ਰੰਗੋਲੀ ਬਣਾ ਕੇ ਬਾਲਿਆ ਆਸ ਦਾ ਦੀਵਾ, ਭਾਜਪਾ ਆਗੂਆਂ ਨੇ ਕੇਂਦਰ ਸਰਕਾਰ ਦੀਆਂ ਉਪਲਬਧੀਆਂ ‘ਤੇ ਪਾਇਆ ਚਾਨਣਾ
ਫਰੀਦਕੋਟ/ਕੋਟਕਪੂਰਾ, 18 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦੇਸ਼ ਦੇ ਪ੍ਰਧਾਨ ਮੰਤਰੀ ਮਾਨਯੋਗ ਨਰਿੰਦਰ ਮੋਦੀ ਜੀ ਦਾ ਜਨਮ ਦਿਨ ਪੂਰੇ ਭਾਰਤ ਵਿੱਚ ਭਾਰੀ ਉਤਸ਼ਾਹ ਅਤੇ ਵੱਖ-ਵੱਖ ਪ੍ਰੋਗਰਾਮਾਂ ਨਾਲ ਮਨਾਇਆ ਗਿਆ। ਇਸੇ ਲੜੀ ਤਹਿਤ ਰੇਲਵੇ ਸਟੇਸ਼ਨ ਫਰੀਦਕੋਟ ਵਿਖੇ ਵੀ ਪ੍ਰਧਾਨ ਮੰਤਰੀ ਜੀ ਦੇ ਜਨਮ ਦਿਵਸ ਮੌਕੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਇੱਕ ‘ਆਸ ਦਾ ਦੀਵਾ’ ਬਾਲ ਕੇ ਉਨ੍ਹਾਂ ਦੀ ਲੰਮੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਗਈ। ਇਸ ਮੌਕੇ ਰੇਲਵੇ ਪਲੇਟਫਾਰਮ ਨੂੰ ਬਹੁਤ ਹੀ ਸ਼ਾਨਦਾਰ ਅਤੇ ਆਕਰਸ਼ਕ ਰੰਗੋਲੀ ਨਾਲ ਸਜਾਇਆ ਗਿਆ ਸੀ। ਇਸ ਸਮਾਗਮ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ‘ਸਨੀ ਬਰਾੜ’ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਸਾਰਿਆਂ ਨਾਲ ਖੁਸ਼ੀ ਸਾਂਝੀ ਕਰਦਿਆਂ ਆਖਿਆ ਕਿ ਸਾਨੂੰ ਪੂਰੀ ਆਸ ਹੈ ਕਿ ਸਾਡੇ ਪ੍ਰਧਾਨ ਮੰਤਰੀ ਦੇਸ਼ ਨੂੰ ਪ੍ਰਗਤੀ ਦੀਆਂ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣਗੇ। ਉਨ੍ਹਾਂ ਕੇਂਦਰ ਸਰਕਾਰ ਦੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ, ਆਰਥਿਕ ਸੁਧਾਰਾਂ ਅਤੇ ਦੇਸ਼ ਦੇ ਬੁਨਿਆਦੀ ਢਾਂਚੇ (ਇਨਫਰਾਸਟ੍ਰਕਚਰ) ਦੇ ਵਿਕਾਸ ਨਾਲ ਅੱਜ ਭਾਰਤ ਵਿਸ਼ਵ ਪੱਧਰ ‘ਤੇ ਮਜ਼ਬੂਤ ਪਛਾਣ ਬਣਾ ਚੁੱਕਾ ਹੈ। ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਰਾਜਨ ਨਾਰੰਗ ਨੇ ਪ੍ਰੋਗਰਾਮ ਵਿੱਚ ਪਹੁੰਚੀਆਂ ਸਾਰੀਆਂ ਸ਼ਖਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ, ਗਰੀਬਾਂ, ਕਿਸਾਨਾਂ ਅਤੇ ਨੌਜਵਾਨਾਂ ਦੇ ਭਲੇ ਲਈ ਅਨੇਕਾਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲਾਭ ਸਿੱਧਾ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਇਸ ਖੁਸ਼ੀ ਦੇ ਮੌਕੇ ‘ਤੇ ਹਰਦੀਪ ਸ਼ਰਮਾ, ਜਸਪਾਲ ਸਿੰਘ ਪੰਜਗਰਾਈਂ, ਗਗਨ ਸੇਠੀ, ਸੁਮਿਤ ਸੁਖੀਜਾ, ਡਾ. ਸੰਜੀਵ ਗੋਇਲ ਸਮੇਤ ਭਾਜਪਾ ਦੇ ਸਾਰੇ ਮੋਰਚਿਆਂ ਦੇ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

