ਫ਼ਰੀਦਕੋਟ, 26 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬਾਬਾ ਸ਼ੇਖ ਫ਼ਰੀਦ ਜੀ ਦੀ ਚਰਨ-ਛੋਹ ਪ੍ਰਾਪਤ ਪਵਿੱਤਰ ਧਰਤੀ ਫ਼ਰੀਦਕੋਟ ਵਿਖੇ ਸਥਿਤ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਆਗੂ ਹੌਬੀ ਧਾਲੀਵਾਲ, ਫਤਿਹਗੰਜ ਸਿੰਘ ਬਾਜਵਾ ਅਤੇ ਭਾਜਪਾ ਦੇ ਫ਼ਰੀਦਕੋਟ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਬਰਾੜ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਦਿਆਂ ਬਾਬਾ ਫ਼ਰੀਦ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਬਾਬਾ ਫ਼ਰੀਦ ਜੀ ਦੀਆਂ ਸਿੱਖਿਆਵਾਂ, ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਧਾਰਮਿਕ, ਵਿੱਦਿਅਕ ਅਤੇ ਸਮਾਜਸੇਵੀ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਟਿੱਲਾ ਬਾਬਾ ਫ਼ਰੀਦ ਜੀ ਦੇ ਹੈੱਡ ਗ੍ਰੰਥੀ ਸਾਹਿਬ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਸੰਸਥਾਪਕ ਸਵ. ਇੰਦਰਜੀਤ ਸਿੰਘ ਖ਼ਾਲਸਾ ਜੀ ਵੱਲੋਂ ਬਾਬਾ ਫ਼ਰੀਦ ਜੀ ਅਤੇ ਫ਼ਰੀਦਕੋਟ ਦੇ ਇਤਿਹਾਸ ਸਬੰਧੀ ਲਿਖੀਆਂ ਗਈਆਂ ਪੁਸਤਕਾਂ ਵੀ ਸਤਿਕਾਰ ਵਜੋਂ ਭੇਟ ਕੀਤੀਆਂ ਗਈਆਂ। ਆਏ ਹੋਏ ਮਹਿਮਾਨਾਂ ਨੇ ਟਿੱਲਾ ਬਾਬਾ ਫ਼ਰੀਦ ਜੀ ਦੇ ਪਵਿੱਤਰ ਅਸਥਾਨ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕਰਦਿਆਂ ਬਾਬਾ ਫ਼ਰੀਦ ਜੀ ਦੀਆਂ ਮਨੁੱਖਤਾ, ਪ੍ਰੇਮ, ਨਿਮਰਤਾ ਅਤੇ ਆਪਸੀ ਭਾਈਚਾਰੇ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ। ਇਸ ਸਮੇਂ ਬਾਬਾ ਫਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਮੈਂਬਰ ਚਰਨਜੀਤ ਸਿੰਘ ਸੇਖੋਂ, ਸੁਰਿੰਦਰ ਸਿੰਘ ਰੋਮਾਣਾ, ਦੀਪਿੰਦਰ ਸਿੰਘ ਸੇਖੋਂ, ਗੁਰਜਾਪ ਸਿੰਘ ਸੇਖੋਂ, ਡਾ. ਗੁਰਿੰਦਰਮੋਹਨ ਸਿੰਘ, ਕੁਲਜੀਤ ਸਿੰਘ ਮੌਗੀਆ ਅਤੇ ਨਰਿੰਦਰਪਾਲ ਸਿੰਘ ਬਰਾੜ ਹਾਜ਼ਰ ਸਨ।

