*ਹਲਕਾ ਪਾਇਲ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਲਗਾਤਾਰ ਜਾਰੀ: ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ*
ਪਾਇਲ, ਲੁਧਿਆਣਾ, 27 ਸਤੰਬਰ:(ਵਰਲਡ ਪੰਜਾਬੀ ਟਾਈਮਜ਼)
ਹਲਕਾ ਪਾਇਲ ਦੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਗੁਰਦਿੱਤਪੁਰਾ ਵਿਖੇ ਐਸ.ਸੀ. ਧਰਮਸ਼ਾਲਾ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਲਗਾਈਆਂ ਗਈਆਂ ਇੰਟਰਲਾਕ ਟਾਈਲਾਂ ਦੇ ਵਿਕਾਸ ਕਾਰਜ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਦਾ ਧੰਨਵਾਦ ਕਰਦਿਆਂ ਇਲਾਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ ਗਈ।
ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਹਲਕਾ ਪਾਇਲ ਅੰਦਰ ਵਿਕਾਸ ਕਾਰਜਾਂ ਦੀ ਰਫ਼ਤਾਰ ਲਗਾਤਾਰ ਜਾਰੀ ਹੈ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਲੋੜ ਅਨੁਸਾਰ ਵੱਖ-ਵੱਖ ਵਿਕਾਸ ਪ੍ਰੋਜੈਕਟ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਧਰਮਸ਼ਾਲਾਵਾਂ ਪਿੰਡਾਂ ਦੇ ਸਮਾਜਿਕ ਜੀਵਨ ਦਾ ਅਹਿਮ ਹਿੱਸਾ ਹਨ, ਜਿੱਥੇ ਲੋਕ ਸਾਂਝੇ ਸਮਾਗਮ ਅਤੇ ਸਮਾਜਿਕ ਗਤੀਵਿਧੀਆਂ ਕਰਦੇ ਹਨ। ਐਸ.ਸੀ. ਧਰਮਸ਼ਾਲਾ ਵਿੱਚ ਇੰਟਰਲਾਕ ਟਾਈਲਾਂ ਲਗਾਏ ਜਾਣ ਨਾਲ ਇੱਥੇ ਆਉਣ ਵਾਲੇ ਲੋਕਾਂ ਨੂੰ ਬਿਹਤਰ ਸਹੂਲਤ ਮਿਲੇਗੀ ਅਤੇ ਧਰਮਸ਼ਾਲਾ ਦੇ ਆਲੇ-ਦੁਆਲੇ ਦਾ ਵਾਤਾਵਰਣ ਵੀ ਸੁਚੱਜਾ ਬਣੇਗਾ।
ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਲੋਕਾਂ ਵੱਲੋਂ ਦਰਸਾਈਆਂ ਜਾ ਰਹੀਆਂ ਜ਼ਰੂਰਤਾਂ ਅਤੇ ਸਥਾਨਕ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸੜਕਾਂ, ਗਲੀਆਂ-ਨਾਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕੰਮਾਂ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਨਾਲ-ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਰਕਾਰੀ ਫੰਡਾਂ ਦੀ ਸਹੀ ਵਰਤੋਂ ਹੋਵੇ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲੇ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਹਲਕੇ ਦੇ ਵਿਕਾਸ ਲਈ ਭਵਿੱਖ ਵਿੱਚ ਵੀ ਲੋੜੀਂਦੇ ਕਦਮ ਲਗਾਤਾਰ ਚੁੱਕੇ ਜਾਣਗੇ।

