ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ
ਪੀ.ਐਸ.ਯੂ. ਵੱਲੋਂ ਲੀਕ ਹੋਇਆ ਪੇਪਰ ਤੁਰੰਤ ਰੱਦ ਕਰਨ ਦੀ ਮੰਗ
ਪੇਪਰ ਲੀਕ ਵਿੱਚ ਸ਼ਾਮਿਲ ਸਾਰੇ ਯੂਨੀਵਰਸਿਟੀ ਅਧਿਕਾਰੀਆਂ ਅਤੇ ਸਿਆਸੀ ਲੀਡਰਾਂ ‘ਤੇ ਪਰਚਾ ਦਰਜ ਕਰਨ ਦੀ ਮੰਗ
ਕੋਟਕਪੂਰਾ, 31 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ, ਫਰੀਦਕੋਟ ਵੱਲੋਂ ਕਰਵਾਈ ਗਈ ਫਾਰਮੇਸੀ ਦੀ ਪ੍ਰੀਖਿਆ ਦਾ ਪੇਪਰ ਲੀਕ ਹੋਣ ਦੇ ਗੰਭੀਰ ਮਾਮਲੇ ਨੂੰ ਲੈ ਕੇ ਪੰਜਾਬ ਸਟੂਡੈਂਟਸ ਯੂਨੀਅਨ ਅਤੇ ਹੋਰ ਇਨਕਲਾਬੀ ਜਨਤਕ ਜਥੇਬੰਦੀਆਂ ਵੱਲੋਂ ਯੂਨੀਵਰਸਿਟੀ ਦੇ ਮੁੱਖ ਗੇਟ ‘ਤੇ ਸ਼ੁਰੂ ਕੀਤਾ ਗਿਆ ਰੋਸ ਧਰਨਾ ਅੱਜ ਦੂਜੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਹੱਡ ਚੀਰਵੀਂ ਮਿਹਨਤ ਕਰਨ ਵਾਲੇ ਲੱਖਾਂ ਨੌਜਵਾਨਾਂ ਦੇ ਭਵਿੱਖ ਨਾਲ ਹੋਏ ਇਸ ਧੋਖੇ ਖਿਲਾਫ਼ ਵਿਦਿਆਰਥੀਆਂ ਅਤੇ ਇਨਸਾਫ਼ ਪਸੰਦ ਲੋਕਾਂ ਦਾ ਗੁੱਸਾ ਲਗਾਤਾਰ ਸੱਤਵੇਂ ਆਸਮਾਨ ‘ਤੇ ਹੈ, ਜਿਸ ਕਾਰਨ ਯੂਨੀਵਰਸਿਟੀ ਕੈਂਪਸ ਦੇ ਬਾਹਰ ਧਰਨੇ ਵਿੱਚ ਸੰਘਰਸ਼ਕਾਰੀਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਧਰਨੇ ਦੌਰਾਨ ਵਿਦਿਆਰਥੀ ਆਗੂਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪੂਰੇ ਮਾਮਲੇ ਦੀ ਤਹਿ ਤੱਕ ਜਾਣ ਲਈ ਗੰਭੀਰ ਦੋਸ਼ ਆਇਦ ਕੀਤੇ। ਮੋਰਚੇ ਦੇ ਆਗੂਆਂ ਹਰਵੀਰ ਗੰਧੜ,ਧੀਰਜ ਫਾਜ਼ਿਲਕਾ, ਸੁਖਪ੍ਰੀਤ ਕੌਰ, ਰਜਿੰਦਰ ਢਿੱਲਵਾਂ, ਮਮਤਾ ਲਾਧੂਕਾ, ਨਵਪ੍ਰੀਤ ਨਵੀ, ਹਰਪ੍ਰੀਤ ਸਫੀ, ਰਜਿੰਦਰ ਕਿੰਗਰਾ ਨੇ ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਇਹ ਸਿਰਫ਼ ਕਿਸੇ ਹੇਠਲੇ ਪੱਧਰ ਦੇ ਕਰਮਚਾਰੀ ਦੀ ਲਾਪਰਵਾਹੀ ਨਹੀਂ ਹੈ, ਸਗੋਂ ਇਸ ਪੇਪਰ ਲੀਕ ਕਾਂਡ ਵਿੱਚ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਸਥਾਨਕ ਵਿਧਾਇਕ ਦੀ ਸਿੱਧੀ ਮਿਲੀਭੁਗਤ ਅਤੇ ਛਤਰ-ਛਾਇਆ ਸ਼ਾਮਲ ਹੈ। ਪੈਸਿਆਂ ਦੇ ਲੈਣ-ਦੇਣ ਅਤੇ ਸਿਆਸੀ ਪਹੁੰਚ ਦੇ ਜ਼ੋਰ ‘ਤੇ ਰਿਸ਼ਵਤਖੋਰੀ ਦਾ ਵੱਡਾ ਨੈੱਟਵਰਕ ਚਲਾਇਆ ਜਾ ਰਿਹਾ ਹੈ, ਜਿਸ ਰਾਹੀਂ ਮਿਹਨਤੀ, ਗਰੀਬ ਅਤੇ ਯੋਗ ਵਿਦਿਆਰਥੀਆਂ ਦੇ ਹੱਕਾਂ ‘ਤੇ ਡਾਕਾ ਮਾਰ ਕੇ ਉਨ੍ਹਾਂ ਦੇ ਭਵਿੱਖ ਨਾਲ ਸਿੱਧਾ ਖਿਲਵਾੜ ਕੀਤਾ ਗਿਆ ਹੈ। ਪੰਜਾਬ ਸਟੂਡੈਂਟਸ ਯੂਨੀਅਨ ਦੇ ਬੁਲਾਰਿਆਂ ਨੇ ਮੰਗ ਕੀਤੀ ਕਿ ਇਸ ਗੈਰ-ਕਾਨੂੰਨੀ ਅਤੇ ਭ੍ਰਿਸ਼ਟ ਤਰੀਕੇ ਨਾਲ ਲੀਕ ਕੀਤੇ ਗਏ ਫਾਰਮੇਸੀ ਦੇ ਪੇਪਰ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਇਸ ਪੂਰੇ ਘੁਟਾਲੇ ਵਿੱਚ ਸ਼ਾਮਲ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ, ਸਬੰਧਤ ਕਰਮਚਾਰੀਆਂ ਅਤੇ ਸਿਆਸੀ ਸ਼ਹਿ ਦੇਣ ਵਾਲੇ ਲੋਕਲ ਵਿਧਾਇਕ ਵਿਰੁੱਧ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਦੇਖ-ਰੇਖ ਹੇਠ ਉੱਚ ਪੱਧਰੀ ਨਿਸ਼ਪੱਖ ਜਾਂਚ ਕਰਵਾਈ ਜਾਵੇ। ਦੋਸ਼ੀਆਂ ‘ਤੇ ਪੂਰੀ ਤਰ੍ਹਾਂ ਸਖ਼ਤ ਕਾਨੂੰਨੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਸਲਾਖਾਂ ਪਿੱਛੇ ਧੱਕਿਆ ਜਾਵੇ ਅਤੇ ਯੂਨੀਵਰਸਿਟੀ ਦੀ ਪ੍ਰੀਖਿਆ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਭਰੋਸੇਯੋਗ ਬਣਾਇਆ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਵਿਦਿਆਰਥੀਆਂ ਦੇ ਸਬਰ ਦੀ ਪ੍ਰੀਖਿਆ ਨਾ ਲਈ ਜਾਵੇ। ਜੇਕਰ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੇ ਧਰਨਾਕਾਰੀਆਂ ਦੀਆਂ ਹੱਕੀ ਮੰਗਾਂ ਨੂੰ ਜਲਦ ਨਾ ਮੰਨਿਆ, ਲੀਕ ਹੋਇਆ ਪੇਪਰ ਰੱਦ ਨਾ ਕੀਤਾ ਅਤੇ ਦੋਸ਼ੀਆਂ ਖਿਲਾਫ਼ ਕਾਰਵਾਈ ਤੋਂ ਗੁਰੇਜ਼ ਕੀਤਾ, ਤਾਂ ਇਹ ਸੰਘਰਸ਼ ਫਰੀਦਕੋਟ ਤੱਕ ਹੀ ਸੀਮਤ ਨਹੀਂ ਰਹੇਗਾ। ਪੰਜਾਬ ਸਟੂਡੈਂਟਸ ਯੂਨੀਅਨ ਪੂਰੇ ਸੂਬੇ ਦੇ ਵਿਦਿਆਰਥੀਆਂ ਨੂੰ ਲਾਮਬੰਦ ਕਰਕੇ ਇਸ ਅੰਦੋਲਨ ਨੂੰ ਪੰਜਾਬ ਪੱਧਰ ‘ਤੇ ਲੈ ਕੇ ਜਾਵੇਗੀ ਅਤੇ ਸਰਕਾਰ ਦੇ ਖਿਲਾਫ਼ ਤਿੱਖੇ ਪ੍ਰਦਰਸ਼ਨ ਕੀਤੇ ਜਾਣਗੇ, ਜਿਸ ਤੋਂ ਨਿਕਲਣ ਵਾਲੇ ਕਿਸੇ ਵੀ ਗੰਭੀਰ ਨਤੀਜੇ ਦੀ ਪੂਰੀ ਜ਼ਿੰਮੇਵਾਰੀ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ।

