ਫਰੀਦਕੋਟ , 4 ਅਗਸਤ (ਸ਼ਿਵਨਾਥ/ਵਰਲਡ ਪੰਜਾਬੀ ਟਾਈਮਜ਼)
ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੰਬੀ ਸੁਣਵਾਈ ਤੋਂ ਬਾਅਦ ਮਿਤੀ 22 ਜੁਲਾਈ 2026 ਨੂੰ ਡੀ.ਏ. ਸਬੰਧੀ ਡਬਲ ਬੈਂਚ ਵੱਲੋਂ ਰਾਖਵੇਂ ਰੱਖੇ ਗਏ ਫੈਸਲੇ ਦਾ ਇੰਤਜ਼ਾਰ ਕਰ ਰਹੇ ਸਨ।ਅੱਜ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀਆਂ ਗਈਆਂ ਸਾਰੀਆਂ ਅਪੀਲਾਂ ਨੂੰ ਖਾਰਜ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ ਚੰਡੀਗੜ੍ਹ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ,ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਅਤੇ ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ , ਕਰਤਾਰ ਸਿੰਘ ਪਾਲ,ਰਣਦੀਪ ਸਿੰਘ ਫਤਿਹਗੜ੍ਹ ਸਾਹਿਬ,ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਅਤੇ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ,ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਜਿੰਦਰ ਪਾਇਲਟ, ਨਵੀਨ ਸਚਦੇਵਾ,ਟਹਿਲ ਸਿੰਘ ਸਰਾਭਾ ਅਤੇ ਸੰਜੀਵ ਕੁਮਾਰ ਲੁਧਿਆਣਾ ਨੇ ਮਾਨਯੋਗ ਅਦਾਲਤ ਦੇ ਡਬਲ ਬੈਂਚ ਵੱਲੋਂ ਅੱਜ ਕੀਤੇ ਗਏ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਫੈਸਲੇ ਨੂੰ ਮਿਤੀ 8 ਅਪ੍ਰੈਲ 2026 ਦੇ ਸਿੰਗਲ ਜੱਜ ਸਾਹਿਬ ਦੇ ਫੈਸਲੇ ਵਾਂਗ ਇਤਿਹਾਸਿਕ ਮੰਨਿਆ ਜਾਵੇਗਾ। ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਮਾਨਯੋਗ ਅਦਾਲਤ ਦੇ ਫੈਸਲਿਆਂ ਦਾ ਸਤਿਕਾਰ ਕਰਦੇ ਹੋਏ ਬਿਨਾਂ ਕਿਸੇ ਹੋਰ ਦੇਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ 18 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਡੀ.ਏ. ਦੀਆਂ 6 ਕਿਸ਼ਤਾਂ ਤੁਰੰਤ ਦਿੱਤੀਆਂ ਜਾਣ। ਆਗੂਆਂ ਨੇ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਮਾਨਯੋਗ ਸੁਪਰੀਮ ਕੋਰਟ ਵਿੱਚ ਚੈਲੰਜ ਕਰਕੇ ਹੋਰ ਲਮਕਾਉਣ ਦੀ ਕੋਸ਼ਿਸ਼ ਕੀਤੀ ਤਾਂ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਗੁੱਸੇ ਦਾ ਨਤੀਜਾ ਭੁਗਤਣਾ ਪਵੇਗਾ। ਆਗੂਆਂ ਨੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਤੇ ਆਪਣਾ ਦਬਾਅ ਬਣਾਈ ਰੱਖਣ ਲਈ 7 ਅਗਸਤ ਨੂੰ ਅਨਾਜ ਮੰਡੀ ਸੈਕਟਰ 39 ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਸੂਬਾਈ ਮਹਾਂ ਰੈਲੀ ਵਿੱਚ ਹੁੰਮ ਹੁੰਮਾਕੇ ਸ਼ਾਮਿਲ ਹੋਣ।

