ਕੋਟਕਪੂਰਾ, 13 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਫਰੀਦਕੋਟ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਫਰੀਦਕੋਟ ਵੱਲੋਂ ਸਰਕਾਰੀ ਬਰਜਿੰਦਰਾ ਕਾਲਜ, ਫਰੀਦਕੋਟ ਵਿਖੇ ਮਿਤੀ 12 ਅਗਸਤ 2026 ਨੂੰ ਕਰਵਾਈ ਗਈ ਰੈੱਡ ਮੈਰਾਥਨ ਰਨ ਵਿੱਚ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੀ ਹੋਣਹਾਰ ਵਿਦਿਆਰਥਣ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਇਸ ਮੌਕੇ ਵਿਦਿਆਰਥਣ ਨੇ ਪੂਰੇ ਜੋਸ਼, ਉਤਸ਼ਾਹ ਅਤੇ ਦ੍ਰਿੜ੍ਹ ਇਰਾਦੇ ਨਾਲ ਮੈਰਾਥਨ ਵਿੱਚ ਭਾਗ ਲਿਆ ਅਤੇ ਆਪਣੀ ਸ਼ਾਨਦਾਰ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਉਸਦੀ ਇਸ ਪ੍ਰਾਪਤੀ ਨਾਲ ਕਾਲਜ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਨੇ ਵਿਦਿਆਰਥਣ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੱਤੀ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਸਰੀਰਕ ਗਤੀਵਿਧੀਆਂ ਅਤੇ ਸਮਾਜਿਕ ਜਾਗਰੂਕਤਾ ਨਾਲ ਸਬੰਧਤ ਗਤੀਵਿਧੀਆਂ ਵਿੱਚ ਭਾਗ ਲੈਣਾ ਬਹੁਤ ਮਹੱਤਵਪੂਰਨ ਹੈ। ਉਹਨਾਂ ਵਿਦਿਆਰਥਣ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਉਸਦੀ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ।ਇਸ ਮੌਕੇ ਕਾਲਜ ਦੀ ਰੈੱਡ ਰਿਬਨ ਕੋਆਰਡੀਨੇਟਰ ਮਿਸ ਸੁਖਵੀਰ ਕੌਰ ਨੇ ਵੀ ਵਿਦਿਆਰਥਣ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨੌਜਵਾਨਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ। ਉਹਨਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮਾਂ ਵਿੱਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਸਮੂਹ ਅਧਿਆਪਕਾਂ ਅਤੇ ਨਾਨ-ਟੀਚਿੰਗ ਸਟਾਫ਼ ਨੇ ਵੀ ਵਿਦਿਆਰਥਣ ਨੂੰ ਉਸਦੀ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਉਸਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।

