ਕੋਟਕਪੂਰਾ, 9 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਵਿਦਿਆਰਥੀਆਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਵੱਛਤਾ ਪਖਵਾੜਾ ਮਨਾਇਆ। ਇਸ ਪਖਵਾੜੇ ਦੌਰਾਨ ਸਕੂਲ ਦੇ ਐਨ.ਐਸ.ਐਸ. ਯੂਨਿਟ ਵੱਲੋਂ ਸਵੱਛਤਾ ਸਬੰਧੀ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਐਨ.ਐਸ.ਐਸ. ਪ੍ਰੋਗਰਾਮ ਅਫਸਰ ਸ਼੍ਰੀਮਤੀ ਸ਼ਮਿੰਦਰ ਕੌਰ ਵੱਲੋਂ ਦੱਸਿਆ ਗਿਆ ਕਿ ਵਿਦਿਆਰਥੀਆਂ ਨੂੰ ਸਭ ਤੋਂ ਪਹਿਲਾਂ ਸਵੱਛਤਾ ਸਬੰਧੀ ਸਹੁੰ ਚੁਕਵਾਈ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸਵੱਛਤਾ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਦੌਰਾਨ ਸਾਫ-ਸਫਾਈ ਰੱਖਣ ਕੂੜਾ ਕਰਕਟ ਨੂੰ ਸਹੀ ਥਾਂ ਉੱਤੇ ਸੁੱਟਣ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ ਸੁਥਰਾ ਰੱਖਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਇਸ ਮੌਕੇ ਸਕੂਲ ਵਿੱਚ ਹੈਂਡ ਵਾਸ਼ ਡੇ ਵੀ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਹੱਥਾਂ ਦੀ ਸਹੀ ਢੰਗ ਨਾਲ ਸਾਫ ਸਫਾਈ ਕਰਨ ਅਤੇ ਖਾਣਾ ਖਾਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਹੱਥ ਧੋਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਸਵੱਛਤਾ ਸਿਰਫ ਇੱਕ ਵਿਅਕਤੀ ਦੀ ਨਹੀਂ ਸਗੋਂ ਸਮੁੱਚੇ ਸਮਾਜ ਦੀ ਜਿੰਮੇਵਾਰੀ ਹੈ। ਬੱਚਿਆਂ ਵਿੱਚ ਸਫਾਈ ਪ੍ਰਤੀ ਚੇਤਨਾ ਪੈਦਾ ਕਰਕੇ ਅਸੀਂ ਇੱਕ ਸਿਹਤਮੰਦ ਅਤੇ ਸਾਫ ਸੁਥਰੇ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ। ਇਸ ਮੌਕੇ ਸਕੂਲ ਦੇ ਡਾਇਰੈਕਟਰ/ਪ੍ਰਿੰਸੀਪਲ ਸ਼੍ਰੀਮਤੀ ਸੁਰਿੰਦਰ ਕੌਰ ਅਤੇ ਪ੍ਰਿੰਸੀਪਲ ਸ਼੍ਰੀਮਤੀ ਸੋਮਾ ਦੇਵੀ ਨੇ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਸਵੱਛਤਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਅਤੇ ਹੋਰਨਾਂ ਨੂੰ ਵੀ ਸਫਾਈ ਪ੍ਰਤੀ ਜਾਗਰੂਕ ਕਰਨ ਦਾ ਸੰਦੇਸ਼ ਦਿੱਤਾ।
