇ ਪਿੰਡ ਹਰੀ ਨੌਂ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਕਟਾਰੀਆ, ਸਰਪੰਚ ਗੁਰਜੀਤ ਸਿੰਘ, ਰਜਿੰਦਰ ਸਿੰਘ ਪੰਚਾਇਤ ਮੈਂਬਰ, ਪੱਪੂ ਨੰਬਰਦਾਰ, ਮੈਂਬਰ ਨਿਰਭੈ ਸਿੰਘ, ਗੇਜ ਰਾਮ ਭੌਰਾ, ਬਲਜੀਤ ਸਿੰਘ, ਸੁਖਵਿੰਦਰ ਸਿੰਘ ਅਤੇ ਸਕੂਲ ਦਾ ਸਮੂਹ ਸਟਾਫ ਹਾਜਰ ਸਨ।

