ਕੋਟਕਪੂਰਾ, 22 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਦੇ ਵਿਕਾਸ ਕਾਰਜਾਂ ਅਤੇ ਜਨ-ਹਿੱਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਲੋਕ ਇੱਕ ਵਾਰ ਫਿਰ ਪਾਰਟੀ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੋਸ਼ਲ ਮੀਡੀਆ ਕੋਆਰਡੀਨੇਟਰ (ਹਲਕਾ ਕੋਟਕਪੂਰਾ) ਜਸਵਿੰਦਰ ਸਿੰਘ ਬੱਬੂ ਨੇ ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕੀਤਾ। ਜਸਵਿੰਦਰ ਸਿੰਘ ਬੱਬੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਇਤਿਹਾਸਕ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਆਮ ਆਦਮੀ ਕਲੀਨਿਕ, ਮੁਫ਼ਤ ਬਿਜਲੀ, ਨੌਜਵਾਨਾਂ ਲਈ ਪਾਰਦਰਸ਼ੀ ਤਰੀਕੇ ਨਾਲ ਵੱਖ ਵੱਖ ਵਿਭਾਗਾਂ ਵਿਚ ਸਰਕਾਰੀ ਨੌਕਰੀਆਂ ਅਤੇ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਜੋ ਸੁਧਾਰ ਕੀਤੇ ਹਨ, ਉਨ੍ਹਾਂ ਦੀ ਮਿਸਾਲ ਪਹਿਲੀਆਂ ਸਰਕਾਰਾਂ ਦੇ ਸਮੇਂ ਨਹੀਂ ਮਿਲਦੀ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੀਆਂ ਇਨ੍ਹਾਂ ਲੋਕ-ਪੱਖੀ ਨੀਤੀਆਂ ਅਤੇ ਇਮਾਨਦਾਰ ਸ਼ਾਸਨ ਪ੍ਰਸ਼ਾਸਨ ਦੇ ਬਲਬੂਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੁਬਾਰਾ ਫਿਰ ਵੱਡੀ ਜਿੱਤ ਦਰਜ ਕਰਕੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ। ਬੱਬੂ ਨੇ ਕਿਹਾ ਕਿ ਵਿਰੋਧੀ ਧਿਰਾਂ ਕੋਲ ਕੋਈ ਮੁੱਦਾ ਨਹੀਂ ਬਚਿਆ ਹੈ ਅਤੇ ਪੰਜਾਬ ਦੀ ਜਨਤਾ ਵਿਰੋਧੀਆਂ ਦੇ ਗੁੰਮਰਾਹਕੁੰਨ ਪ੍ਰਚਾਰ ਨੂੰ ਨਕਾਰ ਕੇ ‘ਆਪ’ ਸਰਕਾਰ ਦੇ ਵਿਕਾਸ ਕਾਰਜਾਂ ‘ਤੇ ਹੀ ਮੁਹਰ ਲਗਾਏਗੀ।

