ਸ਼ੇਰ ਸਿੰਘ ਮੰਡ ਅਤੇ ਮਨਤਾਰ ਸਿੰਘ ਬਰਾੜ ਨੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਦਿੱਤਾ ਸੱਦਾ
ਕੋਟਕਪੂਰਾ, 19 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਚਹਿਲ ਵਿਖੇ ਸੁਖਦੇਵ ਸਿੰਘ ਸਰਪੰਚ ਦੇ ਗ੍ਰਹਿ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਮਨਤਾਰ ਸਿੰਘ ਬਰਾੜ (ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ, ਕੋਟਕਪੂਰਾ) ਅਤੇ ਸ਼ੇਰ ਸਿੰਘ ਮੰਡ (ਜ਼ਿਲ੍ਹਾ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ, ਫਰੀਦਕੋਟ) ਦੀ ਸਾਂਝੀ ਅਗਵਾਈ ਹੇਠ ਸੰਪੰਨ ਹੋਇਆ। ਇਸ ਮੌਕੇ ਸਰਕਲ ਚਹਿਲ ਨਾਲ ਸਬੰਧਤ ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਉਹਨਾਂ ਦੇ ਨਿਯੁਕਤੀ ਪੱਤਰ ਤਕਸੀਮ ਕੀਤੇ ਗਏ। ਸਮਾਗਮ ਦੌਰਾਨ ਹਾਜ਼ਰ ਸੀਨੀਅਰ ਆਗੂਆਂ ਨੇ ਸਾਰੇ ਨਵੇਂ ਬਣੇ ਅਹੁਦੇਦਾਰਾਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਫੁੱਲਾਂ ਦੇ ਹਾਰ ਪਾ ਕੇ ਉਹਨਾਂ ਦਾ ਸਨਮਾਨ ਕੀਤਾ। ਇਸ ਸਮੇਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ਼ੇਰ ਸਿੰਘ ਮੰਡ ਅਤੇ ਮਨਤਾਰ ਸਿੰਘ ਬਰਾੜ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਜਮੀਨੀ ਪੱਧਰ ‘ਤੇ ਮਿਹਨਤ ਕਰਨ ਵਾਲੇ ਵਰਕਰਾਂ ਦਾ ਮਾਣ-ਸਤਿਕਾਰ ਕਰਦਾ ਆਇਆ ਹੈ। ਉਹਨਾਂ ਨੇ ਨਵ-ਨਿਯੁਕਤ ਆਗੂਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ, ਆਮ ਲੋਕਾਂ ਨਾਲ ਰਾਬਤਾ ਕਾਇਮ ਕਰਨ ਅਤੇ ਪਾਰਟੀ ਚੜ੍ਹਦੀਕਲਾ ਲਈ ਪੂਰੀ ਤਨਦੇਹੀ, ਇਮਾਨਦਾਰੀ ਤੇ ਇਕਜੁੱਟਤਾ ਨਾਲ ਕੰਮ ਕਰਨ। ਨਵ-ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਹਾਈਕਮਾਂਡ ਅਤੇ ਸਥਾਨਕ ਆਗੂਆਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਉਹਨਾਂ ਨੂੰ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਣਗੇ ਅਤੇ ਹਲਕੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਇੱਕ ਕਰਨਗੇ। ਇਸ ਸਮਾਗਮ ਵਿੱਚ ਪਿੰਡ ਦੇ ਸਰਪੰਚ ਸੁਖਦੇਵ ਸਿੰਘ ਤੋਂ ਇਲਾਵਾ ਸਰਕਲ ਦੇ ਹੋਰ ਸੀਨੀਅਰ ਆਗੂ, ਪੰਚ-ਸਰਪੰਚ ਅਤੇ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸਨ।

