ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਕਰਵਾਏ ਮੁਕਾਬਲੇ : ਬਲਜੀਤ ਸਿੰਘ
ਕੋਟਕਪੂਰਾ, 9 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨੇੜਲੇ ਪਿੰਡ ਹਰੀਨੌਂ ਦੇ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਐਨ.ਐਸ.ਐਸ. ਯੂਨਿਟ ਵੱਲੋਂ ਅੰਤਰਰਾਸ਼ਟਰੀ ਸਾਖਰਤਾ ਦਿਵਸ ਮਨਾਇਆ ਗਿਆ।ਐਨ.ਐਸ.ਐਸ. ਪ੍ਰੋਗਰਾਮ ਅਫਸਰ ਸ਼੍ਰੀਮਤੀ ਸ਼ਮਿੰਦਰ ਕੌਰ ਨੇ ਵਲੰਟੀਅਰਾਂ ਨੂੰ ਦੱਸਿਆ ਕਿ ਦੁਨੀਆਂ ਭਰ ਵਿੱਚ ਅੱਜ ਅੰਤਰਰਾਸ਼ਟਰੀ ਸਾਖਰਤਾ ਦਿਵਸ ਮਨਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਹਰ ਸਾਲ 8 ਸਤੰਬਰ ਨੂੰ ਮਨਾਏ ਜਾਣ ਵਾਲੇ ਇਸ ਦਿਵਸ ਦਾ ਮਕਸਦ ਸਾਖਰਤਾ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਹਰ ਵਿਅਕਤੀ ਲਈ ਸਿੱਖਿਆ ਦੇ ਮੌਕੇ ਯਕੀਨੀ ਬਣਾਉਣਾ ਹੈ। ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸਾਖਰਤਾ ਸਬੰਧੀ ਭਾਸ਼ਣ ਮੁਕਾਬਲੇ ਕਰਵਾਏ ਗਏ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸਰਦਾਰ ਬਲਜੀਤ ਸਿੰਘ ਨੇ ਵਲੰਟੀਅਰਾਂ ਨੂੰ ਦੱਸਿਆ ਕਿ ਸਾਲ 2026 ਲਈ ਇਸ ਦਿਵਸ ਦਾ ਵਿਸ਼ਾ ਲੋਕਾਂ, ਧਰਤੀ ਅਤੇ ਖੁਸ਼ਹਾਲੀ ਲਈ ਸਾਖਰਤਾ ਹੈ।ਇਸ ਵਾਰ ਸਾਖਰਤਾ ਨੂੰ ਸਮਾਜਿਕ ਸ਼ਮੂਲੀਅਤ, ਟਿਕਾਊ ਵਿਕਾਸ ਅਤੇ ਰੁਜ਼ਗਾਰ ਦੇ ਬਿਹਤਰ ਮੌਕਿਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਪਿਛਲੇ ਦਹਾਕਿਆਂ ਦੌਰਾਨ ਦੁਨੀਆਂ ਵਿੱਚ ਸਾਖਰਤਾ ਦਰ ਵਿੱਚ ਵੱਡਾ ਸੁਧਾਰ ਹੋਇਆ ਹੈ ਪਰ ਅਜੇ ਵੀ ਲਗਭਗ 739 ਮਿਲੀਅਨ ਨੌਜਵਾਨ ਅਤੇ ਬਾਲਗ ਬੁਨਿਆਦੀ ਸਾਖਰਤਾ ਹੁਨਰਾਂ ਤੋਂ ਵਾਂਝੇ ਹਨ, ਇਸ ਲਈ ਹਰ ਵਿਅਕਤੀ ਤੱਕ ਗੁਣਵੱਤਾ ਵਾਲੀ ਸਿੱਖਿਆ ਪਹੁੰਚਾਉਣਾ ਅਜੇ ਵੀ ਇੱਕ ਵੱਡੀ ਚੁਣੌਤੀ ਹੈ। ਸਕੂਲ ਦੇ ਡਾਇਰੈਕਟਰ/ਪ੍ਰਿੰਸੀਪਲ ਸ਼੍ਰੀਮਤੀ ਸੁਰਿੰਦਰ ਕੌਰ ਅਤੇ ਪ੍ਰਿੰਸੀਪਲ ਸ਼੍ਰੀਮਤੀ ਸੋਮਾ ਨੇ ਵੀ ਬੱਚਿਆਂ ਨੂੰ ਦੱਸਿਆ ਕਿ ਸਾਖਰਤਾ ਸਿਰਫ ਪੜਨ ਲਿਖਣ ਦੀ ਸਮਰੱਥਾ ਨਹੀਂ, ਸਗੋਂ ਇਹ ਵਿਅਕਤੀ ਨੂੰ ਆਪਣੇ ਹੱਕਾਂ ਨੂੰ ਸਮਝਣ, ਰੁਜ਼ਗਾਰ ਦੇ ਮੌਕੇ ਹਾਸਿਲ ਕਰਨ ਅਤੇ ਸਮਾਜ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਸਮਰੱਥ ਬਣਾਉਂਦੀ ਹੈ।ਇਸ ਮੌਕੇ ਹੋਰਨਾ ਤੋਂ ਇਲਾਵਾ ਸੀਨੀਅਰ ਕੋਆਰਡੀਨੇਟਰ ਸ਼੍ਰੀਮਤੀ ਸਤਵਿੰਦਰ ਕੌਰ ਅਤੇ ਲੈਕਚਰਾਰ ਬਲਜੀਤ ਕੌਰ ਆਦਿ ਵੀ ਹਾਜ਼ਰ ਸਨ।

