23 ਸਤੰਬਰ ਨੂੰ ਭੋਗ ਉਪਰੰਤ ਸਜੇਗਾ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਹੋਵੇਗੀ
ਫ਼ਰੀਦਕੋਟ, 21 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦੀ ਪਾਵਨ ਯਾਦ ਨੂੰ ਸਮਰਪਿਤ ਬਾਬਾ ਫ਼ਰੀਦ ਆਗਮਨ-ਪੁਰਬ 2026 ਦੇ ਸਮਾਗਮਾਂ ਦੇ ਤੀਜੇ ਦਿਨ ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ, ਫ਼ਰੀਦਕੋਟ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਸੇਖੋਂ ਜੀ ਦੀ ਰਹਿਨੁਮਾਈ ਹੇਠ ਵੱਡੀ ਗਿਣਤੀ ਵਿੱਚ ਸੰਗਤਾਂ ਦੀ ਹਾਜ਼ਰੀ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕੀਤੇ ਗਏ। ਇਸ ਪਾਵਨ ਮੌਕੇ ਗੁਰਦੁਆਰਾ ਸਾਹਿਬ ਦਾ ਸਮੁੱਚਾ ਮਾਹੌਲ ਗੁਰਬਾਣੀ ਦੀਆਂ ਇਲਾਹੀ ਧੁਨਾਂ ਅਤੇ ਸੰਗਤਾਂ ਦੀ ਸ਼ਰਧਾ ਨਾਲ ਰੂਹਾਨੀ ਰੰਗ ਵਿੱਚ ਰੰਗਿਆ ਰਿਹਾ। ਸ. ਸਿਮਰਜੀਤ ਸਿੰਘ ਸੇਖੋਂ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਆਗਮਨ-ਪੁਰਬ ਦੇ ਆਖ਼ਰੀ ਦਿਨ 23 ਸਤੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ। ਭੋਗ ਉਪਰੰਤ ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਜੀ ਤੋਂ ਵਿਸ਼ਾਲ ਨਗਰ ਕੀਰਤਨ ਪੂਰੀ ਸ਼ਰਧਾ ਸਤਿਕਾਰ ਅਤੇ ਧਾਰਮਿਕ ਮਰਿਆਦਾ ਨਾਲ ਸਜਾਇਆ ਜਾਵੇਗਾ। ਇਹ ਵਿਸ਼ਾਲ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਮਾਰਗਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਪਹੁੰਚੇਗਾ, ਜਿੱਥੇ ਇਸ ਦੀ ਸਮਾਪਤੀ ਹੋਵੇਗੀ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਸ਼ਮੂਲੀਅਤ ਕਰਕੇ ਬਾਬਾ ਫ਼ਰੀਦ ਜੀ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਜਾਵੇਗਾ।
ਸ. ਸਿਮਰਜੀਤ ਸਿੰਘ ਸੇਖੋਂ ਜੀ ਨੇ ਕਿਹਾ ਕਿ ਬਾਬਾ ਫ਼ਰੀਦ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਪ੍ਰੇਮ, ਨਿਮਰਤਾ, ਸਬਰ, ਸੇਵਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦੀ ਹੈ। ਆਗਮਨ-ਪੁਰਬ ਦੇ ਇਹ ਸਮਾਗਮ ਬਾਬਾ ਫ਼ਰੀਦ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਉਨ੍ਹਾਂ ਵੱਲੋਂ ਦਰਸਾਏ ਮਨੁੱਖਤਾ ਦੇ ਮਾਰਗ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਪਵਿੱਤਰ ਉਪਰਾਲਾ ਹਨ। ਉਨ੍ਹਾਂ ਸਮੂਹ ਸੰਗਤਾਂ ਨੂੰ 23 ਸਤੰਬਰ ਦੇ ਸਮਾਗਮਾਂ ਅਤੇ ਵਿਸ਼ਾਲ ਨਗਰ ਕੀਰਤਨ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਪਾਵਨ ਮੌਕੇ ਸ. ਚਰਨਜੀਤ ਸਿੰਘ ਸੇਖੋਂ, ਸ. ਸੁਰਿੰਦਰ ਸਿੰਘ ਰੋਮਾਣਾ, ਸ. ਦੀਪਇੰਦਰ ਸਿੰਘ ਸੇਖੋਂ, ਸ. ਗੁਰਜਾਪ ਸਿੰਘ ਸੇਖੋਂ, ਰਾਜਪਾਲ ਕੌਰ ਸੇਖੋਂ, ਡਾ. ਗੁਰਇੰਦਰ ਮੋਹਨ ਸਿੰਘ, ਸ. ਕੁਲਜੀਤ ਸਿੰਘ ਮੌਗੀਆਂ, ਅਤੇ ਸ. ਨਰਿੰਦਰ ਪਾਲ ਸਿੰਘ ਬਰਾੜ ਸਮੇਤ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

