*ਵਿਦਿਆਰਥੀਆਂ ਨੂੰ ਦੁੱਧ ਦੀ ਮਹੱਤਤਾ, ਦੁੱਧ ਤੇ ਦੁੱਧ ਪਦਾਰਥਾਂ ਦੀ ਵਰਤੋਂ, ਜੰਕ ਫੂਡ ਅਤੇ ਕੋਲਡ ਡਰਿੰਕਸ ਤੋਂ ਪਰਹੇਜ਼ ਕਰਨ ਸਬੰਧੀ ਦਿੱਤੀ ਗਈ ਅਹਿਮ ਜਾਣਕਾਰੀ*

ਲੁਧਿਆਣਾ, 21 ਅਗਸਤ (ਵਰਲਡ ਪੰਜਾਬੀ ਟਾਈਮਜ਼)
ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਲੁਧਿਆਣਾ ਦੀ ਅਗਵਾਈ ਹੇਠ ਅੱਜ ਬੀ.ਸੀ.ਐਮ. ਪਬਲਿਕ ਸਕੂਲ, ਜਮਾਲਪੁਰ ਵਿਖੇ ਦੁੱਧ ਖਪਤਕਾਰ ਜਾਗਰੂਕਤਾ (ਸਕੂਲ) ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਵਿਦਿਆਰਥੀਆਂ ਨੂੰ ਦੁੱਧ ਦੀ ਮਹੱਤਤਾ, ਦੁੱਧ ਅਤੇ ਦੁੱਧ ਪਦਾਰਥਾਂ ਦੀ ਵਰਤੋਂ, ਜੰਕ ਫੂਡ ਅਤੇ ਕੋਲਡ ਡਰਿੰਕਸ ਤੋਂ ਪਰਹੇਜ਼ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਵਿਦਿਆਰਥੀਆਂ ਨੂੰ ਕੈਰੀਅਰ ਗਾਈਡੈਂਸ ਸਬੰਧੀ ਵੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ ਗਈ।
ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਲਿਆਂਦੇ ਗਏ 58 ਦੁੱਧ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ 49 ਸੈਂਪਲ ਮਿਆਰਾਂ ਅਨੁਸਾਰ ਅਤੇ 9 ਸੈਂਪਲ ਮਿਆਰਾਂ ਤੋਂ ਘੱਟ ਪਾਏ ਗਏ। ਜਾਂਚ ਕੀਤੇ ਗਏ ਕਿਸੇ ਵੀ ਦੁੱਧ ਦੇ ਸੈਂਪਲ ਵਿੱਚ ਕੋਈ ਹਾਨੀਕਾਰਕ ਤੱਤ ਨਹੀਂ ਪਾਇਆ ਗਿਆ।
ਕੈਂਪ ਦੌਰਾਨ ਵਿਦਿਆਰਥੀਆਂ ਨੂੰ ਦੁੱਧ, ਦੁੱਧ ਪਦਾਰਥਾਂ ਦੀ ਗੁਣਵੱਤਾ, ਸਿਹਤਮੰਦ ਖੁਰਾਕ ਅਤੇ ਕੈਰੀਅਰ ਗਾਈਡੈਂਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਸਕੂਲ ਪ੍ਰਿੰਸੀਪਲ ਸਿੰਪਲ ਵਰਮਾ ਨੇ ਵਿਭਾਗ ਵੱਲੋਂ ਲਗਾਏ ਗਏ ਇਸ ਜਾਗਰੂਕਤਾ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਲਗਾਤਾਰ ਲਗਦੇ ਰਹਿਣੇ ਚਾਹੀਦੇ ਹਨ, ਤਾਂ ਜੋ ਵਿਦਿਆਰਥੀਆਂ ਵਿੱਚ ਸਿਹਤਮੰਦ ਖਾਣ-ਪੀਣ ਅਤੇ ਆਪਣੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਹੋਵੇ। ਉਨ੍ਹਾਂ ਕੈਰੀਅਰ ਗਾਈਡੈਂਸ ਸਬੰਧੀ ਦਿੱਤੀ ਗਈ ਜਾਣਕਾਰੀ ਨੂੰ ਵੀ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਦੱਸਿਆ।
ਇਸ ਮੌਕੇ ਸਕੂਲ ਇੰਚਾਰਜ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ। ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵਜੋਂ ‘Milk Pio’ ਅਤੇ ਬਰਫੀ ਦਿੱਤੀ ਗਈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਕਰਵਾਏ ਗਏ ਕੁਇਜ਼ ਮੁਕਾਬਲੇ ਵਿੱਚ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਤਸ਼ਾਹਿਤ ਕੀਤਾ ਗਿਆ।

