ਕੋਟਕਪੂਰਾ, 28 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਸੰਗਠਨਾਤਮਕ ਢਾਂਚੇ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਅੱਜ ਪਿੰਡ ਸੰਧਵਾਂ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਕੋਟਕਪੂਰਾ ਸ. ਮਨਤਾਰ ਸਿੰਘ ਬਰਾੜ ਅਤੇ ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਫਰੀਦਕੋਟ ਦੇ ਪ੍ਰਧਾਨ ਜਥੇਦਾਰ ਸ਼ੇਰ ਸਿੰਘ ਮੰਡ ਦੀ ਸਾਂਝੀ ਅਗਵਾਈ ਹੇਠ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚੜ੍ਹਿਆ। ਇਸ ਸਮਾਗਮ ਦੌਰਾਨ ਸਰਕਲ ਕੋਟਕਪੂਰਾ ਦਿਹਾਤੀ ਨਾਲ ਸਬੰਧਤ ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਦੇ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਹਾਜ਼ਰ ਵਰਕਰਾਂ ਤੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਮਨਤਾਰ ਸਿੰਘ ਬਰਾੜ ਅਤੇ ਜਥੇਦਾਰ ਸ਼ੇਰ ਸਿੰਘ ਮੰਡ ਨੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਦੇ ਵਰਕਰ ਹੀ ਸ਼੍ਰੋਮਣੀ ਅਕਾਲੀ ਦਲ ਦੀ ਅਸਲ ਤਾਕਤ ਹਨ। ਉਨ੍ਹਾਂ ਨੇ ਨਵੇਂ ਅਹੁਦੇਦਾਰਾਂ ਨੂੰ ਪ੍ਰੇਰਿਤ ਕਰਦਿਆਂ ਆਖਿਆ ਕਿ ਉਹ ਪੰਜਾਬ, ਪੰਜਾਬੀਅਤ ਅਤੇ ਪਾਰਟੀ ਦੀ ਚੜ੍ਹਦੀਕਲਾ ਲਈ ਪੂਰੀ ਤਨਦੇਹੀ, ਇਮਾਨਦਾਰੀ ਅਤੇ ਇਕਜੁੱਟਤਾ ਨਾਲ ਕੰਮ ਕਰਨ। ਉਨ੍ਹਾਂ ਉਮੀਦ ਜਤਾਈ ਕਿ ਨਵੀਂ ਟੀਮ ਸਰਕਲ ਕੋਟਕਪੂਰਾ ਦਿਹਾਤੀ ਵਿੱਚ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਵੇਲੇ ਤਤਪਰ ਰਹੇਗੀ। ਇਸ ਸਮਾਗਮ ਵਿੱਚ ਸਥਾਨਕ ਅਕਾਲੀ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਸ਼ਿਰਕਤ ਕੀਤੀ ਅਤੇ ਨਵੇਂ ਬਣੇ ਅਹੁਦੇਦਾਰਾਂ ਦਾ ਮੁੱਖ ਆਗੂਆਂ ਵੱਲੋਂ ਮੂੰਹ ਮਿੱਠਾ ਕਰਵਾ ਕੇ ਸਨਮਾਨ ਕੀਤਾ ਗਿਆ।

