ਸੁਤੰਤਰਤਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਲਹਿਰਾਉਣਗੇ ਰਾਸ਼ਟਰੀ ਝੰਡਾ
ਫਰੀਦਕੋਟ, 10 ਅਗਸਤ (ਵਰਲਡ ਪੰਜਾਬੀ ਟਾਈਮਜ਼)
15 ਅਗਸਤ 2026 ਨੂੰ ਮਨਾਏ ਜਾਣ ਵਾਲੇ ਸੁਤੰਤਰਤਾ ਦਿਵਸ ਸਮਾਗਮ ਨੂੰ ਸੁਚੱਜੇ, ਸ਼ਾਨਦਾਰ ਅਤੇ ਯਾਦਗਾਰ ਢੰਗ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੇਸ਼ਵ ਗੋਇਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਦਿਵਸ ਸਮਾਗਮ ਨਾਲ ਸਬੰਧਤ ਵੱਖ-ਵੱਖ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਤ ਡਿਊਟੀਆਂ ਨੂੰ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਵਾਰ ਸੁਤੰਤਰਤਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਜਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਨਗੇ।
ਉਨ੍ਹਾਂ ਕਿਹਾ ਕਿ ਰਾਸ਼ਟਰੀ ਤਿਉਹਾਰ ਨੂੰ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇ ਅਤੇ ਸਮਾਗਮ ਦੌਰਾਨ ਕਿਸੇ ਵੀ ਕਿਸਮ ਦੀ ਅਣਗਹਿਲੀ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਸਮਾਗਮ ਵਾਲੇ ਸਥਾਨ ਦੀ ਸਾਫ਼-ਸਫ਼ਾਈ, ਸਜਾਵਟ, ਪੀਣ ਵਾਲੇ ਪਾਣੀ, ਬਿਜਲੀ, ਸਿਹਤ ਸਹੂਲਤਾਂ, ਬੈਠਣ ਦੇ ਪ੍ਰਬੰਧ, ਆਵਾਜਾਈ ਅਤੇ ਪਾਰਕਿੰਗ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ।
ਇਸ ਤੋਂ ਇਲਾਵਾ ਸਮਾਗਮ ਦੌਰਾਨ ਹੋਣ ਵਾਲੀ ਪਰੇਡ, ਮਾਰਚ ਪਾਸਟ, ਸੱਭਿਆਚਾਰਕ ਪ੍ਰੋਗਰਾਮ ਅਤੇ ਹੋਰ ਗਤੀਵਿਧੀਆਂ ਦੀਆਂ ਤਿਆਰੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਰਿਹਰਸਲਾਂ ਅਤੇ ਹੋਰ ਤਿਆਰੀਆਂ ਨੂੰ ਨਿਰਧਾਰਤ ਸਮੇਂ ਅਨੁਸਾਰ ਮੁਕੰਮਲ ਕਰਨ ਲਈ ਕਿਹਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਸਮਾਗਮ ਦੌਰਾਨ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਦੀ ਹਦਾਇਤ ਕੀਤੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਮਾਗਮ ਦੌਰਾਨ ਮੈਡੀਕਲ ਟੀਮਾਂ ਅਤੇ ਮੁੱਢਲੀ ਸਹਾਇਤਾ ਦੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਵੀ ਕਿਹਾ।
ਉਨ੍ਹਾਂ ਕਿਹਾ ਕਿ ਸੁਤੰਤਰਤਾ ਦਿਵਸ ਸਾਡੇ ਦੇਸ਼ ਦੀ ਆਜ਼ਾਦੀ, ਕੁਰਬਾਨੀਆਂ ਅਤੇ ਏਕਤਾ ਦੀ ਯਾਦ ਦਿਵਾਉਣ ਵਾਲਾ ਮਹੱਤਵਪੂਰਨ ਰਾਸ਼ਟਰੀ ਤਿਉਹਾਰ ਹੈ। ਇਸ ਲਈ ਇਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਨੂੰ ਪੂਰੀ ਸ਼ਾਨੋ-ਸ਼ੌਕਤ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ।
ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਸ੍ਰੀ ਪੁਨੀਤ ਸ਼ਰਮਾ, ਨਾਇਬ ਤਹਿਸੀਲਦਾਰ ਸ੍ਰੀ ਹਰਸ਼ਵੀਰ ਗੋਇਲ, ਜਿਲ੍ਹਾ ਸਿੱਖਿਆ ਅਫਸਰ ਮੈਡਮ ਅੰਜਨਾ ਕੌਂਸਲ, ਸ੍ਰੀ ਜਸਬੀਰ ਜੱਸੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
