ਫਰੀਦਕੋਟ, 8 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨਸ਼ਾ ਮੁਕਤੀ ਮੋਰਚਾ ਦੇ ਸਮੂਹ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਨਗਰ ਸੁਧਾਰ ਟਰੱਸਟ ਫਰੀਦਕੋਟ ਦੇ ਚੇਅਰਮੈਨ ਅਤੇ ਨਸ਼ਾ ਮੁਕਤੀ ਮੋਰਚਾ ਦੇ ਮਾਲਵਾ ਸੈਂਟਰਲ ਜੋਨ ਇੰਚਾਰਜ ਸ. ਗਗਨਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਅਤੇ ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਪ੍ਰੋ. ਗੁਰਸੇਵਕ ਸਿੰਘ ਦੀ ਪ੍ਰਧਾਨਗੀ ਵਿੱਚ ਅਸ਼ੋਕ ਚੱਕਰ ਹਾਲ ਵਿਖੇ ਹੋਈ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਅਤੇ ਐਸ.ਐਸ.ਪੀ. ਸ. ਗੁਰਬੰਸ ਸਿੰਘ ਬੈਂਸ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪ੍ਰਸ਼ਾਸਨ ਅਤੇ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਵਿਚਾਲੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਚੇਅਰਮੈਨ ਸ. ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਆਉਣ ਵਾਲੇ ਸਮੇਂ ਵਿੱਚ ਚੱਲਣ ਵਾਲੇ ਵਿਕਾਸ ਪ੍ਰੋਜੈਕਟਾਂ ਵਿੱਚ ਪਿੰਡ ਵਿਕਾਸ ਕਮੇਟੀਆਂ ਅਤੇ ਵਾਰਡ ਵਿਕਾਸ ਕਮੇਟੀਆਂ ਦੀ ਮਹੱਤਵਪੂਰਨ ਭੂਮਿਕਾ ਰਹੇਗੀ। ਐਸ.ਐਸ.ਪੀ. ਗੁਰਬੰਸ ਸਿੰਘ ਬੈਂਸ ਨੇ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਵੱਲੋਂ ਪੁਲਿਸ ਨੂੰ ਦਿੱਤੀ ਜਾਣ ਵਾਲੀ ਹਰ ਜਾਣਕਾਰੀ ’ਤੇ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਭਰੋਸਾ ਦਿੱਤਾ ਕਿ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਅੰਤ ਵਿੱਚ ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਪ੍ਰੋ. ਗੁਰਸੇਵਕ ਸਿੰਘ ਨੇ ਸਮੂਹ ਹਾਜ਼ਰ ਅਧਿਕਾਰੀਆਂ ਅਤੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਅਤੇ ਸਾਰਿਆਂ ਨੂੰ ਇਸ ਲੋਕ-ਹਿੱਤ ਮੁਹਿੰਮ ਵਿੱਚ ਡਟ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਏ.ਡੀ.ਸੀ. ਵਿਕਾਸ ਸ਼੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ. ਫਰੀਦਕੋਟ ਸ਼੍ਰੀ ਪੁਨੀਤ ਸ਼ਰਮਾ, ਐਸ.ਡੀ.ਐਮ. ਕੋਟਕਪੂਰਾ ਸ਼੍ਰੀ ਰਜਿੰਦਰ ਸਿੰਘ , ਐਸ.ਡੀ.ਐਮ. ਜੈਤੋ ਵਿਕਰਮਜੀਤ, ਸੀ.ਐਮ.ਓ. ਫਰੀਦਕੋਟ ਡਾ. ਰਮਨਦੀਪ ਸਿੰਗਲਾ, ਸਮੂਹ ਡੀ.ਐਸ.ਪੀ., ਹੋਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਨਸ਼ਾ ਮੁਕਤੀ ਮੋਰਚਾ ਦੇ ਸਮੂਹ ਕੋਆਰਡੀਨੇਟਰ ਹਾਜ਼ਰ ਸਨ।

