-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤ ਹੋਏ ‘ਸੂਰਮਿਆਂ’ ਨੇ ਵੀ ਨਸ਼ਾ ਛੱਡਣ ਦਾ ਦਿੱਤਾ ਹੋਕਾ
-ਡਾ. ਰਜਨੀਸ਼ ਰਾਜ ਤੇ ਡਾ. ਰੋਹਿਤ ਗਰਗ ਨੇ ਨਸ਼ਾ ਛੱਡਣ ਲਈ ਦਾਖਲ ਵਿਅਕਤੀਆਂ ਨੂੰ ਕੀਤਾ ਜਾਗਰੂਕ
-ਨਸ਼ਾ ਮੁਕਤੀ ਮੋਰਚੇ ਦੇ ਆਗੂਆਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰਾਂ ਨੇ ਰੱਖੜੀ ਮੌਕੇ ਨਸ਼ਾ ਨਾ ਕਰਨ ਦਾ ਪ੍ਰਣ ਕਰਨ ਦਾ ਦਿੱਤਾ ਸੱਦਾ
ਪਟਿਆਲਾ, 28 ਅਗਸਤ:(ਵਰਲਡ ਪੰਜਾਬੀ ਟਾਈਮਜ਼)
ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦੇ ਮਾਡਲ ਨਸ਼ਾ ਮੁਕਤੀ ਕੇਂਦਰ ਵਿਖੇ ਇਲਾਜ ਲਈ ਦਾਖਲ ਕਰੀਬ 50 ਵਿਅਕਤੀਆਂ ਦੇ ਭੈਣਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਰੱਖੜੀ ਬੰਨ੍ਹ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਜੀਵਨ ਜਿਊਣ ਦਾ ਸੁਨੇਹਾ ਦਿੱਤਾ।
ਇਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤ ਹੋਏ ਵਿਅਕਤੀ, ਜਿਨ੍ਹਾਂ ਨੂੰ ‘ਸੂਰਮਿਆਂ’ ਦਾ ਨਾਮ ਦਿੱਤਾ ਗਿਆ ਹੈ, ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਨਸ਼ੇ ਦੀ ਲਤ ਦੇ ਸ਼ਿਕਾਰ ਅਤੇ ਇਲਾਜ ਲਈ ਦਾਖਲ ਵਿਅਕਤੀਆਂ ਨਾਲ ਆਪਣਾ ਤਜਰਬਾ ਸਾਂਝਾ ਕਰਦਿਆਂ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ। ਇਸੇ ਦੌਰਾਨ ਨਸ਼ਾ ਮੁਕਤੀ ਮੋਰਚੇ ਦੇ ਆਗੂ ਯਾਦਵਿੰਦਰ ਸਿੰਘ ਸੰਧੂ ਗੋਲਡੀ (ਮੋਰਚਾ ਇੰਚਾਰਜ, ਪਟਿਆਲਾ ਦਿਹਾਤੀ) ਅਤੇ ਸਰਵ ਪ੍ਰੇਮ ਐਨਜੀਓ ਦੇ ਨੁਮਾਇੰਦਿਆਂ ਨੇ ਵੀ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਨਾ ਕਰਨ ਦਾ ਪ੍ਰਣ ਕਰਨ ਦਾ ਸੱਦਾ ਦਿੱਤਾ। ਗੋਲਡੀ ਸੰਧੂ ਲਾਦੇਨ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।
ਰਜਿੰਦਰਾ ਹਸਪਤਾਲ ਦੇ ਮਨੋਰੋਗ ਵਿਭਾਗ ਦੇ ਮੁਖੀ ਡਾ. ਰਜਨੀਸ਼ ਰਾਜ ਅਤੇ ਮਾਡਲ ਨਸ਼ਾ ਮੁਕਤੀ ਕੇਂਦਰ ਦੇ ਇੰਚਾਰਜ ਡਾ. ਰੋਹਿਤ ਗਰਗ ਨੇ ਇਲਾਜ ਲਈ ਦਾਖਲ ਵਿਅਕਤੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਅਤੇ ਇਲਾਜ ਨੂੰ ਸਫਲ ਬਣਾਉਣ ਲਈ ਜ਼ਰੂਰੀ ਨੁਕਤੇ ਸਾਂਝੇ ਕੀਤੇ।
ਡਾ. ਰਜਨੀਸ਼ ਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਮਾਡਲ ਨਸ਼ਾ ਮੁਕਤੀ ਕੇਂਦਰ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਤੱਕ ਕਰੀਬ 800 ਵਿਅਕਤੀਆਂ ਦਾ ਸਫਲਤਾਪੂਰਵਕ ਇਲਾਜ ਕੀਤਾ ਜਾ ਚੁੱਕਾ ਹੈ।
ਡਾ. ਰੋਹਿਤ ਗਰਗ ਨੇ ਦੱਸਿਆ ਕਿ ਮਨੋਰੋਗ ਵਿਭਾਗ ਵਿਖੇ ਮੈਥਾਡੋਨ ਮੇਨਟੇਨੈਂਸ ਟਰੀਟਮੈਂਟ ਕਲਿਨਿਕ ਵੀ ਚਲਾਇਆ ਜਾ ਰਿਹਾ ਹੈ, ਜਿੱਥੇ ਰੋਜ਼ਾਨਾ ਕਰੀਬ 10 ਮਰੀਜ਼ਾਂ ਨੂੰ ਨਸ਼ਾ ਛੱਡਣ ਲਈ ਦਵਾਈ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ। ਇਸ ਮੌਕੇ ਡਾ. ਅਦਿਤੀ ਬਾਂਸਲ ਵੀ ਮੌਜੂਦ ਸਨ।
ਇਲਾਜ ਲਈ ਦਾਖਲ ਵਿਅਕਤੀਆਂ ਨੇ ਦੱਸਿਆ ਕਿ ਉਹ ਮਾੜੀ ਸੰਗਤ ਕਾਰਨ ਨਸ਼ਿਆਂ ਦੇ ਜੰਜਾਲ ਵਿੱਚ ਫਸ ਗਏ ਸਨ, ਪਰ ਪੰਜਾਬ ਸਰਕਾਰ ਦੀ ਮੁਹਿੰਮ ਤਹਿਤ ਕਰਵਾਏ ਜਾ ਰਹੇ ਇਲਾਜ ਤੋਂ ਉਨ੍ਹਾਂ ਨੂੰ ਨਸ਼ਿਆਂ ਤੋਂ ਮੁਕਤੀ ਦੀ ਉਮੀਦ ਮਿਲੀ ਹੈ। ਉਨ੍ਹਾਂ ਕਿਹਾ ਕਿ ਉਹ ਨਸ਼ਿਆਂ ਦਾ ਪੂਰੀ ਤਰ੍ਹਾਂ ਤਿਆਗ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਆਉਣ ਅਤੇ ‘ਸੂਰਮੇ’ ਬਣਨ ਲਈ ਦ੍ਰਿੜ੍ਹ ਹਨ।
ਫੋਟੋ ਕੈਪਸ਼ਨ—ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦੇ ਮਾਡਲ ਨਸ਼ਾ ਮੁਕਤੀ ਕੇਂਦਰ ਵਿਖੇ ਰੱਖੜੀ ਦਾ ਤਿਉਹਾਰ ਮਨਾ ਕੇ ਨਸ਼ਾ ਮੁਕਤੀ ਦਾ ਸੁਨੇਹਾ ਦਿੰਦੇ ਹੋਏ ਡਾਕਟਰ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਹੋਰ ਪਤਵੰਤੇ।

