
ਕੋਟਕਪੂਰਾ, 31 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਿੱਖਿਆ ਦੇ ਖੇਤਰ ਵਿੱਚ ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਡੀ.ਸੀ.ਐਮ. ਸਕੂਲ ਦੇ ਚੁਣੇ ਗਏ, ਰਿਸ਼ੀ 12ਵੀਂ ਕਮਰਸ, ਵੰਸ਼ 11ਵੀਂ ਸਾਇੰਸ ਨੂੰ ਸਕਾਲਰਸ਼ਿਪ ਪ੍ਰਦਾਨ ਕੀਤੀ ਗਈ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਦਸ਼ਮੇਸ਼ ਡੈਂਟਲ ਕਾਲਜ ਵਿੱਚ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ ਚੈਕ ਅਤੇ ਪ੍ਰਸ਼ੰਸਾ ਪੱਤਰ ਭੇਂਟ ਕਰਕੇ ਉਨ੍ਹਾਂ ਦੀ ਮਿਹਨਤ ਅਤੇ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਅਹੁਦੇਦਾਰਾਂ ਨੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਆਰਥਿਕ ਤੌਰ ’ਤੇ ਲੋੜਵੰਦ ਅਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਹੀ ਸਮਾਜ ਨੂੰ ਤਰੱਕੀ ਦੇ ਰਾਹ ’ਤੇ ਲੈ ਕੇ ਜਾਂਦੀ ਹੈ ਅਤੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਪ੍ਰਤੀ ਸਮਰਪਿਤ ਰਹਿ ਕੇ ਉੱਚੇ ਟੀਚੇ ਨਿਰਧਾਰਤ ਕਰਨੇ ਚਾਹੀਦੇ ਹਨ। ਡੀ.ਸੀ.ਐਮ. ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਮੀਨਾਕਸੀ ਸ਼ਰਮਾ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਸਕਾਲਰਸ਼ਿਪਾਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਵਧਾਉਂਦੀਆਂ ਹਨ ਅਤੇ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਮਾਜਿਕ ਸੰਸਥਾਵਾਂ ਦਾ ਇਹ ਯੋਗਦਾਨ ਬਹੁਤ ਹੀ ਸ਼ਲਾਘਾਯੋਗ ਹੈ। ਸਕਾਲਰਸ਼ਿਪ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਵੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦਾ ਧੰਨਵਾਦ ਪ੍ਰਗਟਾਇਆ ਅਤੇ ਭਰੋਸਾ ਦਿੱਤਾ ਕਿ ਉਹ ਭਵਿੱਖ ਵਿੱਚ ਹੋਰ ਮਿਹਨਤ ਕਰਕੇ ਆਪਣੇ ਸਕੂਲ, ਮਾਪਿਆਂ ਅਤੇ ਸਮਾਜ ਦਾ ਨਾਮ ਰੌਸ਼ਨ ਕਰਨਗੇ। ਸਮਾਗਮ ਦੇ ਅੰਤ ਵਿੱਚ ਸੰਸਥਾ ਦੇ ਨੁਮਾਇੰਦਿਆਂ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਅਨੁਸ਼ਾਸਨ, ਮਿਹਨਤ ਅਤੇ ਚੰਗੇ ਚਰਿੱਤਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਹਰ ਖੇਤਰ ਵਿੱਚ ਅੱਗੇ ਵਧਣ ਲਈ ਸ਼ੁਭਕਾਮਨਾਵਾਂ ਦਿੱਤੀਆਂ।

