ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 40 ਕਰੋੜ ਰੁਪਏ ਮਨਜ਼ੂਰ
ਕੋਟਕਪੂਰਾ, 1 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਅਨਿਲ ਠਾਕੁਰ ਵੱਲੋਂ ਅੱਜ ਫਰੀਦਕੋਟ ਦਾ ਵਿਸ਼ੇਸ਼ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਸਬੰਧਤ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀ ਵਰਗ ਨਾਲ ਸਬੰਧਤ ਵੱਖ-ਵੱਖ ਮੁੱਦਿਆਂ, ਵਪਾਰਕ ਬਾਜ਼ਾਰਾਂ ਦੇ ਵਿਕਾਸ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੀ ਜਾ ਰਹੀ ਕਾਰਵਾਈ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਜਾ ਰਿਹਾ ਹੈ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਇਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਉੱਪ ਚੇਅਰਮੈਨ ਅਨਿਲ ਠਾਕੁਰ ਨੇ ਦੱਸਿਆ ਕਿ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚ ਹੁਣ ਤੱਕ 800 ਤੋਂ ਵੱਧ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਵਪਾਰੀਆਂ ਵੱਲੋਂ ਕਰੀਬ 8,000 ਸ਼ਿਕਾਇਤਾਂ ਅਤੇ ਸਮੱਸਿਆਵਾਂ ਸਾਹਮਣੇ ਰੱਖੀਆਂ ਗਈਆਂ, ਜਿਨ੍ਹਾਂ ਵਿੱਚੋਂ ਲਗਭਗ 7,000 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵੀ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ।

