*ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਦੀ ਕੋਠੀ ਦਾ ਕੀਤਾ ਜਾਵੇਗਾ ਘਿਰਾਓ — NSQF ਵੋਕੇਸ਼ਨਲ ਟੀਚਰ ਫ਼ਰੰਟ।
*NSQF ਵੋਕੇਸ਼ਨਲ ਅਧਿਆਪਕਾਂ ਲਈ ਹਰਾ ਪੈਨ ਕਦੋ ਚਲਾਣਾ
ਫਰੀਦਕੋਟ 6 ਸਤੰਬਰ (ਸ਼ਿਵਨਾਥ/ਵਰਲਡ ਪੰਜਾਬੀ ਟਾਈਮਜ਼)
NSQF ਵੋਕੇਸ਼ਨਲ ਟੀਚਰ ਫਰੰਟ ਪੰਜਾਬ ਦੀ ਅੱਜ ਸੂਬਾ ਕਮੇਟੀ ਮੈਂਬਰਾਂ ਅਤੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਪੰਜਾਬ ਭਰ ਦੇ NSQF ਵੋਕੇਸ਼ਨਲ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਸਬੰਧੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਉਪਰੰਤ ਫਰੰਟ ਵੱਲੋਂ 5 ਸਤੰਬਰ, ਅਧਿਆਪਕ ਦਿਵਸ ਵਾਲੇ ਦਿਨ, ਸੰਗਰੂਰ ਵਿਖੇ ਰੋਸ਼ ਰੈਲੀ ਕਰਨ ਦਾ ਐਲਾਨ ਕੀਤਾ ਗਿਆ।
ਫਰੰਟ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸੱਤਾ ਵਿੱਚ ਆਏ ਕਾਫ਼ੀ ਸਮਾਂ ਬੀਤ ਚੁੱਕਾ ਹੈ ਅਤੇ NSQF ਵੋਕੇਸ਼ਨਲ ਅਧਿਆਪਕਾਂ ਵੱਲੋਂ ਲਗਾਤਾਰ ਆਪਣੀਆਂ ਮੰਗਾਂ ਸਰਕਾਰ ਦੇ ਧਿਆਨ ਵਿੱਚ ਲਿਆਂਦੀਆਂ ਜਾ ਰਹੀਆਂ ਹਨ। ਸਰਕਾਰ ਦੇ ਮੰਤਰੀਆਂ, ਅਧਿਕਾਰੀਆਂ ਅਤੇ ਵੱਖ-ਵੱਖ ਪੱਧਰਾਂ ’ਤੇ ਹੋਈਆਂ ਮੀਟਿੰਗਾਂ ਦੇ ਬਾਵਜੂਦ ਅਜੇ ਤੱਕ NSQF ਵੋਕੇਸ਼ਨਲ ਅਧਿਆਪਕਾਂ ਦੇ ਮੁੱਖ ਮਸਲਿਆਂ ਦਾ ਕੋਈ ਠੋਸ ਅਤੇ ਸਥਾਈ ਹੱਲ ਨਹੀਂ ਕੀਤਾ ਗਿਆ।
ਫਰੰਟ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਜ਼ਮੀਨੀ ਪੱਧਰ ’ਤੇ ਕੋਈ ਠੋਸ ਕਾਰਵਾਈ ਨਾ ਹੋਣ ਕਾਰਨ NSQF ਵੋਕੇਸ਼ਨਲ ਅਧਿਆਪਕਾਂ ਵਿੱਚ ਭਾਰੀ ਰੋਸ ਪੈਦਾ ਹੋ ਰਿਹਾ ਹੈ। ਇਸ ਲਈ ਹੁਣ ਫਰੰਟ ਵੱਲੋਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਮੌਕੇ ਤੇ ਸਟੇਟ ਮੇਂਬਰ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ, ਰਣਜੀਤ ਸਿੰਘ ਨਵਾਂਸ਼ਹਿਰ, ਗੁਰਜੀਤ ਬਠਿੰਡਾ, ਸੁਖਰਾਜ ਤਰਨਤਾਰਨ, ਮਨਪ੍ਰੀਤ ਮੁਕਤਸਰ ਸਾਹਿਬ ਅਤੇ ਮਹਿਤਾਬ ਫਿਰੋਜ਼ਪੁਰ ਅਤੇ ਹੋਰ ਸਾਥੀ ਮਜੂਦ ਸਨ l

