ਫਰੀਦਕੋਟ 13 ਅਗਸਤ (ਵਰਲਡ ਪੰਜਾਬੀ ਟਾਈਮਜ਼)
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਚਾਬਾ ਵੱਲੋਂ ਮਾਨਤਾ ਪ੍ਰਾਪਤ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਚਾਬਾ ਗਿਆ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਰਾਫਟ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰਵਾਉਣ ਉਪਰੰਤ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਵੋਟਰ ਸੂਚੀ ਦੀ ਹਾਰਡ ਕਾਪੀ ਅਤੇ ਬਿਨਾਂ ਫੋਟੋ ਵਾਲੀ ਸਾਫਟ ਕਾਪੀ ਮੁਹੱਈਆ ਕਰਵਾਈ ਗਈ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਆਮ ਜਨਤਾ ਦੀ ਸਹੂਲਤ ਲਈ ਮਿਤੀ 16 ਅਗਸਤ 2026 ਨੂੰ ਪੋਲਿੰਗ ਸਟੇਸ਼ਨਾਂ ਤੇ ਸਪੈਸ਼ਲ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਵੋਟਰ ਆਪਣੇ ਸਬੰਧਤ ਪੋਲਿੰਗ ਸਟੇਸ਼ਨ ਤੇ ਡਰਾਫਟ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਵੇਰਵੇ ਚੈੱਕ ਕਰ ਸਕਣਗੇ ਅਤੇ ਜੇਕਰ ਕਿਸੇ ਵੋਟਰ ਦਾ ਨਾਮ ਸੂਚੀ ਵਿੱਚ ਸ਼ਾਮਲ ਨਹੀਂ ਹੈ ਜਾਂ ਵੇਰਵਿਆਂ ਵਿੱਚ ਕੋਈ ਗਲਤੀ ਹੈ ਤਾਂ ਉਹ ਦਾਅਵੇ ਅਤੇ ਇਤਰਾਜ਼ ਦਾਇਰ ਕਰ ਸਕੇਗਾ।
ਉਨ੍ਹਾਂ ਦੱਸਿਆ ਕਿ ਡਰਾਫਟ ਵੋਟਰ ਸੂਚੀ ਮੁੱਖ ਚੋਣ ਅਫ਼ਸਰ, ਪੰਜਾਬ ਦੀ ਅਧਿਕਾਰਤ ਵੈੱਬਸਾਈਟ ਤੇ ਵੀ ਉਪਲਬਧ ਹੋਵੇਗੀ। ਇਸ ਤੋਂ ਇਲਾਵਾ ਵੋਟਰ ਆਪਣੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਅਤੇ ਬੂਥ ਲੈਵਲ ਅਫ਼ਸਰ ਪਾਸੋਂ ਵੀ ਵੋਟਰ ਸੂਚੀ ਦੀ ਜਾਂਚ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਡਰਾਫਟ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਜਿਨ੍ਹਾਂ ਵੋਟਰਾਂ/ਨਾਗਰਿਕਾਂ ਦੇ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੋਏ ਹਨ, ਉਹ 13 ਅਗਸਤ 2026 ਤੋਂ 12 ਸਤੰਬਰ 2026 ਤੱਕ ਆਪਣੇ ਸਬੰਧਤ ਵਿਧਾਨ ਸਭਾ ਚੋਣ ਹਲਕੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਪਾਸ ਦਾਅਵੇ ਅਤੇ ਇਤਰਾਜ਼ ਦਾਇਰ ਕਰ ਸਕਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ, ਉਨ੍ਹਾਂ ਨੂੰ ਨੋਟਿਸ ਜਾਰੀ ਹੋਣ ਉਪਰੰਤ ਚੋਣ ਕਮਿਸ਼ਨ ਵੱਲੋਂ ਦਰਸਾਏ ਗਏ ਦਸਤਾਵੇਜ਼ਾਂ ਵਿੱਚੋਂ ਦੋ ਦਸਤਾਵੇਜ਼ ਜਮ੍ਹਾਂ ਕਰਵਾਉਣੇ ਹੋਣਗੇ। ਇਸ ਸਬੰਧੀ ਵੋਟਰਾਂ ਨੂੰ ਸਮੇਂ ਸਿਰ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।

