ਪੰਜਾਬ ਦੇ ਸਮੂਹ ਮੁਲਾਜ਼ਮ ਸਮੂਹਿਕ ਛੁੱਟੀ ਲੈਕੇ ਸਰਕਾਰੀ ਕੰਮ ਕਰਨਗੇ ਠੱਪ
ਕੋਟਕਪੂਰਾ, 22 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਾਂਝੀ ਤਾਲਮੇਲ ਕਮੇਟੀ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਤਹਿਸੀਲ ਕੋਟਕਪੂਰਾ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਮੀਟਿੰਗ ਅੱਜ ਸਥਾਨਕ ਲਾਲਾ ਲਾਜਪਤ ਰਾਏ ਮਿਉਂਸਪਲ ਪਾਰਕ ਵਿੱਚ ਪਾਵਰ ਕੌਮ ਪੈਨਸ਼ਨਰ ਆਗੂ ਦਰਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਆਗੂ ਪ੍ਰੇਮ ਚਾਵਲਾ, ਵੀਰਇੰਦਰਜੀਤ ਸਿੰਘ ਪੁਰੀ, ਕੁਲਵਿੰਦਰ ਸਿੰਘ ਮੌੜ, ਸੁਭਾਸ਼ ਚੰਦਰ ਸ਼ਰਮਾ, ਜਗਸੀਰ ਸਿੰਘ ਖਾਰਾ, ਕੁਲਵੰਤ ਸਿੰਘ ਚਾਨੀ, ਹਰਪ੍ਰੀਤ ਸਿੰਘ ਖਾਲਸਾ, ਪ੍ਰੀਤ ਭਗਵਾਨ ਸਿੰਘ ਪ੍ਰਧਾਨ ਐਲੀਮੈਂਟਰੀ ਟੀਚਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਗੁਰਪ੍ਰੀਤ ਸਿੰਘ ਔਲਖ ਅਤੇ ਹਰਪ੍ਰੀਤ ਸਿੰਘ ਆਗੂ ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਸਾਢੇ ਚਾਰ ਸਾਲ ਦੇ ਰਾਜ ਭਾਗ ਦੌਰਾਨ ਅਪਣਾਏ ਗਏ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਭਗਵੰਤ ਮਾਨ ਸਰਕਾਰ ਨੂੰ ਸਬਕ ਸਿਖਾਉਣ ਲਈ ਪੂਰੀ ਸਰਗਰਮੀ ਨਾਲ ਕੰਮ ਕਰਨ ਦਾ ਫੈਸਲਾ ਕੀਤਾ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਣਦਾ 18 ਫੀਸਦੀ ਡੀ.ਏ. ਤੁਰਤ ਨਾ ਦਿੱਤਾ ਗਿਆ, ਪੁਰਾਣੀ ਪੈਨਸ਼ਨ ਸਕੀਮ ਬਹਾਰ ਨਾ ਕੀਤੀ ਗਈ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤਾ ਗਿਆ ਅਤੇ ਸਕੀਮ ਵਰਕਰਾਂ ਦੀਆਂ ਉਜ਼ਰਤਾਂ ਵਿੱਚ ਢੁੱਕਵਾਂ ਵਾਧਾ ਨਾ ਕੀਤਾ ਗਿਆ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਆਮ ਆਦਮੀ ਪਾਰਟੀ ਨੂੰ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਇਸ ਵਤੀਰੇ ਦਾ ਖਮਿਆਜ਼ਾ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਤਹਿਸੀਲ ਕੋਟਕਪੂਰਾ ਦੇ ਮੁਲਾਜ਼ਮ ਅਤੇ ਪੈਨਸ਼ਨਰ 27 ਅਗਸਤ ਨੂੰ ਸਵੇਰੇ ਠੀਕ 10.30 ਵਜੇ ਲਾਲਾ ਲਾਜਪਤ ਰਾਏ ਮਿਉਂਸਪਲ ਪਾਰਕ ਕੋਟਕਪੂਰਾ ਵਿਖੇ ਭਗਵੰਤ ਮਾਨ ਸਰਕਾਰ ਖਿਲਾਫ ਰੋਸ ਧਰਨਾ ਦਿੱਤਾ ਜਾਵੇਗਾ ਅਤੇ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ ਜਾਵੇਗਾ। ਆਗੂਆਂ ਨੇ ਅੱਗੇ ਦੱਸਿਆ ਕਿ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ 27 ਅਗਸਤ ਨੂੰ ਪੰਜਾਬ ਦੇ ਸਮੂਹ ਸਰਕਾਰੀ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਪੰਜਾਬ ਦਾ ਸਾਰਾ ਸਰਕਾਰੀ ਕੰਮ ਬਿਲਕੁੱਲ ਠੱਪ ਕਰਕੇ ਰੱਖਣਗੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਵੱਖ ਵੱਖ ਜਥੇਬੰਦੀਆਂ ਦੇ ਆਗੂ ਸੋਮਨਾਥ ਅਰੋੜਾ, ਸੁਖਮੰਦਰ ਸਿੰਘ ਸੰਧਵਾਂ, ਬਲਵਿੰਦਰ ਸਿੰਘ ਗੋਸਵਾਮੀ, ਪ੍ਰਿੰਸੀਪਲ ਨੰਦ ਲਾਲ, ਕੁਲਵੰਤ ਸਿੰਘ ਭੁੱਲਰ, ਅਮਰਜੀਤ ਸਿੰਘ ਦੁੱਗਲ, ਅਧਿਆਪਕ ਆਗੂ ਸੇਵਕ ਸਿੰਘ ਸੈਂਟਰ ਹੈਡ ਟੀਚਰ, ਧਰਮਹਿੰਦਰ ਸਿੰਘ ਡੋਡ, ਨਵਦੀਪ ਸਿੰਘ, ਜੋਗਿੰਦਰ ਸਿੰਘ, ਸਵਰਨ ਸਿੰਘ ਸਿਹਤ ਵਿਭਾਗ ਅਤੇ ਮਨਜੀਤ ਸਿੰਘ ਟੈਕਨੀਕਲ ਸਰਵਿਸ ਯੂਨੀਅਨ ਆਦਿ ਵੀ ਹਾਜ਼ਰ ਸਨ।
