ਪਿੰਡ ਪੱਧਰ ’ਤੇ 11 ਮੈਂਬਰੀ ਕਮੇਟੀਆਂ ਦਾ ਹੋਵੇਗਾ ਗਠਨ; ਘਰ-ਘਰ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਕੀਤਾ ਜਾਵੇਗਾ ਹੱਲ : ਬੀਬੀ ਗੁਰਪ੍ਰੀਤ ਕੌਰ ਸੰਧਵਾਂ
ਮਾਰਕੀਟ ਕਮੇਟੀ ਦੀਆਂ ਰਹਿੰਦੀਆਂ ਲਿੰਕ ਸੜਕਾਂ ਦਾ ਨਿਰਮਾਣ ਆਗਾਮੀ ਚੋਣਾਂ ਤੋਂ ਪਹਿਲਾਂ ਹੋਵੇਗਾ ਮੁਕੰਮਲ : ਚੇਅਰਮੈਨ ਆਰੇਵਾਲਾ
ਕੋਟਕਪੂਰਾ, 4 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਦੇ ਜਥੇਬੰਦਕ ਢਾਂਚੇ ਅਤੇ ਕਿਸਾਨ ਵਿੰਗ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਆਗਾਮੀ ਝੋਨੇ ਦੇ ਸੀਜ਼ਨ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਬਲਾਕ ਪ੍ਰਧਾਨਾਂ ਅਤੇ ਕਿਸਾਨ ਆਗੂਆਂ ਨਾਲ ਇੱਕ ਵਿਸ਼ੇਸ਼ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਧਰਮ ਪਤਨੀ ਬੀਬੀ ਗੁਰਪ੍ਰੀਤ ਕੌਰ ਸੰਧਵਾਂ ਅਤੇ ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀਬੀ ਗੁਰਪ੍ਰੀਤ ਕੌਰ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਸਲ ਤਾਕਤ ਉਸ ਦੇ ਵਰਕਰ ਅਤੇ ਕਿਸਾਨ ਹਨ। ਪਾਰਟੀ ਦੇ ਕਿਸਾਨ ਵਿੰਗ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਲਈ ਪਿੰਡ-ਪਿੰਡ 11 ਮੈਂਬਰੀ ਕਮੇਟੀਆਂ ਬਣਾਈਆਂ ਜਾਣਗੀਆਂ। ਇਹ ਕਮੇਟੀਆਂ ਪਿੰਡਾਂ ਵਿੱਚ ਘਰ-ਘਰ ਜਾ ਕੇ ਲੋਕਾਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨਗੀਆਂ ਅਤੇ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਯਕੀਨੀ ਬਣਾਉਣਗੀਆਂ। ਉਨ੍ਹਾਂ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ ’ਤੇ ਤੁਰੰਤ ਧਿਆਨ ਵਿੱਚ ਲਿਆਂਦਾ ਜਾਵੇ, ਹਰ ਮਸਲੇ ਦਾ ਹੱਲ ਕੀਤਾ ਜਾਵੇਗਾ। ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਨੇ ਦੱਸਿਆ ਕਿ ਝੋਨੇ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਦਾਣਾ ਮੰਡੀਆਂ ਵਿੱਚ ਲਾਈਟਾਂ, ਪੀਣ ਵਾਲੇ ਸਾਫ਼ ਪਾਣੀ, ਛਾਂ ਅਤੇ ਸਾਫ਼-ਸਫ਼ਾਈ ਵਰਗੇ ਸਾਰੇ ਪ੍ਰਬੰਧ ਹੁਣ ਤੋਂ ਹੀ ਮੁਕੰਮਲ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣਾ ਨਾ ਪਵੇ। ਇਸ ਤੋਂ ਇਲਾਵਾ ਉਨ੍ਹਾਂ ਐਲਾਨ ਕੀਤਾ ਕਿ ਮਾਰਕੀਟ ਕਮੇਟੀ ਦੇ ਅਧੀਨ ਆਉਂਦੀਆਂ ਜੋ ਵੀ ਸੜਕਾਂ ਅਜੇ ਬਣਾਉਣ ਵਾਲੀਆਂ ਰਹਿੰਦੀਆਂ ਹਨ, ਉਨ੍ਹਾਂ ਦਾ ਨਿਰਮਾਣ ਆਗਾਮੀ ਚੋਣਾਂ ਤੋਂ ਪਹਿਲਾਂ-ਪਹਿਲਾਂ ਜਲਦ ਮੁਕੰਮਲ ਕਰ ਲਿਆ ਜਾਵੇਗਾ। ਮੀਟਿੰਗ ਦੌਰਾਨ ਬੁਲਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਅਤੇ ਖੇਤੀਬਾੜੀ ਖੇਤਰ ਲਈ ਕੀਤੇ ਇਤਿਹਾਸਕ ਕਾਰਜਾਂ ਦਾ ਵੀ ਜ਼ਿਕਰ ਕੀਤਾ। ਨਹਿਰੀ ਪਾਣੀ ਦੀ ਪਹੁੰਚ: ਟੇਲਾਂ ਤੱਕ ਪਾਣੀ ਪਹੁੰਚਾ ਕੇ ਕਿਸਾਨਾਂ ਨੂੰ ਸਿੰਜਾਈ ਲਈ ਪੂਰਾ ਪਾਣੀ ਮੁਹੱਈਆ ਕਰਵਾਇਆ ਗਿਆ ਹੈ। ਨਿਰਵਿਘਨ ਬਿਜਲੀ ਸਪਲਾਈ: ਖੇਤੀਬਾੜੀ ਲਈ ਮੁਫ਼ਤ ਅਤੇ ਦਿਨ ਵੇਲੇ ਨਿਰਵਿਘਨ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਦਾ ਡੀਜ਼ਲ ਦਾ ਖ਼ਰਚਾ ਬਚਿਆ ਹੈ। ਫ਼ਸਲੀ ਵਿਭਿੰਨਤਾ ਅਤੇ ਮੁਆਵਜ਼ਾ: ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਮੂੰਗੀ ਅਤੇ ਹੋਰ ਫ਼ਸਲਾਂ ਨੂੰ ਉਤਸ਼ਾਹਿਤ ਕੀਤਾ ਗਿਆ ਹੈ ਅਤੇ ਖ਼ਰਾਬੇ ਦਾ ਮੁਆਵਜ਼ਾ ਵਧਾ ਕੇ ਸਿੱਧਾ ਕਿਸਾਨਾਂ ਦੇ ਖਾਤਿਆਂ ਵਿੱਚ ਭੇਜਿਆ ਜਾ ਰਿਹਾ ਹੈ। ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਿੱਧੀ ਬੀਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਮੌਕੇ ਸੇਵਕ ਸਿੰਘ ਗਿੱਲ (ਮੀਤ ਪ੍ਰਧਾਨ), ਚੇਅਰਮੈਨ ਅਰੁਣ ਚਾਵਲਾ, ਜਗਸੀਰ ਸਿੰਘ ਸੰਧਵਾਂ, ਜਗਤਾਰ ਸਿੰਘ ਨੰਗਲ, ਭਜਨ ਸਿੰਘ ਭਾਣਾ, ਗੁਰਸੇਵਕ ਸਿੰਘ ਸਰਪੰਚ ਬੁੱਟਰ, ਦਵਿੰਦਰ ਸਿੰਘ ਹਰੀਨੋ, ਅਮਨ ਸਿੰਘ ਰੰਧਾਵਾ, ਗੁਰਸੇਵਕ ਸਿੰਘ ਧੂੜਕੋਟ, ਨਿਰਮਲ ਸਿੰਘ ਭਾਣਾ, ਸੁਖਮੰਦਰ ਸਿੰਘ ਸਰਪੰਚ ਨਾਨਕਸਰ, ਰਵਿੰਦਰ ਸਿੰਘ ਕੰਮੇਆਣਾ, ਮਹਿੰਦਰਪਾਲ ਸ਼ਰਮਾ, ਜਸਪ੍ਰੀਤ ਸਿੰਘ ਮਿਸ਼ਨਰੀਵਾਲਾ, ਮਹਿੰਦਰ ਸਿੰਘ ਹਰੀਵਾਲਾ, ਅਰਸ਼ਦੀਪ ਸਿੰਘ, ਬਾਬਾ ਨਿਰਮਲ ਦਾਸ ਢੈਪਈ ਅਤੇ ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।

