ਪਟਿਆਲਾ, 26 ਅਗਸਤ: (ਵਰਲਡ ਪੰਜਾਬੀ ਟਾਈਮਜ਼)
ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਵਿਖੇ ਪ੍ਰਿੰਸੀਪਲ ਪ੍ਰੋ. ਸਕਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਵਿਸ਼ੇਸ਼ ਇੰਟੈਂਸਿਵ ਰਿਵਿਜ਼ਨ ਤਹਿਤ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ, ਵੋਟਰ ਵਜੋਂ ਰਜਿਸਟ੍ਰੇਸ਼ਨ ਅਤੇ ਚੋਣ ਪ੍ਰਕਿਰਿਆ ਸਬੰਧੀ ਜਾਗਰੂਕ ਕਰਨਾ ਸੀ। ਕੈਂਪ ਵਿੱਚ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ. ਸਵਿੰਦਰ ਸਿੰਘ ਰੇਖੀ ਅਤੇ ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਮੋਹਿਤ ਕੌਸ਼ਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਵੋਟਰ ਰਜਿਸਟ੍ਰੇਸ਼ਨ ਲਈ ਯੋਗਤਾ, ਲੋੜੀਂਦੀ ਪ੍ਰਕਿਰਿਆ ਅਤੇ ਆਨਲਾਈਨ ਵੋਟਰ ਕਾਰਡ ਲਈ ਅਰਜ਼ੀ ਦੇਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕੈਂਪ ਦੌਰਾਨ ਲਗਭਗ 350 ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਲਈ ਅਰਜ਼ੀਆਂ ਭਰਨ ਵਿੱਚ ਸਹਾਇਤਾ ਪ੍ਰਦਾਨ ਕੀਤੀ ਗਈ। ਇਸ ਕੈਂਪ ਦਾ ਆਯੋਜਨ ਕਾਲਜ ਸਵੀਪ ਨੋਡਲ ਅਫ਼ਸਰ ਡਾ. ਰਜਨੀ ਬਾਲਾ ਵੱਲੋਂ ਕਮੇਟੀ ਮੈਂਬਰਾਂ ਸਹਾਇਕ ਪ੍ਰੋ. ਦਿਲਪ੍ਰੀਤ ਕੌਰ, ਸਮਨਦੀਪ ਕੌਰ,
ਸੁਮਨ ਬਾਲਾ, ਨੈਂਨਸੀ ਸ਼ਰਮਾ, ਯਾਦਵਿੰਦਰ ਸਿੰਘ ਅਤੇ ਡਾ. ਸਵਾਤੀ ਗੁਪਤਾ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਪ੍ਰੋ. ਸਕਿੰਦਰ ਕੌਰ ਬਰਾੜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੋਟ ਪਾਉਣਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੋਣ ਦੇ ਨਾਲ-ਨਾਲ ਇੱਕ ਮਹੱਤਵਪੂਰਨ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਅਤੇ ਲੋਕਤੰਤਰਿਕ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਡਾ. ਸਵਿੰਦਰ ਸਿੰਘ ਰੇਖੀ ਨੇ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਅਤੇ ਜਾਗਰੂਕ ਵੋਟਰ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਚੋਣ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ ਅਤੇ ਵਿਦਿਆਰਥੀਆਂ ਨੂੰ ਆਪਣੇ ਸਾਥੀਆਂ ਅਤੇ ਪਰਿਵਾਰਕ ਮੈਂਬਰਾਂ ਨੂੰ ਵੀ ਵੋਟਰ ਰਜਿਸਟ੍ਰੇਸ਼ਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਮੋਹਿਤ ਕੌਸ਼ਲ ਨੇ ਕਾਲਜ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਚੋਣ ਕਮਿਸ਼ਨ ਵੱਲੋਂ ਵੋਟਰ ਰਜਿਸਟ੍ਰੇਸ਼ਨ ਅਤੇ ਵੋਟਰ ਵੇਰਵਿਆਂ ਵਿੱਚ ਸੋਧ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ ਲਈ ਕਿਹਾ। ਡਾ. ਰਜਨੀ ਬਾਲਾ ਨੇ ਮੰਚ ਸੰਚਾਲਨ ਕੀਤਾ ਅਤੇ ਅੰਤ ਵਿੱਚ ਧੰਨਵਾਦ ਕੀਤਾ। ਕੈਂਪ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਲਾਇਬ੍ਰੇਰੀਅਨ ਸੁਖਬੀਰ ਕੌਰ, ਡਾ. ਰਿਤੂ ਕਪੂਰ ਅਤੇ ਕਾਲਜ ਦੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ। ਕੈਂਪ ਨੇ ਨੌਜਵਾਨਾਂ ਵਿੱਚ ਵੋਟਰ ਰਜਿਸਟ੍ਰੇਸ਼ਨ ਅਤੇ ਲੋਕਤੰਤਰਿਕ ਭਾਗੀਦਾਰੀ ਸਬੰਧੀ ਜਾਗਰੂਕਤਾ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

